ਚੇਅਰਮੈਨ ਭੱਲਾ ਨੇ ਲੋਕਾਂ ਦੀਆਂ ਮੁਸ਼ਕਲਾਂ ਸੁਣ ਕੇ ਮੌਕੇ ’ਤੇ ਕੀਤਾ ਹੱਲ
ਚੇਅਰਮੈਨ ਜਤਿੰਦਰ ਭੱਲਾ ਨੇ ਲੋਕਾਂ ਦੀਆਂ ਮੁਸ਼ਕਿਲਾਂ ਸੁਣ ਕੇ ਕਈ ਮਸਲੇ ਮੌਕੇ ’ਤੇ ਹੀ ਕੀਤੇ ਹੱਲ
Publish Date: Mon, 19 Jan 2026 06:27 PM (IST)
Updated Date: Tue, 20 Jan 2026 04:13 AM (IST)
-ਬਾਕੀ ਮਸਲਿਆਂ ਦੇ ਹੱਲ ਲਈ ਸਬੰਧਤ ਵਿਭਾਗਾਂ ਦੇ ਮੁਖੀਆਂ ਨੂੰ ਸਖ਼ਤ ਹਦਾਇਤਾਂ
ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ, ਬਠਿੰਡਾ :
ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਜਤਿੰਦਰ ਭੱਲਾ ਨੇ ਅੱਜ ਟਰੱਸਟ ਦਫ਼ਤਰ ਵਿੱਚ ਲੋਕ ਦਰਬਾਰ ਲਗਾ ਕੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਤੋਂ ਆਏ ਲੋਕਾਂ ਦੀਆਂ ਮੁਸ਼ਕਲਾਂ ਧਿਆਨ ਨਾਲ ਸੁਣੀਆਂ। ਇਸ ਦੌਰਾਨ ਕਈ ਸਮੱਸਿਆਵਾਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ ਗਿਆ, ਜਦਕਿ ਬਾਕੀ ਰਹਿ ਗਏ ਮਸਲਿਆਂ ਦੇ ਜਲਦ ਹੱਲ ਲਈ ਸਬੰਧਤ ਵਿਭਾਗਾਂ ਨੂੰ ਲਿਖਤੀ ਅਤੇ ਜੁਬਾਨੀ ਹਦਾਇਤਾਂ ਜਾਰੀ ਕੀਤੀਆਂ ਗਈਆਂ। ਲੋਕ ਦਰਬਾਰ ਦੌਰਾਨ ਨਗਰ ਸੁਧਾਰ ਟਰੱਸਟ ਨਾਲ ਸਬੰਧਤ ਪਲਾਟਾਂ ਦੀ ਅਲਾਟਮੈਂਟ, ਰਜਿਸਟਰੀ, ਮਲਕੀਅਤ ਦੇ ਦਸਤਾਵੇਜ਼, ਸੜਕਾਂ,, ਸਟ੍ਰੀਟ ਲਾਈਟਾਂ, ਪਾਣੀ ਦੀ ਨਿਕਾਸੀ, ਗੈਰਕਾਨੂੰਨੀ ਕਬਜ਼ਿਆਂ ਅਤੇ ਵਿਕਾਸ ਕਾਰਜਾਂ ਨਾਲ ਜੁੜੀਆਂ ਸ਼ਿਕਾਇਤਾਂ ਸਾਹਮਣੇ ਆਈਆਂ। ਚੇਅਰਮੈਨ ਜਤਿੰਦਰ ਭੱਲਾ ਨੇ ਅਧਿਕਾਰੀਆਂ ਨੂੰ ਤੁਰੰਤ ਮੌਕੇ ’ਤੇ ਫ਼ਾਈਲਾਂ ਮੰਗਵਾ ਕੇ ਕਈ ਕੇਸਾਂ ਦਾ ਨਿਪਟਾਰਾ ਕਰਵਾਇਆ, ਜਿਸ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੀ। ਚੇਅਰਮੈਨ ਭੱਲਾ ਨੇ ਕਿਹਾ ਕਿ ਆਪ ਸਰਕਾਰ ਦੀ ਸਪੱਸ਼ਟ ਨੀਤੀ ਹੈ ਕਿ ਲੋਕਾਂ ਨੂੰ ਆਪਣੇ ਕੰਮਾਂ ਲਈ ਸਰਕਾਰੀ ਦਫ਼ਤਰਾਂ ਦੇ ਚੱਕਰ ਨਾ ਲਗਾਉਣੇ ਪੈਣ। ਇਸੇ ਮਕਸਦ ਨਾਲ ਲੋਕ ਦਰਬਾਰ ਲਗਾਏ ਜਾ ਰਹੇ ਹਨ, ਤਾਂ ਜੋ ਲੋਕਾਂ ਦੀਆਂ ਮੁਸ਼ਕਲਾਂ ਨੂੰ ਸਿੱਧੇ ਤੌਰ ’ਤੇ ਸੁਣ ਕੇ ਤੁਰੰਤ ਹੱਲ ਕੀਤਾ ਜਾ ਸਕੇ।
ਉਨ੍ਹਾਂ ਕਿਹਾ ਕਿ ਜੋ ਮਸਲੇ ਤੁਰੰਤ ਹੱਲ ਹੋ ਸਕਦੇ ਹਨ, ਉਹ ਮੌਕੇ ’ਤੇ ਹੀ ਕੀਤੇ ਜਾ ਰਹੇ ਹਨ ਅਤੇ ਜਿਹੜੇ ਮਸਲੇ ਹੋਰ ਵਿਭਾਗਾਂ ਨਾਲ ਸਬੰਧਤ ਹਨ, ਉਨ੍ਹਾਂ ਲਈ ਨਿਰਧਾਰਿਤ ਸਮਾਂ-ਸੀਮਾ ਤੈਅ ਕਰਕੇ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਸਪੱਸ਼ਟ ਕੀਤਾ ਕਿ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਨਜ਼ਰਅੰਦਾਜ਼ ਨਾ ਕੀਤਾ ਜਾਵੇ ਅਤੇ ਹਰ ਮਾਮਲੇ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਕੰਮ ਵਿੱਚ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਲੋਕ-ਹਿੱਤੀ ਮਸਲਿਆਂ ਨੂੰ ਪਹਿਲ ਦੇ ਅਧਾਰ ’ਤੇ ਹੱਲ ਕਰਨਾ ਹਰ ਅਧਿਕਾਰੀ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਆਪ ਸਰਕਾਰ ਸ਼ਹਿਰ ਦੇ ਸਮੁੱਚੇ ਵਿਕਾਸ ਲਈ ਵਚਨਬੱਧ ਹੈ ਅਤੇ ਨਗਰ ਸੁਧਾਰ ਟਰੱਸਟ ਰਾਹੀਂ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਸਮੇਂ ਵਿੱਚ ਸ਼ਹਿਰ ਦੀਆਂ ਸੜਕਾਂ, ਨਿਕਾਸੀ ਪ੍ਰਣਾਲੀ, ਪਾਰਕਾਂ ਅਤੇ ਹੋਰ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਕਈ ਵਿਕਾਸ ਪ੍ਰੋਜੈਕਟ ਸ਼ੁਰੂ ਕੀਤੇ ਜਾਣਗੇ।