ਮੀਰੀ ਪੀਰੀ ਯੁਵਕ ਸੇਵਾਵਾਂ ਕਲੱਬ ਵੱਲੋਂ ਤਿੰਨ ਦਿਨਾ ਫੁੱਟਬਾਲ ਟੂਰਨਾਮੈਂਟ ਸ਼ੁਰੂ
ਮੀਰੀ ਪੀਰੀ ਯੁਵਕ ਸੇਵਾਵਾਂ ਕਲੱਬ ਵੱਲੋਂ ਤਿੰਨ ਰੋਜ਼ਾ ਫੁੱਟਬਾਲ ਟੂਰਨਾਮੈਂਟ ਦੀ ਸ਼ੁਰੂਆਤ
Publish Date: Sat, 21 Feb 2026 07:01 PM (IST)
Updated Date: Sun, 22 Feb 2026 04:12 AM (IST)

ਹਰਪ੍ਰੀਤ ਮਦੇਸ਼ਾ, ਪੰਜਾਬੀ ਜਾਗਰਣ, ਨਥਾਣਾ : ਪਿਛਲੇ ਕਈ ਸਾਲਾਂ ਤੋਂ ਸਮਾਜਿਕ ਅਤੇ ਖੇਡ ਗਤੀਵਿਧੀਆਂ ਵਿੱਚ ਸਰਗਰਮ ਮੀਰੀ ਪੀਰੀ ਯੁਵਕ ਸੇਵਾਵਾਂ ਕਲੱਬ ਬੱਲੋ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਤਿੰਨ ਰੋਜ਼ਾ ਫੁੱਟਬਾਲ ਟੂਰਨਾਮੈਂਟ ਦੀ ਸ਼ੁਰੂਆਤ ਕੀਤੀ ਗਈ। ਇਹ ਟੂਰਨਾਮੈਂਟ 22 ਫ਼ਰਵਰੀ ਨੂੰ ਸਮਾਪਤ ਹੋਵੇਗਾ। ਉਦਘਾਟਨੀ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸਰਬਜੀਤ ਸਿੰਘ ਸ਼ਾਮਲ ਹੋਏ। ਉਨ੍ਹਾਂ ਨੇ ਖਿਡਾਰੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਅਸ਼ੀਰਵਾਦ ਦਿੱਤਾ ਅਤੇ ਖੇਡ ਭਾਵਨਾ ਨਾਲ ਮੈਦਾਨ ਵਿੱਚ ਉਤਰਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਅਨੁਸ਼ਾਸਨ, ਇਕਤਾ ਅਤੇ ਤੰਦਰੁਸਤੀ ਦਾ ਸਬਕ ਸਿਖਾਉਂਦੀਆਂ ਹਨ। ਇਸ ਮੌਕੇ ਗੁਰਲਾਲ ਸਿੰਘ ਨੰਬਰਦਾਰ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਕਲੱਬ ਦੇ ਪ੍ਰਧਾਨ ਗੁਰਦੀਪ ਸਿੰਘ ਰਾਜੂ ਨੇ ਦੱਸਿਆ ਕਿ ਟੂਰਨਾਮੈਂਟ ਵਿੱਚ ਲਗਭਗ 20 ਟੀਮਾਂ ਭਾਗ ਲੈ ਰਹੀਆਂ ਹਨ ਅਤੇ ਸਭ ਟੀਮਾਂ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਖੇਡ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕਲੱਬ ਦਾ ਮਕਸਦ ਪਿੰਡ ਅਤੇ ਇਲਾਕੇ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਉਨ੍ਹਾਂ ਨੂੰ ਸਿਹਤਮੰਦ ਜੀਵਨਸ਼ੈਲੀ ਵੱਲ ਪ੍ਰੇਰਿਤ ਕਰਨਾ ਹੈ। ਇਸ ਮੌਕੇ ਜਿੰਮੀ ਭੁੱਲਰ ਅਤੇ ਲੱਭੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਜੇ ਨੌਜਵਾਨਾਂ ਨੂੰ ਖੇਡ ਮੈਦਾਨਾਂ ਨਾਲ ਜੋੜਿਆ ਜਾਵੇ ਤਾਂ ਉਹ ਨਸ਼ਿਆਂ ਵਰਗੀਆਂ ਬੁਰਾਈਆਂ ਤੋਂ ਦੂਰ ਰਹਿ ਸਕਦੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਟੂਰਨਾਮੈਂਟ ਨੌਜਵਾਨਾਂ ਵਿੱਚ ਆਪਸੀ ਭਾਈਚਾਰਾ ਅਤੇ ਟੀਮ ਸਪਿਰਿਟ ਨੂੰ ਮਜ਼ਬੂਤ ਕਰਦੇ ਹਨ। ਟੂਰਨਾਮੈਂਟ ਦੌਰਾਨ ਕੁਲਦੀਪ ਸਿੰਘ, ਰਾਜਵੀਰ ਬਰਾੜ, ਮਾਸਟਰ ਗੁਰਮੁਖ ਸਿੰਘ, ਗੁਰਪ੍ਰੀਤ ਸਿੰਘ ਬੱਗੀ (ਪ੍ਰਧਾਨ) ਸਮੇਤ ਕਈ ਮੋਹਤਵਰ ਵਿਅਕਤੀ ਮੌਜੂਦ ਰਹੇ। ਟੂਰਨਾਮੈਂਟ ਦੇ ਆਗਾਮੀ ਦਿਨਾਂ ਵਿੱਚ ਰੋਮਾਂਚਕ ਮੁਕਾਬਲਿਆਂ ਦੀ ਉਮੀਦ ਜਤਾਈ ਜਾ ਰਹੀ ਹੈ ਅਤੇ ਇਲਾਕੇ ਦੇ ਖੇਡ ਪ੍ਰੇਮੀਆਂ ਵਿੱਚ ਖਾਸਾ ਉਤਸ਼ਾਹ ਦੇਖਿਆ ਜਾ ਰਿਹਾ ਹੈ।