ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ

ਹਰਮੇਲ ਸਾਗਰ, ਪੰਜਾਬੀ ਜਾਗਰਣ, ਭੁੱਚੋ ਮੰਡੀ : ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਮੈਗਾ ਮਾਪੇ-ਅਧਿਆਪਕ ਮਿਲਣੀ ਦਾ ਆਯੋਜਨ ਉਤਸ਼ਾਹ ਅਤੇ ਸਫ਼ਲਤਾ ਨਾਲ ਕੀਤਾ ਗਿਆ। ਇਸ ਮੌਕੇ ਸਕੂਲ ਦੇ ਵਿਿਦਆਰਥੀਆਂ ਦੇ ਮਾਪਿਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਅਤੇ ਆਪਣੇ ਬੱਚਿਆਂ ਦੀ ਪੜ੍ਹਾਈ, ਅਨੁਸ਼ਾਸਨ ਅਤੇ ਹੋਰ ਗਤੀਵਿਧੀਆਂ ਬਾਰੇ ਅਧਿਆਪਕਾਂ ਨਾਲ ਵਿਚਾਰ ਵਟਾਂਦਰਾ ਕੀਤਾ। ਸਕੂਲ ਦੇ ਮੁਖੀ ਦਵਿੰਦਰ ਪਾਲ ਬਾਵਾ ਦੀ ਅਗਵਾਈ ਹੇਠ ਕਰਵਾਈ। ਇਸ ਮਿਲਣੀ ਦੌਰਾਨ ਅਧਿਆਪਕਾਂ ਨੇ ਮਾਪਿਆਂ ਨੂੰ ਬੱਚਿਆਂ ਦੀ ਅਕਾਦਮਿਕ ਪ੍ਰਗਤੀ, ਹਾਜ਼ਰੀ, ਪ੍ਰੀਖਿਆ ਨਤੀਜਿਆਂ ਅਤੇ ਸਕੂਲ ਵਿੱਚ ਕੀਤੀਆਂ ਜਾ ਰਹੀਆਂ ਵੱਖ-ਵੱਖ ਗਤੀਵਿਧੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਮਾਪਿਆਂ ਨੇ ਵੀ ਆਪਣੇ ਸੁਝਾਅ ਸਾਂਝੇ ਕੀਤੇ ਅਤੇ ਸਕੂਲ ਵੱਲੋਂ ਬੱਚਿਆਂ ਦੀ ਬਿਹਤਰੀ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਹਲਕਾ ਵਿਧਾਇਕ (ਭੁੱਚੋ ਮੰਡੀ) ਜਗਸੀਰ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਉਨ੍ਹਾਂ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਸਿੱਖਿਆ ਦੀ ਮਹੱਤਤਾ ਬਾਰੇ ਚਾਨਣਾ ਪਾਇਆ ਅਤੇ ਬੱਚਿਆਂ ਨੂੰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸਕੂਲ, ਮਾਪੇ ਤੇ ਅਧਿਆਪਕ ਮਿਲ ਕੇ ਹੀ ਬੱਚਿਆਂ ਦਾ ਭਵਿੱਖ ਰੌਸ਼ਨ ਕਰ ਸਕਦੇ ਹਨ। ਸਿੱਖਿਆ ਵਿਭਾਗ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੈਗਾ ਮਾਪੇ-ਅਧਿਆਪਕ ਮਿਲਣੀ ਦਾ ਮੁੱਖ ਉਦੇਸ਼ ਮਾਪਿਆਂ ਨੂੰ ਸਕੂਲ ਸਿੱਖਿਆ ਨਾਲ ਹੋਰ ਨੇੜੇ ਜੋੜਨਾ, ਸਰਕਾਰੀ ਸਕੂਲਾਂ ਵਿੱਚ ਹੋ ਰਹੇ ਗੁਣਾਤਮਕ ਸੁਧਾਰਾਂ ਬਾਰੇ ਜਾਣੂ ਕਰਵਾਉਣਾ ਅਤੇ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਅਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਪ੍ਰੇਰਿਤ ਕਰਨਾ ਹੈ। ਇਸ ਤੋਂ ਇਲਾਵਾ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਿਦਆਰਥੀਆਂ, ਜੇਈਈ, ਨੀਟ, ਕਲੈਟ ਤੇ ਹੋਰ ਪ੍ਰਤੀਯੋਗੀ ਪ੍ਰੀਖਿਆਵਾਂ ਦੀ ਤਿਆਰੀ ਕਰ ਰਹੇ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨਾ ਵੀ ਇਸ ਮਿਲਣੀ ਦਾ ਮਹੱਤਵਪੂਰਨ ਉਦੇਸ਼ ਰਿਹਾ। ਮਾਪਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਉਪਲਬਧ ਆਧੁਨਿਕ ਸਹੂਲਤਾਂ, ਸਮਾਰਟ ਕਲਾਸਰੂਮ, ਲੈਬਾਂ ਤੇ ਵਿਦਿਆਰਥੀ ਭਲਾਈ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ। ਮਿਲਣੀ ਦੌਰਾਨ ਅਧਿਆਪਕਾਂ ਦੀ ਸ਼ਾਨਦਾਰ ਕਾਰਜਕਾਰੀ ਅਤੇ ਸਿੱਖਿਆ ਖੇਤਰ ਵਿੱਚ ਉਨ੍ਹਾਂ ਦੇ ਯੋਗਦਾਨ ਦੀ ਪ੍ਰਸ਼ੰਸਾ ਕਰਦਿਆਂ ਜਗਸੀਰ ਸਿੰਘ ਵੱਲੋਂ ਅਧਿਆਪਕਾਂ ਨੂੰ ਸਨਮਾਨ ਸਰੂਪ ਸਰਟੀਫਿਕੇਟ ਵੀ ਵੰਡੇ ਗਏ। ਇਸ ਨਾਲ ਅਧਿਆਪਕਾਂ ਦਾ ਮਨੋਬਲ ਹੋਰ ਵਧਿਆ ਅਤੇ ਉਨ੍ਹਾਂ ਨੂੰ ਭਵਿੱਖ ਵਿੱਚ ਵੀ ਹੋਰ ਵਧੀਆ ਕੰਮ ਕਰਨ ਲਈ ਪ੍ਰੇਰਣਾ ਮਿਲੀ। ਇੰਟਰਨਸ਼ਿਪ ਪ੍ਰੋਗਰਾਮ ਤਹਿਤ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਵੀ ਇੰਟਰਨਸ਼ਿਪ ਸਰਟੀਫਿਕੇਟ ਵੰਡੇ ਗਏ। ਇਹ ਸਰਟੀਫਿਕੇਟ ਵੀ ਸ੍ਰੀ ਜਗਸੀਰ ਸਿੰਘ ਵੱਲੋਂ ਵਿਦਿਆਰਥੀਆਂ ਨੂੰ ਪ੍ਰਦਾਨ ਕੀਤੇ ਗਏ। ਵਿਦਿਆਰਥੀਆਂ ਨੇ ਖੁਸ਼ੀ ਪ੍ਰਗਟਾਉਂਦਿਆਂ ਕਿਹਾ ਕਿ ਅਜਿਹੇ ਸਨਮਾਨ ਉਨ੍ਹਾਂ ਨੂੰ ਹੋਰ ਮਿਹਨਤ ਕਰਨ ਅਤੇ ਆਪਣੇ ਜੀਵਨ ਵਿੱਚ ਉੱਚੀਆਂ ਮੰਜ਼ਿਲਾਂ ਹਾਸਲ ਕਰਨ ਲਈ ਪ੍ਰੇਰਿਤ ਕਰਦੇ ਹਨ। ਇਸ ਸਮੇਂ ਮਾਪੇ ਵਰਕਸ਼ਾਪ ਰਾਹੀਂ ਸਿੱਖਿਆ ਦਾ ਮਹਾਂ ਜਸ਼ਨ ਮਨਾਇਆ ਗਿਆ। ਮਾਪੇ ਅਧਿਆਪਕ ਮਿਲਣੀ ਵਿੱਚ ਅੰਗਰੇਜ਼ੀ ਵਿਸ਼ੇ ਦੇ ਪ੍ਰੋਗਰਾਮ ਵੀ ਕਰਵਾਇਆ ਗਿਆ, ਜਿਸ ਵਿੱਚ ਬੱਚਿਆਂ ਨੂੰ ਅੰਗਰੇਜ਼ੀ ਵਧੀਆ ਢੰਗ ਨਾਲ ਪੜ੍ਹਨ ਲਈ ਪ੍ਰੇਰਿਤ ਕੀਤਾ ਗਿਆ ਅਤੇ ਚੰਗਾ ਕੰਮ ਕਰਨ ਵਾਲੇ ਬੱਚਿਆਂ ਦਾ ਸਨਮਾਨ ਵੀ ਕੀਤਾ ਗਿਆ। ਇਸ ਸਮੇਂ ਸਕੂਲ ਲਾਇਬਰੇਰੀ ਵਿੱਚ ਕਿਤਾਬਾਂ ਦਾ ਲੰਗਰ ਵੀ ਲਾਇਆ ਗਿਆ। ਅੰਤ ਵਿੱਚ ਸਕੂਲ ਮੁਖੀ ਦਵਿੰਦਰ ਪਾਲ ਬਾਵਾ ਨੇ ਸਮੂਹ ਮਾਪਿਆਂ, ਮਹਿਮਾਨਾਂ ਅਤੇ ਅਧਿਆਪਕਾਂ ਦਾ ਧੰਨਵਾਦ ਕੀਤਾ ਅਤੇ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਸਾਂਝੇ ਉਪਰਾਲਿਆਂ ਰਾਹੀਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਕੰਮ ਕਰਨ ਦਾ ਵਿਸ਼ਵਾਸ ਦਿਵਾਇਆ। ਮੈਗਾ ਮਾਪੇ-ਅਧਿਆਪਕ ਮਿਲਣੀ ਨੇ ਸਕੂਲ, ਮਾਪਿਆਂ ਅਤੇ ਵਿਦਿਆਰਥੀਆਂ ਵਿਚਕਾਰ ਆਪਸੀ ਤਾਲਮੇਲ ਨੂੰ ਹੋਰ ਮਜ਼ਬੂਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ।