ਵਿਧਾਇਕ ਨੇ ਹੜ੍ਹ ਪੀੜਤ ਕਿਸਾਨਾਂ ਨੂੰ ਵੰਡੇ ਮੁਆਵਜ਼ੇ ਦੇ ਮਨਜ਼ੂਰੀ ਪੱਤਰ
ਵਿਧਾਇਕ ਵੱਲੋਂ ਹੜ੍ਹ ਪੀੜਤ ਕਿਸਾਨਾਂ ਨੂੰ ਵੰਡੇ ਮੁਆਵਜ਼ੇ ਦੇ ਮਨਜ਼ੂਰੀ ਪੱਤਰ
Publish Date: Sun, 19 Oct 2025 07:56 PM (IST)
Updated Date: Mon, 20 Oct 2025 04:03 AM (IST)

ਮਨਪ੍ਰੀਤ ਸਿੰਘ ਗਿੱਲ, ਪੰਜਾਬੀ ਜਾਗਰਣ, ਰਾਮਪੁਰਾ ਫੂਲ : ਹਲਕਾ ਰਾਮਪੁਰਾ ਫੂਲ ਦੇ ਵਿਧਾਇਕ ਬਲਕਾਰ ਸਿੰਘ ਸਿੱਧੂ ਵੱਲੋਂ ਅੱਜ ਹੜ੍ਹ ਕਾਰਨ ਫਸਲਾਂ ਦੇ ਨੁਕਸਾਨ ਨਾਲ ਪੀੜਤ ਕਿਸਾਨਾਂ ਦੀ ਮਦਦ ਲਈ ਇੱਕ ਮਾਨਵਤਾ ਭਰਿਆ ਤੇ ਰਾਹਤਦਾਇਕ ਕਦਮ ਚੁੱਕਿਆ ਗਿਆ। ਵਿਧਾਇਕ ਸਿੱਧੂ ਨੇ ਹਲਕੇ ਦੇ 26 ਪ੍ਰਭਾਵਿਤ ਕਿਸਾਨਾਂ ਨੂੰ ਜੋ ਕਿ ਪਿੰਡ ਰਾਈਆ, ਆਲੀਕੇ, ਫੂਲ, ਸੰਧੂ ਖੁਰਦ ਅਤੇ ਫੂਲੇਵਾਲਾ ਨਾਲ ਸੰਬੰਧਤ ਸਨ ਉਨ੍ਹਾਂ ਨੂੰ ਰਾਮਪੁਰਾ ਫੂਲ ਵਿਖੇ ਮੁਆਵਜ਼ੇ ਦੇ ਮਨਜ਼ੂਰੀ ਪੱਤਰ ਵੰਡੇ, ਜਿਨ੍ਹਾਂ ਰਾਹੀਂ ਲੱਖਾਂ ਰੁਪਏ ਦੀ ਰਕਮ ਜਾਰੀ ਕੀਤੀ ਜਾਵੇਗੀ। ਇਸ ਮੌਕੇ ਵਿਧਾਇਕ ਸਿੱਧੂ ਨੇ ਕਿਹਾ ਕਿ ਹੜ੍ਹ ਕਾਰਨ ਕਿਸਾਨਾਂ ਨੂੰ ਹੋਇਆ ਨੁਕਸਾਨ ਉਨ੍ਹਾਂ ਦੀ ਆਰਥਿਕ ਹਾਲਤ ਲਈ ਵੱਡੀ ਚੁਣੌਤੀ ਬਣਿਆ ਸੀ ਪਰ ਪੰਜਾਬ ਸਰਕਾਰ ਹਰ ਪੀੜਤ ਕਿਸਾਨ ਦੇ ਨਾਲ ਖੜੀ ਹੈ। ਉਨ੍ਹਾਂ ਕਿਹਾ ਕਿ ਸਾਰੇ ਪ੍ਰਭਾਵਿਤ ਪਿੰਡਾਂ ਦੀ ਗਿਰਦਾਵਰੀ ਪੂਰੀ ਹੋ ਚੁੱਕੀ ਹੈ ਅਤੇ ਜਲਦ ਹੀ ਬਾਕੀ ਰਹਿੰਦੇ ਕਿਸਾਨਾਂ ਨੂੰ ਵੀ ਮੁਆਵਜ਼ਾ ਵੰਡਿਆ ਜਾਵੇਗਾ ਤਾਂ ਜੋ ਕਿਸੇ ਵੀ ਕਿਸਾਨ ਨੂੰ ਆਪਣੇ ਨੁਕਸਾਨ ਦਾ ਦੁੱਖ ਨਾ ਰਹਿ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਕਿਸਾਨਾਂ ਦੀ ਭਲਾਈ ਅਤੇ ਉਨ੍ਹਾਂ ਦੀ ਆਰਥਿਕ ਸੁਰੱਖਿਆ ਯਕੀਨੀ ਬਣਾਉਣਾ ਹੈ। ਉਨ੍ਹਾਂ ਨੇ ਇਹ ਵੀ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਕਿਸਾਨਾਂ ਦੀ ਹਰੇਕ ਮੁਸ਼ਕਲ ਘੜੀ ਵਿਚ ਸਾਥੀ ਰਹੇਗੀ। ਇਸ ਮੌਕੇ ਮਾਰਕੀਟ ਕਮੇਟੀ ਰਾਮਪੁਰਾ ਦੇ ਚੇਅਰਮੈਨ ਦਰਸ਼ਨ ਸਿੰਘ ਸੋਹੀ, ਮਾਰਕੀਟ ਕਮੇਟੀ ਭਗਤਾ ਦੇ ਚੇਅਰਮੈਨ ਬੇਅੰਤ ਸਿੰਘ ਧਾਲੀਵਾਲ, ਨਾਇਬ ਤਹਿਸੀਲਦਾਰ ਵਿਕਾਸ ਗੁਪਤਾ, ਟਰੱਕ ਯੂਨੀਅਨ ਰਾਮਪੁਰਾ ਫੂਲ ਦੇ ਪ੍ਰਧਾਨ ਸ਼ੇਰ ਬਹਾਦਰ ਸਿੰਘ ਧਾਲੀਵਾਲ ਸਮੇਤ ਆਮ ਆਦਮੀ ਪਾਰਟੀ ਦੇ ਆਗੂ ਤੇ ਵਰਕਰ ਵੀ ਮੌਜੂਦ ਸਨ।