ਵਿਧਾਇਕ ਬਣਾਂਵਾਲੀ ਨੇ ਸਰਦੂਲੇਵਾਲਾ ’ਚ ਖੇਡ ਮੈਦਾਨ ਕੀਤਾ ਲੋਕ ਅਰਪਣ
ਪੰਜਾਬ ਨੂੰ ਮੁੜ ‘ਖੇਡਾਂ ਦੀ ਨਰਸਰੀ’ ਬਣਾਉਣ
Publish Date: Tue, 05 May 2026 05:25 PM (IST)
Updated Date: Wed, 06 May 2026 04:06 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸਰਦੂਲਗੜ੍ਹ : ਪੰਜਾਬ ਨੂੰ ਮੁੜ ‘ਖੇਡਾਂ ਦੀ ਨਰਸਰੀ’ ਬਣਾਉਣ ਅਤੇ ਬੱਚਿਆਂ ਤੇ ਨੌਜਵਾਨਾਂ ਨੂੰ ਖੇਡ ਮੈਦਾਨਾਂ ਨਾਲ ਜੋੜਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿੱਢੀ ਮੁਹਿੰਮ ਤਹਿਤ ਹਲਕਾ ਸਰਦੂਲਗੜ੍ਹ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਪਿੰਡ ਸਰਦੂਲੇਵਾਲਾ ਵਿਖੇ 32.59 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਅਤਿ ਆਧੁਨਿਕ ਖੇਡ ਮੈਦਾਨ ਦਾ ਉਦਘਾਟਨ ਕੀਤਾ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਬਣਾਂਵਾਲੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ 15 ਜੁਲਾਈ ਤੱਕ 3100 ਖੇਡ ਮੈਦਾਨ ਬਣਾਉਣ ਦਾ ਟੀਚਾ ਮਿੱਥਿਆ ਗਿਆ ਹੈ। ਉਨ੍ਹਾਂ ਕਿਹਾ ਕਿ ਅੱਜ ਇਸੇ ਕੜੀ ਦੇ ਪਹਿਲੇ ਪੜਾਅ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਭਰ ਵਿੱਚ 250 ਖੇਡ ਮੈਦਾਨ ਲੋਕਾਂ ਨੂੰ ਸਮਰਪਿਤ ਕੀਤੇ ਗਏ ਹਨ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਲੜੀ ਤਹਿਤ ਇਹਨਾਂ ਖੇਡ ਮੈਦਾਨ ਦਾ ਨਿਰਮਾਣ, ਖੇਡ ਖੇਤਰ ਵਿੱਚ ਹਾਂ-ਪੱਖੀ ਨਤੀਜੇ ਸਾਹਮਣੇ ਲਿਆਵੇਗਾ।
ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਦੱਸਿਆ ਕਿ ਇਹ ਖੇਡ ਮੈਦਾਨ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਅਤੇ ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ ਵੱਲੋਂ ਤਿਆਰ ਕੀਤਾ ਗਿਆ ਹੈ, ਜਿਸ ਵਿਚ ਖਿਡਾਰੀਆਂ ਲਈ ਵਿਸ਼ੇਸ਼ ਸਹੂਲਤਾਂ ਦਾ ਪ੍ਰਬੰਧ ਹੈ। ਵਿਧਾਇਕ ਨੇ ਕਿਹਾ ਕਿ ਪਿੰਡਾਂ ਵਿੱਚ ਖੇਡ ਬੁਨਿਆਦੀ ਢਾਂਚਾ ਮਜ਼ਬੂਤ ਹੋਣ ਨਾਲ ਪੇਂਡੂ ਪ੍ਰਤਿਭਾ ਨੂੰ ਕੌਮੀ ਅਤੇ ਕੌਮਾਂਤਰੀ ਪੱਧਰ 'ਤੇ ਚਮਕਣ ਦਾ ਮੌਕਾ ਮਿਲੇਗਾ। ਸਮਾਗਮ ਦੌਰਾਨ ਵਿਧਾਇਕ ਬਣਾਂਵਾਲੀ ਨੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਖੇਡ ਮੈਦਾਨ ਦੀ ਵੱਧ ਤੋਂ ਵੱਧ ਵਰਤੋਂ ਵੱਲ ਵਿਸ਼ੇਸ਼ ਧਿਆਨ ਦੇਣ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਇਸ ਦਾ ਲਾਭ ਚੁੱਕ ਸਕਣ। ਉਨ੍ਹਾਂ ਜਾਣਕਾਰੀ ਦਿੱਤੀ ਕਿ ਇਸ ਵਿਚ ਵੱਖ-ਵੱਖ ਖੇਡਾਂ ਦੀ ਵਿਵਸਥਾ ਕੀਤੀ ਗਈ ਹੈ, ਜਿਸ ਦਾ ਖਿਡਾਰੀ ਲਾਭ ਹਾਸਲ ਕਰਨਗੇ। ਉਨ੍ਹਾਂ ਇਸ ਮੌਕੇ ਖਿਡਾਰੀਆਂ ਨੂੰ ਖੇਡ ਕਿੱਟਾਂ ਵੀ ਵੰਡੀਆਂ। ਇਸ ਮੌਕੇ ਪੇਂਡੂ ਵਿਕਾਸ ਤੇ ਪੰਚਾਇਤ ਅਫ਼ਸਰ ਰਾਜ ਕੁਮਾਰ, ਗ੍ਰਾਮ ਪੰਚਾਇਤ ਅਤੇ ਇਲਾਕੇ ਦੇ ਮੋਹਤਬਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ।