ਬਠਿੰਡਾ ਨਗਰ ਨਿਗਮ ਚੋਣਾਂ ਲਈ ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੇ ਐਲਾਨ ਤੋਂ ਬਾਅਦ ਪਾਰਟੀ ਅੰਦਰ ਪੈਦਾ ਹੋਈ ਨਰਾਜ਼ਗੀ ਖੁੱਲ੍ਹ ਕੇ ਸਾਹਮਣੇ ਆਉਣੀ ਸ਼ੁਰੂ ਹੋ ਗਈ ਹੈ। ਬਠਿੰਡਾ ਸ਼ਹਿਰੀ ਹਲਕੇ ਤੋਂ ਵਿਧਾਇਕ ਜਗਰੂਪ ਸਿੰਘ ਗਿੱਲ ਨੇ ਟਿਕਟਾਂ ਦੀ ਵੰਡ ’ਤੇ ਗੰਭੀਰ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਉਮੀਦਵਾਰਾਂ ਦੀ ਚੋਣ ਲਈ ਬਣਾਈ ਗਈ ਕਮੇਟੀ ਦੀ ਇਕ ਵੀ ਮੀਟਿੰਗ ਨਹੀਂ ਬੁਲਾਈ ਗਈ

ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ, ਬਠਿੰਡਾ : ਬਠਿੰਡਾ ਨਗਰ ਨਿਗਮ ਚੋਣਾਂ ਲਈ ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੇ ਐਲਾਨ ਤੋਂ ਬਾਅਦ ਪਾਰਟੀ ਅੰਦਰ ਪੈਦਾ ਹੋਈ ਨਰਾਜ਼ਗੀ ਖੁੱਲ੍ਹ ਕੇ ਸਾਹਮਣੇ ਆਉਣੀ ਸ਼ੁਰੂ ਹੋ ਗਈ ਹੈ। ਬਠਿੰਡਾ ਸ਼ਹਿਰੀ ਹਲਕੇ ਤੋਂ ਵਿਧਾਇਕ ਜਗਰੂਪ ਸਿੰਘ ਗਿੱਲ ਨੇ ਟਿਕਟਾਂ ਦੀ ਵੰਡ ’ਤੇ ਗੰਭੀਰ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਉਮੀਦਵਾਰਾਂ ਦੀ ਚੋਣ ਲਈ ਬਣਾਈ ਗਈ ਕਮੇਟੀ ਦੀ ਇਕ ਵੀ ਮੀਟਿੰਗ ਨਹੀਂ ਬੁਲਾਈ ਗਈ। ਉਨ੍ਹਾਂ ਕਿਹਾ ਕਿ ਜੇਕਰ ਕਮੇਟੀ ਨਾਲ ਕੋਈ ਸਲਾਹ-ਮਸ਼ਵਰਾ ਹੀ ਨਹੀਂ ਕਰਨਾ ਸੀ ਤਾਂ ਫਿਰ ਕਮੇਟੀ ਬਣਾਉਣ ਦਾ ਕੀ ਮਤਲਬ ਸੀ। ਉਨ੍ਹਾਂ ਕਿਹਾ ਕਿ ਜਦੋਂ ਕਮੇਟੀ ਦੇ ਮੁਖੀ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਈਡੀ ਨੇ ਗ੍ਰਿਫ਼ਤਾਰ ਕਰ ਲਿਆ ਤਾਂ ਪਾਰਟੀ ਦਾ ਸੁਨੇਹਾ ਆਇਆ ਕਿ ਕੈਬਨਿਟ ਮੰਤਰੀ ਬਲਜੀਤ ਕੌਰ ਕਮੇਟੀ ਦੇ ਮੁਖੀ ਹੋਣਗੇ, ਪਰ ਟਿਕਟਾਂ ਦੀ ਵੰਡ ਲਈ ਕਮੇਟੀ ਦੀ ਮੀਟਿੰਗ ਹੀ ਨਹੀਂ ਹੋਈ। ਦੂਜੇ ਪਾਸੇ ਵਿਧਾਇਕ ਦੇ ਭਾਣਜੇ ਸੁਖਦੀਪ ਸਿੰਘ ਨੂੰ ਦਿੱਤੀ ਟਿਕਟ ਵੀ ਉਨ੍ਹਾਂ ਵਾਪਸ ਕਰਦਿਆਂ ਚੋਣ ਨਾਂ ਲੜਨ ਦਾ ਐਲਾਨ ਕਰ ਦਿੱਤਾ। ਉਨ੍ਹਾਂ ਕਿਹਾ ਕਿ ਉਮੀਦਵਾਰਾਂ ਦੇ ਐਲਾਨ ਨਾਲ ਉਨ੍ਹਾਂ ਬੇਹੱਦ ਹੈਰਾਨੀ ਹੋਈ ਹੈ। ਉਨ੍ਹਾਂ ਕਿਹਾ ਕਿ ਬਹੁਤੇ ਅਜਿਹੇ ਲੋਕਾਂ ਨੂੰ ਟਿਕਟ ਦਿੱਤੀ ਗਈ ਹੈ, ਜਿਹੜੇ ਕਾਂਗਰਸ ਤੋਂ ਐਮਸੀ ਬਣੇ ਅਤੇ ਬਾਅਦ ਮੇਅਰ ਦੀ ਚੋਣ ਸਮੇਂ ਇੱਧਰ ਆ ਗਏ, ਜਿੰਨ੍ਹਾਂ ਦੇ ਕਈ ਕਿਸਮ ਦੇ ਦੋਸ਼ ਲੱਗੇ ਹਨ, ਪਰ ਉਨ੍ਹਾਂ ਦੇ ਨਾਮ ਵੀ ਸੂਚੀ ਵਿਚ ਦਰਜ ਹਨ। ਵਿਧਾਇਕ ਗਿੱਲ ਨੇ ਕਿਹਾ ਕਿ ਨਗਰ ਨਿਗਮ ਚੋਣਾਂ ਲਈ ਉਨ੍ਹਾਂ ਕੋਲ 77 ਉਮੀਦਵਾਰਾਂ ਦੀਆਂ ਅਰਜ਼ੀਆਂ ਆਈਆਂ ਸਨ, ਜਿਨ੍ਹਾਂ ਵਿੱਚ ਪਾਰਟੀ ਦੇ ਸਰਗਰਮ ਵਰਕਰ ਅਤੇ ਲੰਬੇ ਸਮੇਂ ਤੋਂ ਕੰਮ ਕਰ ਰਹੇ ਬਲਾਕ, ਵਾਰਡ ਪ੍ਰਧਾਨ ਅਤੇ ਸੂਬਾ ਆਗੂ ਸ਼ਾਮਲ ਸਨ। ਪਰ ਇਸਦੇ ਬਾਵਜੂਦ ਕਿਸੇ ਨੂੰ ਟਿਕਟ ਨਹੀ ਦਿੱਤੀ, ਜਿਸ ਕਾਰਨ ਵਰਕਰਾਂ ਵਿੱਚ ਭਾਰੀ ਨਿਰਾਸ਼ਾ ਪਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਦੇ ਭਾਣਜੇ ਸੁਖਦੀਪ ਸਿੰਘ ਨੂੰ ਵਾਰਡ ਨੰਬਰ 17 ਤੋਂ ਟਿਕਟ ਦਿੱਤੀ ਗਈ, ਪਰ ਵਲੰਟੀਅਰਾਂ ਤੇ ਆਗੂਆਂ ਨਾਲ ਖੜ੍ਹੇ ਹੋਣ ਕਾਰਨ ਉਹ ਚੋਣ ਨਹੀਂ ਲੜਨਗੇ। ਗਿੱਲ ਨੇ ਕਿਹਾ ਕਿ ਇਹ ਮਾਮਲਾ ਕਿਸੇ ਵਿਅਕਤੀ ਵਿਸ਼ੇਸ਼ ਦੀ ਟਿਕਟ ਦਾ ਨਹੀਂ, ਸਗੋਂ ਪਾਰਟੀ ਦੇ ਅੰਦਰ ਲੋਕਤੰਤਰ ਅਤੇ ਵਰਕਰਾਂ ਦੇ ਸਨਮਾਨ ਦਾ ਹੈ। ਵਿਧਾਇਕ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇਸ਼ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ “ਡਿਕਟੇਟਰਸ਼ਿਪ” ਖਿਲਾਫ਼ ਲੜਾਈ ਲੜ ਰਹੀ ਹੈ, ਪਰ ਬਠਿੰਡਾ ਵਿੱਚ ਪਾਰਟੀ ਨੇ ਪੂਰਾ ਸ਼ਹਿਰ ਇਕ ਹੀ ਵਿਅਕਤੀ ਦੀ ਡਿਕਟੇਟਰਸ਼ਿਪ ਹਵਾਲੇ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦਾ ਇਹ ਫੈਸਲਾ ਹੈਰਾਨੀ ਭਰਿਆ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੇ ਪੰਜਾਬ ਇੰਚਾਰਜ਼ ਮੁਨੀਸ਼ ਸੁਸੋਦੀਆ ਨੇ ਉਨ੍ਹਾਂ ਨੂੰ ਜਿੱਤਣ ਵਾਲੇ ਚੰਗੇ ਆਗੂਆਂ ਨੂੰ ਪਾਰਟੀ ਵਿਚ ਸ਼ਾਮਲ ਕਰਨ ਅਤੇ ਟਿਕਟ ਦੇਣ ਦਾ ਭਰੋਸਾ ਦਿੱਤਾ ਸੀ, ਜਿਸ ਤੋਂ ਬਾਅਦ ਉਹ ਕਾਂਗਰਸੀ ਆਗੂ ਤੇ ਕੌਂਸਲਰ ਰਹੇ ਜਸਵੀਰ ਜੱਸਾ ਨੂੰ ਆਪ ਵਿਚ ਸ਼ਾਮਲ ਕੀਤਾ ਗਿਆ ਸੀ, ਪਰ ਉਨ੍ਹਾਂ ਦੀ ਟਿਕਟ ਵੀ ਕੱਟ ਦਿੱਤੀ ਗਈ। ਉਨ੍ਹਾਂ ਕਿਹਾ ਟਿਕਟਾਂ ਦੀ ਵੰਡ ਸਹੀ ਨਾਂ ਹੋਣ ਕਾਰਨ ਆਉਣ ਵਾਲੇ ਸਮੇਂ ਵਿਚ ਪਾਰਟੀ ਦਾ ਨੁਕਸਾਨ ਹੋ ਸਕਦਾ ਹੈ। ਗਿੱਲ ਨੇ ਕਿਹਾ ਕਿ ਟਿਕਟਾਂ ਦੀ ਵੰਡ ਦੇਖ ਕੇ ਉਹ ਖੁਦ ਬਹੁਤ ਹੈਰਾਨ ਹੋਏ ਹਨ। ਗਿੱਲ ਨੇ ਸਪੱਸ਼ਟ ਕੀਤਾ ਕਿ ਉਹ ਪਾਰਟੀ ਦੇ ਸਿਪਾਹੀ ਹਨ ਅਤੇ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਦੇ ਰਹਿਣਗੇ, ਪਰ ਟਿਕਟਾਂ ਦੀ ਵੰਡ ਦੇ ਮਾਮਲੇ ਵਿੱਚ ਜੋ ਕੁਝ ਹੋਇਆ ਹੈ, ਉਸ ਬਾਰੇ ਆਪਣੀ ਗੱਲ ਰੱਖਣਾ ਉਨ੍ਹਾਂ ਦਾ ਫ਼ਰਜ਼ ਹੈ। ਰਾਜਨੀਤਕ ਮਾਹਿਰਾਂ ਦਾ ਮੰਨਣਾ ਹੈ ਕਿ ਵਿਧਾਇਕ ਜਗਰੂਪ ਗਿੱਲ ਦੇ ਇਸ ਬਿਆਨ ਤੋਂ ਬਾਅਦ ਬਠਿੰਡਾ ਦੀ ਸਿਆਸਤ ਵਿੱਚ ਨਵੀਂ ਚਰਚਾ ਸ਼ੁਰੂ ਹੋ ਗਈ ਹੈ।