ਦੋ ਧਿਰਾਂ ਵਿਚਾਲੇ ਲੜਾਈ ਦੌਰਾਨ ਚੱਲੀ ਗੋਲੀ, ਜ਼ਖ਼ਮੀ ਨੌਜਵਾਨ ਬਠਿੰਡਾ ਰੈਫ਼ਰ
ਤਕਰਾਰ ਨੇ ਧਾਰਿਆ ਖ਼ੂਨੀ ਰੂਪ, ਗੋਲੀ ਲੱਗਣ ਨਾਲ ਇੱਕ ਵਿਅਕਤੀ ਗੰਭੀਰ ਜ਼ਖ਼ਮੀ
Publish Date: Sun, 10 May 2026 05:03 PM (IST)
Updated Date: Mon, 11 May 2026 04:03 AM (IST)

ਦੀਪਕ ਸ਼ਰਮਾ, ਪੰਜਾਬੀ ਜਾਗਰਣ, ਬਠਿੰਡਾ : ਥਾਣਾ ਭਗਤਾ ਭਾਈਕਾ ਦੇ ਅਧੀਨ ਪੈਂਦੇ ਪਿੰਡ ਆਕਲੀਆ ਵਿਖੇ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਦੋ ਧਿਰਾਂ ਵਿਚਾਲੇ ਹੋਈ ਮਾਮੂਲੀ ਤਕਰਾਰ ਨੇ ਖ਼ੂਨੀ ਰੂਪ ਧਾਰ ਲਿਆ। ਇਸ ਝਗੜੇ ਦੌਰਾਨ ਚੱਲੀ ਗੋਲੀ ਕਾਰਨ ਇੱਕ ਵਿਅਕਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਬਠਿੰਡਾ ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ। ਜ਼ਖ਼ਮੀ ਹੋਏ ਵਿਅਕਤੀ ਦੀ ਪਛਾਣ ਹਰਜਿੰਦਰ ਸਿੰਘ ਉਰਫ਼ ਲਾਡੀ ਵਾਸੀ ਅਕਲੀਆ ਵਜੋਂ ਹੋਈ ਹੈ। ਸੂਤਰਾਂ ਅਨੁਸਾਰ, ਗੋਲੀ ਲੱਗਣ ਕਾਰਨ ਜ਼ਖ਼ਮੀ ਹੋਇਆ ਹਰਜਿੰਦਰ ਸਿੰਘ ਅਤੇ ਦੂਜੀ ਧਿਰ ਦੇ ਲੋਕ ਪਹਿਲਾਂ ਤੋਂ ਹੀ ਇੱਕ-ਦੂਜੇ ਨੂੰ ਜਾਣਦੇ ਸਨ। ਦੱਸਿਆ ਜਾ ਰਿਹਾ ਹੈ ਕਿ ਕੁਝ ਦਿਨ ਪਹਿਲਾਂ ਉਨ੍ਹਾਂ ਵਿਚਕਾਰ ਕਿਸੇ ਗੱਲ ਨੂੰ ਲੈ ਕੇ ਬਹਿਸਬਾਜ਼ੀ ਹੋਈ ਸੀ, ਜਿਸ ਦਾ ਨਿਬੇੜਾ ਕਰਨ ਲਈ ਉਨ੍ਹਾਂ ਨੇ ਮੰਡੀ ਵਿੱਚ ਮਿਲਣ ਦਾ ਸਮਾਂ ਤੈਅ ਕੀਤਾ ਸੀ। ਜਦੋਂ ਦੋਵੇਂ ਧਿਰਾਂ ਮੰਡੀ ’ਚ ’ਕੱਠੀਆਂ ਹੋਈਆਂ ਤਾਂ ਗੱਲਬਾਤ ਦੌਰਾਨ ਤਕਰਾਰ ਇੰਨੀ ਵੱਧ ਗਈ ਕਿ ਦੂਜੀ ਧਿਰ ਦੇ ਇਕ ਵਿਅਕਤੀ ਨੇ ਆਪਣੀ ਲਾਇਸੰਸੀ ਪਿਸਤੌਲ ਨਾਲ ਹਰਜਿੰਦਰ ਸਿੰਘ 'ਤੇ ਗੋਲੀ ਚਲਾ ਦਿੱਤੀ। ਗੋਲੀ ਲੱਗਣ ਕਾਰਨ ਹਰਜਿੰਦਰ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਤੁਰੰਤ ਭਗਤਾ ਭਾਈਕਾ ਦੇ ਹਸਪਤਾਲ ਲਿਜਾਇਆ ਗਿਆ। ਉੱਥੇ ਹਾਲਤ ਨਾਜ਼ੁਕ ਹੋਣ ਕਾਰਨ ਡਾਕਟਰਾਂ ਨੇ ਉਸ ਨੂੰ ਬਠਿੰਡਾ ਦੇ ਸਰਕਾਰੀ ਹਸਪਤਾਲ ਰੈਫ਼ਰ ਕਰ ਦਿੱਤਾ, ਜਿੱਥੋਂ ਉਸ ਨੂੰ ਅੱਗੇ ਏਮਜ਼ ਹਸਪਤਾਲ ਲਿਜਾਇਆ ਗਿਆ ਹੈ। ਇਸ ਲੜਾਈ ਵਿੱਚ ਦੂਜੀ ਧਿਰ ਦਾ ਵੀ ਇਕ ਵਿਅਕਤੀ ਜ਼ਖ਼ਮੀ ਹੋਇਆ ਦੱਸਿਆ ਜਾ ਰਿਹਾ ਹੈ, ਜੋ ਭਗਤਾ ਭਾਈਕਾ ਦੇ ਹਸਪਤਾਲ ਵਿੱਚ ਇਲਾਜ ਅਧੀਨ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਇਸ ਸਬੰਧੀ ਥਾਣਾ ਭਗਤਾ ਭਾਈਕਾ ਦੇ ਐੱਸਐੱਚਓ ਪਰਬਤ ਸਿੰਘ ਨੇ ਦੱਸਿਆ ਕਿ ਪਿੰਡ ਆਕਲੀਆ ਜਲਾਲ ਵਿਖੇ ਫਾਇਰਿੰਗ ਦੀ ਘਟਨਾ ਵਾਪਰੀ ਹੈ, ਜਿਸ ਵਿੱਚ ਹਰਜਿੰਦਰ ਸਿੰਘ ਨਾਮੀ ਵਿਅਕਤੀ ਜ਼ਖ਼ਮੀ ਹੋਇਆ ਹੈ। ਉਨ੍ਹਾਂ ਕਿਹਾ ਕਿ ਜ਼ਖ਼ਮੀ ਵਿਅਕਤੀ ਇਸ ਵੇਲੇ ਬਠਿੰਡਾ ਦੇ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ। ਪੁਲਿਸ ਵੱਲੋਂ ਜ਼ਖ਼ਮੀ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ਅਤੇ ਬਿਆਨਾਂ ਦੇ ਆਧਾਰ 'ਤੇ ਹੀ ਬਣਦੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ।