ਡੀਸੀ ਤੇ ਐੱਸਐੱਸਪੀ ਨੇ ਪਰਾਲੀ ਪ੍ਰਬੰਧਨ ਦੇ ਮੱਦੇਨਜ਼ਰ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ’ਚ ਦੌਰਾ
ਡਿਪਟੀ ਕਮਿਸ਼ਨਰ ਤੇ ਐਸਐਸਪੀ ਨੇ ਪਰਾਲੀ ਪ੍ਰਬੰਧਨ ਦੇ ਮੱਦੇਨਜ਼ਰ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦਾ ਕੀਤਾ ਦੌਰਾ
Publish Date: Thu, 30 Oct 2025 09:11 PM (IST)
Updated Date: Fri, 31 Oct 2025 04:13 AM (IST)

ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਡੀਸੀ ਰਾਜੇਸ਼ ਧੀਮਾਨ ਤੇ ਐੱਸਐੱਸਪੀ ਅਮਨੀਤ ਕੌਂਡਲ ਨੇ ਜ਼ਿਲ੍ਹੇ ’ਚ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਤੇ ਪ੍ਰਬੰਧਨ ਦੇ ਮੱਦੇਨਜ਼ਰ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਜਿੱਥੇ ਪਰਾਲੀ ਦੀ ਸਾਂਭ-ਸੰਭਾਲ ਕਰਨ ਲਈ ਕਿਸਾਨਾਂ ਨੂੰ ਪ੍ਰੇਰਿਤ ਕੀਤਾ, ਉਥੇ ਹੀ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ। ਦੌਰੇ ਦੌਰਾਨ ਉਨ੍ਹਾਂ ਪਿੰਡ ਕੋਟਫੱਤਾ, ਕੋਟਸ਼ਮੀਰ, ਜੋਧਪੁਰ ਰੋਮਾਣਾ, ਜੱਸੀ ਪੋ ਵਾਲੀ ਅਤੇ ਨਰੂਆਣਾ ਆਦਿ ਪਿੰਡਾਂ ਦੇ ਕਿਸਾਨਾਂ ਨਾਲ ਮਿਲਕੇ ਉਨ੍ਹਾਂ ਨਾਲ ਗੱਲਬਾਤ ਕਰਦਿਆ ਪਰਾਲੀ ਦੀ ਸੁਚੱਜੀ ਸੰਭਾਲ ਲਈ ਜਾਗਰੂਕ ਕੀਤਾ। ਉਨ੍ਹਾਂ ਕਿਸਾਨਾਂ ਨੂੰ ਧੀਰਜ ਅਤੇ ਠਰੰਮੇ ਨਾਲ ਪਰਾਲੀ ਦੀ ਸੰਭਾਲ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਵੱਧ ਤੋਂ ਵੱਧ ਆਧੁਨਿਕ ਮਸ਼ੀਨਰੀ ਦੀ ਵਰਤੋਂ ਕਰਨ। ਉਨ੍ਹਾਂ ਕਿਸਾਨਾਂ ਨੂੰ ਇਹ ਵੀ ਕਿਹਾ ਕਿ ਉਨ੍ਹਾਂ ਨੂੰ ਜ਼ਰੂਰਤ ਅਨੁਸਾਰ ਮਸ਼ੀਨਰੀ ਮੁਹੱਈਆ ਕਰਵਾਈ ਜਾ ਰਹੀ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਉਹ ਝੋਨੇ ਦੀ ਸੁੱਕੀ ਫ਼ਸਲ ਹੀ ਮੰਡੀਆਂ ਵਿਚ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਕੋਈ ਸਮੱਸਿਆ ਦਰਪੇਸ਼ ਨਾ ਆਵੇ। ਦੌਰੇ ਦੌਰਾਨ ਡੀਸੀ ਤੇ ਐੱਸਐੱਸਪੀ ਦੁਆਰਾ ਪਿੰਡ ਕੋਟਫੱਤਾ ਦੇ ਖੇਤਾਂ ਵਿਚ ਪਰਾਲੀ ਦੀਆਂ ਗੱਠਾਂ ਬਣਾ ਰਹੇ ਇਕ ਆਧੁਨਿਕ ਬਿਗ ਬੇਲਰ ਦਾ ਵੀ ਨਿਰੀਖਣ ਕੀਤਾ। ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਬੰਸ ਸਿੰਘ ਸਿੱਧੂ ਤੋਂ ਇਲਾਵਾ ਪਿੰਡਾਂ ਦੇ ਕਿਸਾਨ ਆਦਿ ਹਾਜ਼ਰ ਸਨ।