ਸਿਹਤਮੰਦ ਮਹਿਲਾ ਹੀ ਨਰੋਏ ਸਮਾਜ ਦੀ ਹੁੰਦੀ ਹੈ ਨੀਂਹ : ਡੀਸੀ
ਸਿਹਤਮੰਦ ਮਹਿਲਾ ਹੀ ਨਿਰੋਏ ਸਮਾਜ ਦੀ
Publish Date: Mon, 19 Jan 2026 05:31 PM (IST)
Updated Date: Tue, 20 Jan 2026 04:09 AM (IST)
-ਮਹਿਲਾਵਾਂ ਲਈ ਮੁਫ਼ਤ ਬ੍ਰੈਸਟ ਕੈਂਸਰ ਜਾਂਚ ਕੈਂਪ ਦਾ ਡੀਸੀ ਵੱਲੋਂ ਉਦਘਾਟਨ
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਰੁਝੇਵੀਂ ਭਰੀ ਜਿੰਦਗੀ ਵਿੱਚ ਜਿਥੇ ਤੰਦਰੁਸਤ ਸਰੀਰ ਦਾ ਹੋਣਾ ਅਤਿ ਜ਼ਰੂਰੀ ਹੈ , ਉਥੇ ਹੀ ਸਿਹਤਮੰਦ ਮਹਿਲਾ ਹੀ ਨਿਰੋਏ ਸਮਾਜ ਦੀ ਨੀਂਹ ਹੁੰਦੀ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੰਜਾਬ ਸਰਕਾਰ ਵੱਲੋਂ ਕਰਵਾਏ ਮਹਿਲਾਵਾਂ ਲਈ ਬ੍ਰੈਸਟ ਕੈਂਸਰ ਦੀ ਮੁਫ਼ਤ ਸਕਰੀਨਿੰਗ ਲਈ ਵਿਸ਼ੇਸ਼ ਕੈਂਪ ਦਾ ਉਦਘਾਟਨ ਕਰਨ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਸਿਵਲ ਸਰਜਨ ਡਾ. ਤਪਿੰਦਰਜੋਤ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ।
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਵੱਲੋਂ ਮਹਿਲਾਵਾਂ ਦੀ ਸਿਹਤ ਨੂੰ ਧਿਆਨ ਵਿਚ ਰੱਖਦਿਆਂ ਮੁਫਤ ਕੈਂਸਰ ਜਾਂਚ ਕੈਂਪ ਇਕ ਸਲਾਘਾਯੋਗ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਸਮੇਂ-ਸਿਰ ਜਾਂਚ ਨਾਲ ਕੈਂਸਰ ਵਰਗੀ ਗੰਭੀਰ ਬਿਮਾਰੀ ਤੋਂ ਬਚਾਅ ਸੰਭਵ ਹੈ। ਇਸ ਤਰ੍ਹਾਂ ਦੇ ਕੈਂਪ ਮਹਿਲਾਵਾਂ ਦੀ ਸਿਹਤ ਪ੍ਰਤੀ ਜਾਗਰੂਕਤਾ ਪੈਦਾ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਮਹਿਲਾਵਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਉਹ ਬਿਨਾਂ ਕਿਸੇ ਹਿਚਕਚਾਹਟ ਦੇ ਅਜਿਹੇ ਕੈਂਪਾਂ ਵਿੱਚ ਸ਼ਾਮਲ ਹੋ ਕੇ ਆਪਣੀ ਸਿਹਤ ਦੀ ਜਾਂਚ ਕਰਵਾਉਣ।
ਉਨ੍ਹਾਂ ਸਿਹਤ ਵਿਭਾਗ ਦੀ ਟੀਮ ਦੀ ਸਰਾਹਨਾ ਕਰਦਿਆਂ ਕਿਹਾ ਕਿ ਜ਼ਮੀਨੀ ਪੱਧਰ ’ਤੇ ਕੀਤੀ ਜਾ ਰਹੀ ਇਹ ਕੋਸ਼ਿਸ਼ ਮਹਿਲਾਵਾਂ ਦੀ ਜ਼ਿੰਦਗੀ ਬਚਾਉਣ ਵੱਲ ਇਕ ਮਜ਼ਬੂਤ ਕਦਮ ਹੈ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਭਵਿੱਖ ਵਿਚ ਵੀ ਇਸ ਤਰ੍ਹਾਂ ਦੇ ਹੋਰ ਸਿਹਤ ਕੈਂਪ ਲਗਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ। ਇਸ ਮੌਕੇ ਬ੍ਰੈਸਟ ਕੈਂਸਰ ਸਕਰੀਨਿੰਗ ਪ੍ਰੋਗਰਾਮ ਦੇ ਨੋਡਲ ਅਫ਼ਸਰ ਡਾ. ਕਰਨ ਅਬਰੋਲ ਨੇ ਦੱਸਿਆ ਕਿ ਕੈਂਪ ਦੌਰਾਨ ਮਹਿਲਾਵਾਂ ਨੂੰ ਬ੍ਰੈਸਟ ਸਵੈ-ਜਾਂਚ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ ਅਤੇ ਜ਼ਰੂਰਤ ਅਨੁਸਾਰ ਅੱਗੇ ਦੀ ਜਾਂਚ ਲਈ ਰੈਫ਼ਰ ਵੀ ਕੀਤਾ ਗਿਆ।
ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਸਿਹਤ ਵਿਭਾਗ ਦਾ ਮਕਸਦ ਬ੍ਰੈਸਟ ਕੈਂਸਰ ਦੀ ਜਲਦੀ ਪਛਾਣ ਕਰਕੇ ਮੌਤ ਦੀ ਦਰ ਨੂੰ ਘਟਾਉਣਾ ਹੈ ਅਤੇ ਇਸ ਲਈ ਅਜਿਹੇ ਜਾਗਰੂਕਤਾ ਅਤੇ ਸਕਰੀਨਿੰਗ ਕੈਂਪ ਲਗਾਤਾਰ ਜਾਰੀ ਰਹਿਣਗੇ। ਇਸ ਮੌਕੇ ਡਾ. ਵੰਦਨਾ ਮਿੱਢਾ, ਡਿਪਟੀ ਮਾਸ ਮੀਡੀਆ ਅਫ਼ਸਰ ਰੋਹਿਤ ਜਿੰਦਲ, ਬੀ.ਈ.ਈ ਗਗਨਦੀਪ ਸਿੰਘ ਭੁੱਲਰ ਆਦਿ ਹਾਜ਼ਰ ਸਨ।