ਕਿਸਾਨਾਂ ਨੂੰ ਆਧੁਨਿਕ ਖੇਤੀ ਢੰਗਾਂ ਨਾਲ ਜੋੜਨ ਲਈ ਉਪਰਾਲੇ ਜਾਰੀ
ਅਗਾਂਹਵਧੂ ਕਿਸਾਨਾਂ ਅਤੇ ਵਿਭਾਗੀ ਅਧਿਕਾਰੀਆਂ
Publish Date: Fri, 20 Feb 2026 08:13 PM (IST)
Updated Date: Sat, 21 Feb 2026 04:15 AM (IST)
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਸਥਾਨਕ ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਵਿਗਿਆਨਕ ਸਲਾਹਕਾਰ ਕਮੇਟੀ ਦੀ ਮਹੱਤਵਪੂਰਨ ਮੀਟਿੰਗ ਕੀਤੀ ਗਈ, ਜਿਸ ਦੀ ਪ੍ਰਧਾਨਗੀ ਡਾ. ਤਰਸੇਮ ਸਿੰਘ ਢਿੱਲੋਂ, ਅਪਰ ਨਿਰਦੇਸ਼ਕ ਪਸਾਰ ਸਿੱਖਿਆ, ਪੰਜਾਬ ਖੇਤਬਾੜੀ ਯੂਨੀਵਰਸਿਟੀ ਵੱਲੋਂ ਕੀਤੀ ਗਈ। ਮੀਟਿੰਗ ਦਾ ਉਦੇਸ਼ ਖੇਤੀਬਾੜੀ ਖੇਤਰ ਵਿਚ ਨਵੀਂਆਂ ਤਕਨੀਕਾਂ ਦੇ ਪ੍ਰਚਾਰ-ਪ੍ਰਸਾਰ ਅਤੇ ਆਉਣ ਵਾਲੇ ਸਾਲ ਲਈ ਕਾਰਜ ਯੋਜਨਾ ਤਿਆਰ ਕਰਨਾ ਸੀ। ਮੀਟਿੰਗ ਦੌਰਾਨ ਡਾ. ਗੁਰਦੀਪ ਸਿੰਘ, ਡਿਪਟੀ ਡਾਇਰੈਕਟਰ (ਸਿਖਲਾਈ), ਵੱਲੋਂ ਸਾਲ 2025 ਦੀ ਕਾਰਵਾਈ ਅਤੇ ਪ੍ਰਗਤੀ ਰਿਪੋਰਟ ਪੇਸ਼ ਕੀਤੀ ਗਈ। ਉਨ੍ਹਾਂ ਨੇ ਕ੍ਰਿਸ਼ੀ ਵਿਗਿਆਨ ਕੇਂਦਰ ਬਠਿੰਡਾ ਵੱਲੋਂ ਲਗਾਏ ਗਏ ਸਿਖਲਾਈ ਕੋਰਸਾਂ, ਖੇਤ ਤਜਰਬਿਆਂ, ਪ੍ਰਦਰਸ਼ਨੀਆਂ ਅਤੇ ਤਕਨੀਕੀ ਮਾਰਗਦਰਸ਼ਨ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਕੇਂਦਰ ਵੱਲੋਂ ਕਿਸਾਨਾਂ ਨੂੰ ਆਧੁਨਿਕ ਖੇਤੀ ਤਰੀਕਿਆਂ ਨਾਲ ਜੋੜਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।
ਡਾ. ਤਰਸੇਮ ਸਿੰਘ ਢਿੱਲੋਂ ਨੇ ਸਬੰਧਿਤ ਵਿਭਾਗਾਂ ਨਾਲ ਸਹਿਯੋਗ ਨੂੰ ਹੋਰ ਮਜ਼ਬੂਤ ਬਣਾਉਣ ‘ਤੇ ਜ਼ੋਰ ਦਿੱਤਾ ਅਤੇ ਕਾਰਜ ਯੋਜਨਾ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਸੁਝਾਅ ਮੰਗੇ। ਉਨ੍ਹਾਂ ਫ਼ਸਲਾਂ ਦੀ ਪੈਕਿੰਗ ਅਤੇ ਪ੍ਰੋਸੈਸਿੰਗ ਨੂੰ ਪ੍ਰਾਥਮਿਕਤਾ ਦੇਣ ਦੀ ਸਲਾਹ ਦਿੱਤੀ ਤਾਂ ਜੋ ਕਿਸਾਨ ਵਧੇਰੇ ਮੁਨਾਫ਼ਾ ਕਮਾ ਸਕਣ। ਇਸਦੇ ਨਾਲ ਹੀ ਪਰਾਲੀ ਦੇ ਸੁਚੱਜੇ ਪ੍ਰਬੰਧ ਅਤੇ ਇਸਨੂੰ ਸਾੜਨ ਦੇ ਰੁਝਾਨ ਨੂੰ ਰੋਕਣ ਲਈ ਸਾਂਝੀ ਕੋਸ਼ਿਸ਼ਾਂ ਕਰਨ ਦੀ ਅਪੀਲ ਕੀਤੀ। ਇਸ ਦੌਰਾਨ ਵੱਖ-ਵੱਖ ਵਿਭਾਗਾਂ ਦੇ ਪ੍ਰਤੀਨਿਧੀਆਂ ਨੇ ਆਪਣੇ-ਆਪਣੇ ਮਸਵਰੇ ਸਾਂਝੇ ਕਰਦੇ ਹੋਏ ਅਗਲੇ ਸਾਲ ਦੀ ਯੋਜਨਾ ਤਿਆਰ ਕਰਨ ਲਈ ਮਹੱਤਵਪੂਰਨ ਸੁਝਾਅ ਦਿੱਤੇ।
ਖਾਸ ਤੌਰ ’ਤੇ ਸਬਜ਼ੀਆਂ ਦੇ ਬੀਜ ਉਤਪਾਦਨ, ਨਰਸਰੀ ਤਿਆਰ ਕਰਨ, ਘਰੇਲੂ ਬਗੀਚੀ ਅਤੇ ਪ੍ਰਦਰਸ਼ਨੀ ਪਲਾਟ ਲਗਾ ਕੇ ਵੱਧ ਤੋਂ ਵੱਧ ਪਰਿਵਾਰਾਂ ਨੂੰ ਖੇਤੀ ਨਾਲ ਜੋੜਨ ‘ਤੇ ਜ਼ੋਰ ਦਿੱਤਾ ਗਿਆ। ਮੁੱਖ ਖੇਤੀਬਾੜੀ ਅਫਸਰ ਬਠਿੰਡਾ ਨੇ ਵਿਭਾਗੀ ਟਰੇਨਿੰਗਾਂ ਦੇ ਵਿਸਥਾਰ ਬਾਰੇ ਆਪਣੇ ਵਿਚਾਰ ਪ੍ਰਗਟ ਕੀਤੇ। ਇਸ ਮੌਕੇ ਮੁੱਖ ਮਹਿਮਾਨਾਂ ਅਤੇ ਖੇਤੀਬਾੜੀ ਅਤੇ ਕਿਸਾਨ ਭਲਾਈ, ਜੰਗਲਾਤ, ਡੇਅਰੀ, ਸਾਗਬਾਨੀ ਅਤੇ ਭੂਮੀ ਰੱਖਿਆ ਵਿਭਾਗਾਂ ਦੇ ਨੁਮਾਇੰਦਿਆਂ ਨੇ ਵੱਖ-ਵੱਖ ਪ੍ਰਦਰਸ਼ਨੀ ਯੂਨਿਟਾਂ ਦਾ ਦੌਰਾ ਕਰਕੇ ਕੇਂਦਰ ਦੀਆਂ ਗਤੀਵਿਧੀਆਂ ਦੀ ਸਰਾਹਨਾ ਕੀਤੀ। ਡਾ. ਤੇਜਬੀਰ ਸਿੰਘ ਫੁੱਟਰ ਵੱਲੋਂ ਆਉਣ ਵਾਲੇ ਸਾਲ ਦੀ ਵਿਉਂਤਬੰਦੀ ਸਾਂਝੀ ਕੀਤੀ ਗਈ, ਜਦਕਿ ਡਾ. ਗੁਰਮੀਤ ਸਿੰਘ ਨੇ ਸਭ ਹਾਜ਼ਰੀਨਾਂ ਦਾ ਧੰਨਵਾਦ ਕੀਤਾ ਅਤੇ ਸਹਿਯੋਗ ਲਈ ਆਭਾਰ ਪ੍ਰਗਟਾਇਆ। ਮੀਟਿੰਗ ਵਿਚ ਵੱਖ-ਵੱਖ ਵਿਭਾਗਾਂ ਦੇ ਮੁਖੀਆਂ, ਅਗਾਂਹਵਧੂ ਕਿਸਾਨਾਂ ਅਤੇ ਕਿਸਾਨ ਬੀਬੀਆਂ ਨੇ ਉਤਸ਼ਾਹ ਨੇ ਵੀ ਭਾਗ ਲਿਆ।