ਨਸ਼ੀਲੇ ਪਦਾਰਥ ਬਰਾਮਦ: ਇਕ ਔਰਤ ਸਮੇਤ 7 ਵਿਅਕਤੀਆਂ 'ਤੇ ਪਰਚਾ ਦਰਜ

ਦੀਪਕ ਸ਼ਰਮਾ, ਪੰਜਾਬੀ ਜਾਗਰਣ, ਬਠਿੰਡਾ : ਜ਼ਿਲ੍ਹਾ ਪੁਲਿਸ ਨੇ ਨਸ਼ਾ ਤਸਕਰਾਂ ਖ਼ਿਲਾਫ਼ ਵਿੱਢੀ ਮੁਹਿੰਮ ਦੌਰਾਨ ਵੱਖ-ਵੱਖ ਥਾਵਾਂ ਤੋਂ ਇੱਕ ਔਰਤ ਸਮੇਤ 7 ਵਿਅਕਤੀਆਂ ਖਿਲਾਫ ਪਰਚਾ ਦਰਜ ਕਰਕੇ ਭਾਰੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ। ਇਸ ਕਾਰਵਾਈ ਦੌਰਾਨ ਪੁਲਿਸ ਨੇ ਕੁੱਲ ਛੇ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ, ਜਦਕਿ ਇਕ ਵਿਅਕਤੀ ਦੀ ਗ੍ਰਿਫ਼ਤਾਰੀ ਹੋਣੀ ਅਜੇ ਬਾਕੀ ਹੈ। ਪੁਲਿਸ ਨੇ ਇਨ੍ਹਾਂ ਕਬਜ਼ੇ ’ਚੋਂ 26 ਗ੍ਰਾਮ ਹੈਰੋਇਨ, 60 ਪਾਬੰਦੀਸ਼ੁਦਾ ਕੈਪਸੂਲ ਤੇ 20 ਗੋਲੀਆਂ, 10 ਲੀਟਰ ਨਾਜਾਇਜ਼ ਸ਼ਰਾਬ ਤੇ 400 ਲੀਟਰ ਲਾਹਣ ਬਰਾਮਦ ਕੀਤੀ ਹੈ।
ਜਾਣਕਾਰੀ ਅਨੁਸਾਰ ਥਾਣਾ ਨੇਹੀਆਂਵਾਲਾ ਦੀ ਪੁਲਿਸ ਨੇ ਗਸ਼ਤ ਦੌਰਾਨ ਦੋ ਵਿਅਕਤੀਆਂ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਲਖਵਿੰਦਰ ਸਿੰਘ ਨੇ ਦੱਸਿਆ ਕਿ ਦਾਨ ਸਿੰਘ ਵਾਲਾ ਕੋਲੋਂ ਗੁਰਭਗਤ ਸਿੰਘ ਵਾਸੀ ਗੰਗਾ ਅਬਲੂ ਕੀ ਨੂੰ 15.45 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਸੇ ਤਰ੍ਹਾਂ ਇੱਕ ਹੋਰ ਮਾਮਲੇ ਵਿੱਚ ਹੌਲਦਾਰ ਦੁੱਲਾ ਸਿੰਘ ਨੇ ਦੱਸਿਆ ਕਿ ਮਹਿਮਾ ਸਰਜਾ ਕੋਲੋਂ ਗੁਰਵਿੰਦਰ ਸਿੰਘ ਵਾਸੀ ਅਬਲੂ ਨੂੰ 3 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ, ਜਿਸ ਨੂੰ ਬਾਅਦ ਵਿੱਚ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ ਗਿਆ।
ਥਾਣਾ ਨਥਾਣਾ ਦੀ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਕਾਰਵਾਈ ਕਰਦਿਆਂ ਇੱਕ ਔਰਤ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਹੌਲਦਾਰ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਚੱਕ ਫਤਿਹ ਸਿੰਘ ਵਾਲਾ ਕੋਲੋਂ ਕੁਲਵਿੰਦਰ ਕੌਰ ਵਾਸੀ ਪਿੰਡ ਚੱਕ ਰਾਮ ਸਿੰਘ ਵਾਲਾ ਨੂੰ 3.02 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਕਥਿਤ ਦੋਸ਼ਣ ਨੂੰ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ ਗਿਆ ਹੈ। ਥਾਣਾ ਫੂਲ ਦੀ ਪੁਲਿਸ ਨੇ ਨਾਜਾਇਜ਼ ਸ਼ਰਾਬ ਕੱਢਣ ਵਾਲਿਆਂ 'ਤੇ ਸ਼ਿਕੰਜਾ ਕੱਸਿਆ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਅਵਤਾਰ ਸਿੰਘ ਨੇ ਦੱਸਿਆ ਕਿ ਪਿੰਡ ਢਿਪਾਲੀ ਵਿਖੇ ਕੀਤੀ ਗਈ ਛਾਪੇਮਾਰੀ ਦੌਰਾਨ 400 ਲੀਟਰ ਲਾਹਣ, 10 ਲੀਟਰ ਨਜਾਇਜ਼ ਸ਼ਰਾਬ ਅਤੇ ਭੱਠੀ ਦਾ ਸਾਮਾਨ ਬਰਾਮਦ ਹੋਇਆ ਹੈ। ਪੁਲਿਸ ਨੇ ਕਰਮ ਸਿੰਘ ਵਾਸੀ ਢਿਪਾਲੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ, ਪਰ ਮੁਲਜ਼ਮ ਦੀ ਗ੍ਰਿਫ਼ਤਾਰੀ ਹੋਣੀ ਅਜੇ ਬਾਕੀ ਹੈ। ਥਾਣਾ ਤਲਵੰਡੀ ਸਾਬੋ ਵਿਖੇ ਤਾਇਨਾਤ ਹੌਲਦਾਰ ਕੁਲਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਨੇ ਤਲਵੰਡੀ ਸਾਬੋ ਖੇਤਰ ਵਿੱਚੋਂ ਦਵਿੰਦਰ ਸਿੰਘ ਵਾਸੀ ਤਲਵੰਡੀ ਸਾਬੋ ਨੂੰ 5.33 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਕਥਿਤ ਦੋਸ਼ੀ ਖਿਲਾਫ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਰਾਮਾ ਦੀ ਪੁਲਿਸ ਨੇ ਨਸ਼ੀਲੇ ਕੈਪਸੂਲਾਂ ਦੀ ਸਪਲਾਈ ਕਰਨ ਵਾਲੇ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਗੁਰਤੇਜ ਸਿੰਘ ਨੇ ਦੱਸਿਆ ਕਿ ਰਾਮਾ ਮੰਡੀ ਖੇਤਰ ਵਿੱਚੋਂ ਜਸਪ੍ਰੀਤ ਸਿੰਘ ਵਾਸੀ ਪਿੰਡ ਗਾਟਵਾਲੀ ਨੂੰ 60 ਨਸ਼ੀਲੇ ਕੈਪਸੂਲਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਉਕਤ ਵਿਅਕਤੀ ਨੂੰ ਬਾਅਦ ’ਚ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ ਗਿਆ। ਇਸੇ ਤਰ੍ਹਾਂ ਥਾਣਾ ਨੰਦਗੜ੍ਹ ਦੀ ਪੁਲਿਸ ਨੇ ਪਿੰਡ ਘੁੱਦਾ ਕੋਲੋਂ ਇੱਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਜਗਜੀਤ ਸਿੰਘ ਨੇ ਦੱਸਿਆ ਕਿ ਮੰਗਾ ਸਿੰਘ ਵਾਸੀ ਪਿੰਡ ਘੁੱਦਾ ਕੋਲੋਂ 20 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ ਹਨ। ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।