12ਵੀਂ ’ਚ ਸੇਂਟ ਜ਼ੇਵੀਅਰਜ਼ ਸਕੂਲ ਦੇ ਬੱਚਿਆਂ ਨੇ ਮਾਰੀ ਬਾਜ਼ੀ
ਬਾਰਵੀਂ ਜਮਾਤ ਦੇ ਨਤੀਜਿਆਂ ‘ਚ ਸੇਂਟ ਜ਼ੇਵੀਅਰਜ਼ ਸਕੂਲ ਨੇ ਮਾਰੀ ਬਾਜ਼ੀ
Publish Date: Fri, 15 May 2026 07:50 PM (IST)
Updated Date: Sat, 16 May 2026 04:13 AM (IST)

ਮਨਪ੍ਰੀਤ ਸਿੰਘ ਗਿੱਲ, ਪੰਜਾਬੀ ਜਾਗਰਣ. ਰਾਮਪੁਰਾ ਫੂਲ ਸੀ.ਬੀ.ਐੱਸ.ਈ. ਵੱਲੋਂ ਐਲਾਨੇ ਗਏ ਬਾਰਵੀਂ ਜਮਾਤ ਦੇ ਨਤੀਜਿਆਂ ਵਿੱਚ ਸੇਂਟ ਜ਼ੇਵੀਅਰਜ਼ ਸਕੂਲ, ਰਾਮਪੁਰਾ ਫੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਬਠਿੰਡਾ ਜ਼ਿਲ੍ਹੇ ਵਿੱਚ ਮਾਣਯੋਗ ਸਥਾਨ ਹਾਸਲ ਕੀਤੇ ਹਨ। ਸਕੂਲ ਦੀ ਵਿਦਿਆਰਥਣ ਅਪੈਕਸਾ ਨੇ 98.2 ਫੀਸਦੀ ਅੰਕ ਪ੍ਰਾਪਤ ਕਰਕੇ ਜ਼ਿਲ੍ਹੇ ਵਿੱਚ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਕੋਨਿਕਾ ਨੇ 97.2 ਫੀਸਦੀ ਅੰਕਾਂ ਨਾਲ ਦੂਜਾ ਸਥਾਨ ਆਪਣੇ ਨਾਮ ਕੀਤਾ। ਇਸ ਤੋਂ ਇਲਾਵਾ ਅਦਿੱਤੀ ਨੇ 95.2 ਫੀਸਦੀ ਅੰਕ ਹਾਸਲ ਕਰਕੇ ਸਕੂਲ ਵਿੱਚ ਤੀਜਾ ਸਥਾਨ ਪ੍ਰਾਪਤ ਕੀਤਾ। ਸਕੂਲ ਦੇ ਪ੍ਰਿੰਸੀਪਲ ਫਾਦਰ ਯੂਲੈਲੀਓ ਫਰਨਾਂਡਿਜ ਨੇ ਦੱਸਿਆ ਕਿ ਵਿਦਿਆਰਥੀਆਂ ਦੀ ਇਸ ਉਪਲਬਧੀ ਨਾਲ ਸਕੂਲ, ਮਾਪਿਆਂ ਅਤੇ ਇਲਾਕੇ ਦਾ ਨਾਮ ਰੌਸ਼ਨ ਹੋਇਆ ਹੈ। ਉਨ੍ਹਾਂ ਕਿਹਾ ਕਿ ਇਹ ਦਿਨ ਸਕੂਲ ਲਈ ਬਹੁਤ ਹੀ ਮਾਣ ਅਤੇ ਖੁਸ਼ੀ ਵਾਲਾ ਹੈ, ਕਿਉਂਕਿ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹੇ ਦੀਆਂ ਪਹਿਲੀਆਂ ਦੋ ਪੁਜ਼ੀਸ਼ਨਾਂ ਹਾਸਲ ਕੀਤੀਆਂ ਹਨ। ਇਸ ਮੌਕੇ ਸਕੂਲ ਦੇ ਮੈਨੇਜਰ ਫਾਦਰ ਆਂਦਰੇ ਫਰਨਾਂਡਿਜ ਨੇ ਵੀ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ। ਉਨ੍ਹਾਂ ਸਕੂਲ ਕੋਆਰਡੀਨੇਟਰ ਮੈਡਮ ਪ੍ਰੇਮ ਲਤਾ, ਮੈਡਮ ਅੰਜੂ ਬਾਲਾ ਅਤੇ ਸਮੂਹ ਸਟਾਫ਼ ਦੀ ਅਣਥੱਕ ਮਿਹਨਤ ਅਤੇ ਯੋਗ ਅਗਵਾਈ ਦੀ ਪ੍ਰਸ਼ੰਸਾ ਕੀਤੀ। ਪ੍ਰਿੰਸੀਪਲ ਫਾਦਰ ਯੂਲੈਲੀਓ ਫਰਨਾਂਡਿਜ ਨੇ ਸਕੂਲ ਦੇ ਹੋਰ ਵਿਦਿਆਰਥੀਆਂ ਨੂੰ ਵੀ ਮਿਹਨਤ ਅਤੇ ਲਗਨ ਨਾਲ ਅੱਗੇ ਵੱਧਣ ਲਈ ਪ੍ਰੇਰਿਤ ਕਰਦਿਆਂ ਪਹਿਲੇ ਬੈਚ ਵੱਲੋਂ ਸਥਾਪਿਤ ਕੀਤੇ ਗਏ ਰਿਕਾਰਡ ਤੋੜਨ ਦਾ ਸੱਦਾ ਦਿੱਤਾ ਅਤੇ ਉਨ੍ਹਾਂ ਦੇ ਚੰਗੇ ਭਵਿੱਖ ਲਈ ਸ਼ੁਭਕਾਮਨਾਵਾਂ ਪ੍ਰਗਟ ਕੀਤੀਆਂ।