ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ’ਤੇ ਚੱਲਣਾ ਚਾਹੀਦਾ: ਭੱਲਾ

ਵੀਰਪਾਲ ਭਗਤਾ, ਪੰਜਾਬੀ ਜਾਗਰਣ, ਭਗਤਾ ਭਾਈਕਾ : ਸ੍ਰੀ ਗੁਰੂ ਰਵਿਦਾਸ ਜੀ ਦੀ ਪਵਿੱਤਰ ਜੈਅੰਤੀ ਦੇ ਮੌਕੇ ’ਤੇ ਸ੍ਰੀ ਗੁਰੂ ਰਵਿਦਾਸ ਕਮੇਟੀ ਮਲੂਕਾ ਵੱਲੋਂ ਧਾਰਮਿਕ ਤੇ ਸਮਾਜਿਕ ਸਮਾਗਮ ਕਰਵਾਇਆ ਗਿਆ, ਜਿਸ ’ਚ ਚੇਅਰਮੈਨ ਜਤਿੰਦਰ ਸਿੰਘ ਭੱਲਾ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ’ਚ ਸੰਗਤ, ਸਮਾਜਿਕ ਆਗੂਆਂ ਤੇ ਕਮੇਟੀ ਮੈਂਬਰਾਂ ਨੇ ਸ਼ਮੂਲੀਅਤ ਕੀਤੀ। ਸਮਾਗਮ ਦੌਰਾਨ ਜਤਿੰਦਰ ਭੱਲਾ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਅੱਜ ਦੇ ਸਮਾਜ ਲਈ ਬਹੁਤ ਹੀ ਪ੍ਰਸੰਗਿਕ ਹਨ। ਗੁਰੂ ਰਵਿਦਾਸ ਜੀ ਨੇ ਮਨੁੱਖਤਾ, ਬਰਾਬਰੀ, ਭਰਾਤਰੀ ਭਾਵਨਾ ਅਤੇ ਸੇਵਾ ਦਾ ਸੰਦੇਸ਼ ਦਿੱਤਾ। ਜਿਸ ’ਤੇ ਚੱਲ ਕੇ ਅਸੀਂ ਆਪਣੇ ਜੀਵਨ ਨੂੰ ਸਫਲ ਤੇ ਅਰਥਪੂਰਨ ਬਣਾ ਸਕਦੇ ਹਾਂ। ਉਨ੍ਹਾਂ ਕਿਹਾ ਕਿ ਸਮਾਜ ’ਚ ਫੈਲੀ ਅਸਮਾਨਤਾ, ਭੇਦਭਾਵ ਤੇ ਨਫ਼ਰਤ ਨੂੰ ਖਤਮ ਕਰਨ ਲਈ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਅੱਜ ਵੀ ਰਾਹ ਦਿਖਾਉਂਦੀਆਂ ਹਨ। ਭੱਲਾ ਨੇ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ 40 ਪਵਿੱਤਰ ਸ਼ਬਦ ਸ੍ਰੀ ਗੁਰੂ ਗ੍ਰੰਥ ਸਾਹਿਬ ’ਚ ਦਰਜ ਹਨ, ਜੋ ਉਨ੍ਹਾਂ ਦੀ ਉੱਚੀ ਆਤਮਕ ਅਵਸਥਾ ਤੇ ਸੱਚੇ ਭਗਤੀ ਭਾਵ ਦਾ ਪ੍ਰਮਾਣ ਹਨ। ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਗੁਰੂ ਸਾਹਿਬਾਨ ਦੇ ਨਾਲ ਨਾਲ ਭਗਤਾਂ ਦੀ ਬਾਣੀ ਦਾ ਸ਼ਾਮਲ ਹੋਣਾ ਸਿੱਖ ਧਰਮ ਦੀ ਵਿਸ਼ਾਲਤਾ ਤੇ ਸਰਬ ਸਾਂਝੇ ਸੰਦੇਸ਼ ਨੂੰ ਦਰਸਾਉਂਦਾ ਹੈ। ਗੁਰੂ ਰਵਿਦਾਸ ਜੀ ਨੇ ਕਰਮਕਾਂਡ, ਜਾਤੀਵਾਦ ਅਤੇ ਝੂਠੇ ਅਹੰਕਾਰ ਦਾ ਵਿਰੋਧ ਕਰਦਿਆਂ ਸੱਚੀ ਭਗਤੀ ਤੇ ਮਨੁੱਖੀ ਮੁੱਲਾਂ ’ਤੇ ਜ਼ੋਰ ਦਿੱਤਾ। ਉਨ੍ਹਾਂ ਦੀ ਸੋਚ ਅਨੁਸਾਰ ਮਨੁੱਖ ਆਪਣੀ ਮਿਹਨਤ, ਇਮਾਨਦਾਰੀ ਅਤੇ ਸੇਵਾ ਰਾਹੀਂ ਪਰਮਾਤਮਾ ਦੇ ਨੇੜੇ ਪਹੁੰਚ ਸਕਦਾ ਹੈ। ਭੱਲਾ ਨੇ ਨੌਜਵਾਨ ਪੀੜ੍ਹੀ ਨੂੰ ਅਪੀਲ ਕੀਤੀ ਕਿ ਉਹ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਤੋਂ ਪ੍ਰੇਰਣਾ ਲੈ ਕੇ ਸਮਾਜ ਸੇਵਾ ਤੇ ਦੇਸ਼ ਨਿਰਮਾਣ ਵਿੱਚ ਯੋਗਦਾਨ ਪਾਉਣ। ਇਸ ਮੌਕੇ ਰਵਿਦਾਸ ਕਮੇਟੀ ਦੇ ਆਗੂਆਂ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੀ ਜੈਯੰਤੀ ਸਿਰਫ਼ ਇਕ ਧਾਰਮਿਕ ਦਿਹਾੜਾ ਨਹੀਂ, ਸਗੋਂ ਸਮਾਜਿਕ ਬਰਾਬਰੀ ਤੇ ਇਨਸਾਫ਼ ਦੇ ਸੰਦੇਸ਼ ਨੂੰ ਫੈਲਾਉਣ ਦਾ ਮੌਕਾ ਹੈ। ਉਨ੍ਹਾਂ ਕਿਹਾ ਕਿ ਕਮੇਟੀ ਵੱਲੋਂ ਹਰ ਸਾਲ ਇਸ ਤਰ੍ਹਾਂ ਦੇ ਸਮਾਗਮ ਕਰਵਾਏ ਜਾਂਦੇ ਹਨ, ਤਾਂ ਜੋ ਨੌਜਵਾਨਾਂ ਨੂੰ ਗੁਰੂ ਰਵਿਦਾਸ ਜੀ ਦੇ ਜੀਵਨ ਤੇ ਉਪਦੇਸ਼ਾਂ ਨਾਲ ਜੋੜਿਆ ਜਾ ਸਕੇ। ਸਮਾਗਮ ਦੇ ਅੰਤ ’ਚ ਸੰਗਤ ਵੱਲੋਂ ਗੁਰੂ ਰਵਿਦਾਸ ਜੀ ਦੀ ਮਹਿਮਾ ਦਾ ਜਾਪ ਕੀਤਾ ਗਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਕਮੇਟੀ ਵੱਲੋਂ ਚੇਅਰਮੈਨ ਜਤਿੰਦਰ ਭੱਲਾ ਦਾ ਧੰਨਵਾਦ ਕਰਦਿਆਂ ਉਨ੍ਹਾਂ ਦੇ ਸਮਾਜਿਕ ਯੋਗਦਾਨ ਦੀ ਸ਼ਲਾਘਾ ਕੀਤੀ। ਇਸ ਮੌਕੇ ਗੁਰਸੇਵਕ ਸਿੰਘ ਪ੍ਰਧਾਨ ਨਸ਼ਾ ਕਮੇਟੀ, ਹਰਕਮਲਪ੍ਰੀਤ ਸਿੰਘ ਪ੍ਰਧਾਨ, ਬਲਜੀਤ ਸਿੰਘ, ਹਰਿੰਦਰ ਸਿੰਘ, ਚਰਨਜੀਤ ਸਿੰਘ, ਗੁਰਸਾਹਿਬ ਸਿੰਘ ਅਤੇ ਭੂਰਾ ਸਿੰਘ ਆਦਿ ਹਾਜ਼ਰ ਸਨ।