ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਵੱਲੋਂ 8 ਮਾਰਚ ਨੂੰ ਪੰਜਾਬ ਵਿਧਾਨ ਸਭਾ ਵੱਲ ਮਾਰਚ ਕਰਨ ਦਾ ਐਲਾਨ

ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ
ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਸਾਂਝੀਆਂ ਅਤੇ ਜਾਇਜ਼ ਮੰਗਾਂ ਨੂੰ ਲੈ ਕੇ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਵੱਲੋਂ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ। ਇਸੇ ਕੜੀ ਤਹਿਤ ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਬਜਟ ਸੈਸ਼ਨ ਦੌਰਾਨ ਵੀ ਰੋਸ ਪ੍ਰਦਰਸ਼ਨਾਂ ਦੀ ਲੜੀ ਜਾਰੀ ਰਹੇਗੀ ਅਤੇ 8 ਮਾਰਚ ਨੂੰ ਪੰਜਾਬ ਵਿਧਾਨ ਸਭਾ ਵੱਲ ਮਾਰਚ ਕੀਤਾ ਜਾਵੇਗਾ। ਇਸ ਸਬੰਧੀ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ 1406/22 ਬੀ ਜ਼ਿਲ੍ਹਾ ਬਠਿੰਡਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਹਰਨੇਕ ਸਿੰਘ ਗਹਿਰੀ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਪੀਡਬਲਯੂਡੀ ਫੀਲਡ ਐਂਡ ਵਰਕਸ਼ਾਪ ਵਰਕਰ ਯੂਨੀਅਨ ਦੇ ਸੂਬਾ ਆਗੂ ਬਲਰਾਜ ਮੌੜ ਸਮੇਤ ਕਿਸ਼ੋਰ ਚੰਦ ਗਾਜ, ਜਸਪਾਲ ਸਿੰਘ ਜੱਸੀ, ਹੰਸਰਾਜ ਬੀਜਵਾ, ਸੁਖਚੈਨ ਸਿੰਘ, ਦਰਸ਼ਨ ਸ਼ਰਮਾ, ਧਰਮ ਸਿੰਘ ਕੋਠਾ ਗੁਰੂ, ਲਖਵੀਰ ਸਿੰਘ ਭਾਗੀਵਾਂਦਰ ਅਤੇ ਕੁਲਵੰਤ ਸਿੰਘ ਬੁਰਜ ਥਰੋੜ ਨੇ ਕਿਹਾ ਕਿ ਇਨਕਲਾਬ ਦੇ ਨਾਅਰੇ ਨਾਲ ਬਣੀ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਚੋਣਾਂ ਦੌਰਾਨ ਵੱਡੇ ਵਾਅਦੇ ਅਤੇ ਗਰੰਟੀਆਂ ਕੀਤੀਆਂ ਸਨ ਪਰ ਹੁਣ ਤਕ ਉਨ੍ਹਾਂ ਮੰਗਾਂ ਨੂੰ ਲਾਗੂ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕਾਨਟਰੈਕਟ, ਵੇਜਿਜ਼ ਤੇ ਆਊਟਸੋਰਸਿੰਗ ਰਾਹੀਂ ਭਰਤੀ ਕੀਤੇ ਮੁਲਾਜ਼ਮ 15 ਤੋਂ 20 ਸਾਲਾਂ ਤੋਂ ਸੇਵਾਵਾਂ ਨਿਭਾ ਰਹੇ ਹਨ, ਪਰ ਉਨ੍ਹਾਂ ਨੂੰ ਅਜੇ ਤਕ ਰੈਗੂਲਰ ਨਹੀਂ ਕੀਤਾ ਗਿਆ। ਸਰਕਾਰ ਵੱਲੋਂ ਹਰ ਛੇ ਮਹੀਨੇ ਬਾਅਦ ਮੁਲਾਜ਼ਮਾਂ ਦੀਆਂ ਲਿਸਟਾਂ ਮੰਗੀਆਂ ਜਾਂਦੀਆਂ ਹਨ ਪਰ ਕੋਈ ਢੁੱਕਵਾਂ ਫੈਸਲਾ ਨਹੀਂ ਕੀਤਾ ਜਾਂਦਾ।
ਆਗੂਆਂ ਨੇ ਦੱਸਿਆ ਕਿ ਪੰਜਾਬ ਦੇ ਮੁਲਾਜ਼ਮ ਹੋਰ ਸੂਬਿਆਂ ਦੇ ਮੁਕਾਬਲੇ 16 ਫੀਸਦੀ ਡੀਏ ਤੋਂ ਵਾਂਝੇ ਹਨ ਅਤੇ ਡੀਏ ਦੀਆਂ ਕਿਸਤਾਂ ਵੀ ਜਾਰੀ ਨਹੀਂ ਕੀਤੀਆਂ ਜਾ ਰਹੀਆਂ। ਇਸ ਤੋਂ ਇਲਾਵਾ ਪੇ ਕਮਿਸ਼ਨ ਦੇ ਬਕਾਏ ਦੀ ਅਦਾਇਗੀ ਨਹੀਂ ਹੋ ਰਹੀ ਅਤੇ ਚੋਣਾਂ ਦੌਰਾਨ ਕੀਤਾ ਵਾਅਦਾ ਹੋਣ ਦੇ ਬਾਵਜੂਦ ਪੰਜਾਬ ਸਰਕਾਰ ਤੇ ਬੋਰਡਾਂ-ਕਾਰਪੋਰੇਸ਼ਨਾਂ ਵਿੱਚ ਪੁਰਾਣੀ ਪੈਨਸ਼ਨ ਸਕੀਮ ਵੀ ਬਹਾਲ ਨਹੀਂ ਕੀਤੀ ਗਈ। ਪੈਨਸ਼ਨਰਾਂ ਲਈ 2.59 ਗੁਣਾਂਕ ਵੀ ਲਾਗੂ ਨਹੀਂ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਮੰਗ ਪੱਤਰ ਵਿੱਚ ਦਰਜ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਦਾ ਕੋਈ ਨਿਪਟਾਰਾ ਨਾ ਹੋਣ ਕਾਰਨ ਸਰਕਾਰ ਪ੍ਰਤੀ ਗੁੱਸਾ ਵਧ ਰਿਹਾ ਹੈ। ਇਸ ਲਈ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਲਗਾਤਾਰ ਰੋਸ ਪ੍ਰਦਰਸ਼ਨ ਕੀਤੇ ਜਾਣਗੇ ਅਤੇ 8 ਮਾਰਚ ਨੂੰ ਕੀਤੇ ਜਾਣ ਵਾਲੇ ਰੋਸ ਮੁਜ਼ਾਹਰੇ ਵਿਚ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਮੁਲਾਜ਼ਮ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨਗੇ। ਮੀਟਿੰਗ ਵਿਚ ਰਾਜਪਾਲ ਜਗਲਾਤ, ਰਣਜੀਤ ਸਿੰਘ ਸਿਧੂ, ਅੰਮ੍ਰਿਤਪਾਲ ਸਿੰਘ, ਸੁਰੇਸ਼ ਕੁਮਾਰ ਗੋਨਿਆਨਾ, ਹਰਪ੍ਰੀਤ ਸਿੰਘ, ਅੰਗਰੇਜ਼ ਮੌੜ, ਪਰਮ ਚੰਦ ਬਠਿੰਡਾ, ਗੁਰਜੰਟ ਸਿੰਘ ਮਾਨ, ਪੂਰਨ ਸਿੰਘ, ਹਰਮਨਪ੍ਰੀਤ ਸਿੰਘ, ਸੁਨੀਲ ਕੁਮਾਰ, ਅਮਨਦੀਪ ਸਿੰਘ, ਸੁਖਰਾਜ ਸਿੰਘ, ਜਗਦੀਪ ਫੂਸਮੰਡੀ, ਬਲਜਿੰਦਰ ਸਿੰਘ, ਗੁਰਭੇਜ ਭੇਜੀ ਸਮੇਤ ਹੋਰ ਆਗੂ ਵੀ ਵੱਡੀ ਗਿਣਤੀ ਵਿੱਚ ਮੌਜੂਦ ਸਨ।