ਖਾਲਸਾ ਕਾਲਜ ’ਚ ਆਨਲਾਈਨ ਲੈਕਚਰ ਕਰਵਾਇਆ
ਖਾਲਸਾ ਕਾਲਜ ਵਿਚ ਆਨਲਾਈਨ ਲੈਕਚਰ ਕਰਵਾਇਆ
Publish Date: Sun, 22 Feb 2026 07:38 PM (IST)
Updated Date: Mon, 23 Feb 2026 04:13 AM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ, ਭਗਤਾ ਭਾਈਕਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਸਕੱਤਰ ਸੁਖਮਿੰਦਰ ਸਿੰਘ ਅਤੇ ਸਿਕੰਦਰ ਸਿੰਘ ਮਲੂਕਾ ਸਾਬਕਾ ਕੈਬਨਿਟ ਮੰਤਰੀ ਪੰਜਾਬ ਅਤੇ ਆਨਰੇਰੀ ਸਕੱਤਰ ਕਾਲਜ ਦੀ ਰਹਿਨੁਮਾਈ ਅਤੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਲਾਕੇ ਦੀ ਨਾਮਵਰ ਸੰਸਥਾ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਭਗਤਾ ਭਾਈਕਾ ਵੱਲੋਂ ਕਾਲਜ ਪ੍ਰਿੰਸੀਪਲ ਡਾ. ਸਤਿੰਦਰ ਕੌਰ ਮਾਨ ਦੀ ਅਗਵਾਈ ਹੇਠ ਕਾਮਰਸ ਵਿਭਾਗ ਵੱਲੋਂ ਵਿਦਿਆਰਥੀਆਂ ਵਿਚ ਵਿੱਤੀ ਸਿੱਖਿਆ ਪ੍ਰਤੀ ਜਾਗਰੂਕਤਾ ਪੈਦਾ ਕਰਨ ਤੇ ਉਨ੍ਹਾਂ ਨੂੰ ਆਧੁਨਿਕ ਆਰਥਿਕ ਪ੍ਰਣਾਲੀ ਨਾਲ ਜਾਣੂ ਕਰਵਾਉਣ ਦੇ ਉਦੇਸ਼ ਨਾਲ ਇਕ ਮਹੱਤਵਪੂਰਨ ਆਨਲਾਈਨ ਲੈਕਚਰ ਕਰਵਾਇਆ ਗਿਆ। ਇਸ ਲੈਕਚਰ ਵਿਚ ਕਾਲਜ ਦੇ ਕਾਮਰਸ ਵਿਭਾਗ ਦੇ 50 ਵਿਦਿਆਰਥੀਆਂ ਤੇ ਅਧਿਆਪਕਾਂ ਨੇ ਸ਼ਮੂਲੀਅਤ ਕੀਤੀ। ਲੈਕਚਰ ਦੌਰਾਨ ਪੂਜਾ ਮਹਾਜਨ ਕੋਹਲੀ (ਸਕਿਊਰਿਟੀ ਮਾਰਕੀਟ ਟ੍ਰੇਨਰ ਐਸਬੀਆਈਈ ਅਧੀਨ ਰਜਿਸਟਰਡ) ਨੇ ਵਿਦਿਆਰਥੀਆਂ ਨੂੰ ਫਾਇਨੈਂਸ਼ਲ ਲਿਟਰੇਸੀ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦੇ ਹੋਏ ਬਚਤ ਕਰਨ ਦੇਤਰੀਕੇ, ਬਜਟ ਬਣਾਉਣ ਦੀ ਲੋੜ, ਸਹੀ ਨਿਵੇਸ਼ ਦੇ ਵਿਕਲਪ ਅਤੇ ਡਿਜ਼ਿਟਲ ਬੈਂਕਿੰਗ ਦੀ ਸੁਰੱਖਿਅਤ ਵਰਤੋਂ ਬਾਰੇ ਵਿਸਥਾਰ ਨਾਲ ਸਮਝਾਇਆ।
ਉਨ੍ਹਾਂ ਕਿਹਾ ਕਿ ਮੌਜੂਦਾ ਯੁੱਗ ਵਿਚ ਵਿੱਤੀ ਗਿਆਨ ਸਿਰਫ਼ ਵਪਾਰ ਜਾਂ ਨੌਕਰੀ ਤੱਕ ਸੀਮਿਤ ਨਹੀਂ ਰਹਿ ਗਿਆ, ਸਗੋਂ ਹਰ ਵਿਅਕਤੀ ਦੀ ਰੋਜ਼ਾਨਾ ਜ਼ਿੰਦਗੀ ਦਾ ਇੱਕ ਅਹਿਮ ਹਿੱਸਾ ਬਣ ਚੁੱਕਾ ਹੈ।ਪੂਜਾ ਮਹਾਜਨ ਕੋਹਲੀ ਨੇ ਵਿਦਿਆਰਥੀਆਂ ਨੂੰ ਆਨਲਾਈਨ ਫ੍ਰਾਡ ਅਤੇ ਠੱਗੀ ਤੋਂ ਬਚਣ ਲਈ ਸਾਵਧਾਨੀਆਂ ਬਾਰੇ ਵੀ ਜਾਣਕਾਰੀ ਦਿੱਤੀ ਤੇ ਡਿਜੀਟਲ ਲੈਣ-ਦੇਣ ਕਰਦੇ ਸਮੇਂ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨ ਦੀ ਸਲਾਹ ਦਿੱਤੀ। ਕਾਲਜ ਪ੍ਰਿੰਸੀਪਲ ਡਾ. ਸਤਿੰਦਰ ਕੌਰ ਮਾਨ ਨੇ ਕਿਹਾ ਕਿ ਇਸ ਤਰ੍ਹਾਂ ਦੇ ਜਾਗਰੂਕਤਾ ਪ੍ਰੋਗਰਾਮ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਬਹੁਤ ਲਾਭਦਾਇਕ ਹਨ। ਉਨ੍ਹਾਂ ਨੇ ਦੱਸਿਆ ਕਿ ਕਾਲਜ ਭਵਿੱਖ ਵਿਚ ਵੀ ਇਸ ਤਰ੍ਹਾਂ ਦੇ ਲੈਕਚਰ ਕਰਵਾਉਂਦਾ ਰਹੇਗਾ ਤਾਂ ਜੋ ਵਿਦਿਆਰਥੀ ਸਮਾਜ ਵਿਚ ਸੁਚੇਤ ਅਤੇ ਆਤਮ-ਨਿਰਭਰ ਨਾਗਰਿਕ ਬਣ ਸਕਣ। ਇਸ ਮੌਕੇ ਕਾਮਰਸ ਵਿਭਾਗ ਦੇ ਮੁਖੀ ਪ੍ਰੋ. ਲਖਵੀਰ ਕੌਰ, ਪ੍ਰੋ. ਕਿਰਨਜੀਤ ਕੌਰ, ਪ੍ਰੋ. ਅਮਨਦੀਪ ਕੌਰ ਅਤੇ ਪ੍ਰੋ. ਮੇਘਾ ਰੇਵਾਲ ਸ਼ਾਮਲ ਸਨ।