ਟਾਇਰ ਫੈਕਟਰੀ ਦੇ ਪ੍ਰਦੂਸ਼ਣ ਖ਼ਿਲਾਫ਼ ਧਰਨੇ ਨੂੰ ਮਿਲੀ ਤਾਕਤ
ਟਾਇਰ ਫੈਕਟਰੀ ਦੇ ਪ੍ਰਦੂਸ਼ਣ ਖ਼ਿਲਾਫ਼ ਧਰਨੇ ਨੂੰ ਮਿਲੀ ਤਾਕਤ
Publish Date: Mon, 19 Jan 2026 05:36 PM (IST)
Updated Date: Tue, 20 Jan 2026 04:09 AM (IST)

-ਸਰਕਾਰ ਤੇ ਪ੍ਰਦੂਸ਼ਣ ਬੋਰਡ ਨੂੰ ਕਿਹਾ ਕਿ ਲੋੜ ਪਈ ਤਾਂ ਫੈਕਟਰੀ ਦੀਆਂ ਇੱਟਾਂ ਵਰਤਣਗੇ ਗ਼ਰੀਬ ਲੋਕ : ਭਾਗੀਵਾਂਦਰ ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ, ਤਲਵੰਡੀ ਸਾਬੋ ਹਲਕਾ ਤਲਵੰਡੀ ਸਾਬੋ ਦੇ ਪਿੰਡ ਕਮਾਲੂ ਵਿਚ ਟਾਇਰ ਫੈਕਟਰੀ ਵੱਲੋਂ ਪਿਛਲੇ 9 ਮਹੀਨਿਆਂ ਤੋਂ ਫੈਲਾਏ ਜਾ ਰਹੇ ਪ੍ਰਦੂਸ਼ਣ ਦੇ ਵਿਰੋਧ ਵਿਚ ਚੱਲ ਰਹੇ ਧਰਨੇ ਨੂੰ ਉਸ ਸਮੇਂ ਹੋਰ ਮਜ਼ਬੂਤੀ ਮਿਲੀ, ਜਦੋਂ ਕਾਂਗਰਸ ਪਾਰਟੀ ਦੇ ਬਲਾਕ ਪ੍ਰਧਾਨ ਕ੍ਰਿਸ਼ਨ ਸਿੰਘ ਭਾਗੀਵਾਂਦਰ ਧਰਨੇ ਵਿੱਚ ਪਹੁੰਚੇ ਅਤੇ ਲੋਕਾਂ ਦੇ ਹੱਕ ਵਿਚ ਤਿੱਖੀ ਆਵਾਜ਼ ਬੁਲੰਦ ਕੀਤੀ। ਧਰਨੇ ਨੂੰ ਸੰਬੋਧਨ ਕਰਦਿਆਂ ਕ੍ਰਿਸ਼ਨ ਸਿੰਘ ਭਾਗੀਵਾਂਦਰ ਨੇ ਕਿਹਾ ਕਿ ਉਹ ਹਰ ਹਾਲਤ ਵਿੱਚ ਪਿੰਡ ਵਾਸੀਆਂ ਦੇ ਨਾਲ ਖੜ੍ਹੇ ਹਨ ਤੇ ਲੋਕਾਂ ਦੀ ਸਿਹਤ ਨਾਲ ਹੋ ਰਹੇ ਖਿਲਵਾੜ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਲੋੜ ਪਈ ਤਾਂ “ਇਸ ਪ੍ਰਦੂਸ਼ਣ ਫੈਲਾਉਂਦੀ ਫੈਕਟਰੀ ਨੂੰ ਇੱਟ-ਇੱਟ ਕਰਕੇ ਉਖਾੜ ਦਿੱਤਾ ਜਾਵੇਗਾ ਅਤੇ ਉਹ ਇੱਟਾਂ ਗਰੀਬਾਂ ਦੇ ਘਰ ਬਣਾਉਣ ਲਈ ਵਰਤੀਆਂ ਜਾਣਗੀਆਂ।” ਭਾਗੀਵਾਂਦਰ ਨੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਚੁੱਪੀ ’ਤੇ ਮਾਨ ਸਰਕਾਰ ਦੀ ਬੇਰੁਖ਼ੀ ‘ਤੇ ਸਖ਼ਤ ਸਵਾਲ ਚੁੱਕਦਿਆਂ ਕਿਹਾ ਕਿ ਸ਼ਰੇਆਮ ਲੋਕਾਂ ਨੂੰ ਜ਼ਹਿਰ ਦਿੱਤਾ ਜਾ ਰਿਹਾ ਹੈ, ਪਰ ਜ਼ਿੰਮੇਵਾਰ ਵਿਭਾਗ ਮੌਨ ਧਾਰਨ ਕਰਕੇ ਬੈਠੇ ਹਨ। ਉਨ੍ਹਾਂ ਕਿਹਾ ਕਿ ਇਹ ਸਥਿਤੀ ਸਰਕਾਰ ਅਤੇ ਪ੍ਰਦੂਸ਼ਣ ਬੋਰਡ ਦੀ ਕਾਰਗੁਜ਼ਾਰੀ ’ਤੇ ਗੰਭੀਰ ਸਵਾਲ ਖੜ੍ਹੇ ਕਰਦੀ ਹੈ। ਇਸ ਮੌਕੇ ਉਨ੍ਹਾਂ ਦੱਸਿਆ ਕਿ ਹਲਕਾ ਤਲਵੰਡੀ ਸਾਬੋ ਵਿੱਚ ਕਾਂਗਰਸ ਪਾਰਟੀ ਦੀਆਂ ਸਰਗਰਮੀਆਂ ਨੂੰ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਅੱਗੇ ਵਧਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਵੀ ਲੋਕ ਕਾਂਗਰਸ ਦੀ ਨੀਤੀ ਅਤੇ ਵਿਚਾਰਧਾਰਾ ਨਾਲ ਜੁੜੇ ਹੋਏ ਹਨ ਅਤੇ ਮੌਜੂਦਾ ਸਰਕਾਰ ਦੀਆਂ ਨਾਕਾਮ ਨੀਤੀਆਂ ਤੋਂ ਪ੍ਰੇਸ਼ਾਨ ਹਨ। ਇਸ ਤੋਂ ਇਲਾਵਾ ਕ੍ਰਿਸ਼ਨ ਸਿੰਘ ਭਾਗੀਵਾਂਦਰ ਵੱਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਹੋਈਆਂ ਮੌਤਾਂ ‘ਤੇ ਦੁਖੀ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਦਿਆਂ ਸੋਗ ਪ੍ਰਗਟ ਕੀਤਾ ਗਿਆ। ਉਨ੍ਹਾਂ ਪਰਿਵਾਰਾਂ ਨੂੰ ਹੌਂਸਲਾ ਦਿੰਦਿਆਂ ਕਿਹਾ ਕਿ ਕਾਂਗਰਸ ਪਾਰਟੀ ਹਰ ਮੁਸ਼ਕਲ ਸਮੇਂ ਉਨ੍ਹਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਵੱਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਪੁਰਾਣੇ ਅਤੇ ਟਕਸਾਲੀ ਕਾਂਗਰਸੀ ਵਰਕਰਾਂ ਨਾਲ ਮੀਟਿੰਗਾਂ ਵੀ ਕੀਤੀਆਂ ਗਈਆਂ। ਵਰਕਰਾਂ ਨੂੰ ਭਰੋਸਾ ਦਿਵਾਇਆ ਗਿਆ ਕਿ ਜਲਦ ਹੀ ਪਾਰਟੀ ਹਾਈ ਕਮਾਨ ਨਾਲ ਮਿਲ ਕੇ ਉਨ੍ਹਾਂ ਦੇ ਗੁੱਸੇ-ਗਿਲੇ ਦੂਰ ਕੀਤੇ ਜਾਣਗੇ ਤੇ ਹਲਕੇ ਵਿੱਚ ਕਾਂਗਰਸ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਭਾਗੀਵਾਂਦਰ ਨੇ ਇਹ ਵੀ ਐਲਾਨ ਕੀਤਾ ਕਿ ਜਲਦ ਹੀ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਹਲਕਾ ਤਲਵੰਡੀ ਸਾਬੋ ਦੌਰਾ ਕਰਵਾਇਆ ਜਾਵੇਗਾ, ਜਿਸ ਦੌਰਾਨ ਆਮ ਲੋਕਾਂ ਅਤੇ ਕਾਂਗਰਸੀ ਵਰਕਰਾਂ ਦੀਆਂ ਸਮੱਸਿਆਵਾਂ ਉਨ੍ਹਾਂ ਦੇ ਸਾਹਮਣੇ ਰੱਖੀਆਂ ਜਾਣਗੀਆਂ। ਇਸ ਮੌਕੇ ਜਸਕਰਨ ਸਿੰਘ ਭਾਗੀਵਾਂਦਰ, ਰਣਵੀਰ ਸਿੰਘ ਸ਼ੇਖਪੁਰਾ, ਗੈਰੀ ਲਹਿਰੀ, ਜਗਤਾਰ ਸਿੰਘ ਮੈਨੂੰਆਣਾ, ਚਮਕੌਰ ਸਿੰਘ ਜੌੜਕੀਆ ਅਤੇ ਵਿਕਾਸ ਸ਼ਰਮਾ ਤਲਵੰਡੀ ਸਾਬੋ ਹਾਜ਼ਰ ਸਨ।