ਕੈਂਸਰ ਦੀ ਬਿਮਾਰੀ ਕਾਰਨ ਨੌਜਵਾਨ ਦੀ ਮੌਤ
ਕੈਂਸਰ ਦੀ ਬਿਮਾਰੀ ਕਾਰਨ ਨੌਜਵਾਨ ਦੀ ਮੌਤ
Publish Date: Thu, 12 Mar 2026 04:23 PM (IST)
Updated Date: Thu, 12 Mar 2026 04:24 PM (IST)

ਧਰਮਪਾਲ ਸਿੰਘ, ਪੰਜਾਬੀ ਜਾਗਰਣ ਸੰਗਤ ਮੰਡੀ : ਜ਼ਿਲ੍ਹੇ ਦੇ ਪਿੰਡ ਫਰੀਦਕੋਟ ਕੋਟਲੀ ’ਚ ਇੱਕ ਨੌਜਵਾਨ ਦੀ ਕੈਂਸਰ ਦੀ ਭਿਆਨਕ ਬਿਮਾਰੀ ਕਾਰਨ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ ਹਰਪ੍ਰੀਤ ਸਿੰਘ (22) ਵਜੋਂ ਹੋਈ ਹੈ, ਜਿਸ ਅਜੇ ਵਿਆਹ ਵੀ ਨਹੀਂ ਹੋਇਆ ਸੀ। ਨੌਜਵਾਨ ਦੀ ਅਚਾਨਕ ਮੌਤ ਨਾਲ ਪਿੰਡ ਅਤੇ ਇਲਾਕੇ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ। ਪਰਿਵਾਰਕ ਮੈਂਬਰਾਂ ਅਨੁਸਾਰ ਹਰਪ੍ਰੀਤ ਸਿੰਘ ਦੇ ਪਹਿਲਾਂ ਪੈਰ ’ਚ ਇੱਕ ਗੰਢ ਬਣ ਗਈ ਸੀ, ਜੋ ਬਾਅਦ ਵਿੱਚ ਕੈਂਸਰ ਦੀ ਬਿਮਾਰੀ ਵਿੱਚ ਤਬਦੀਲ ਹੋ ਗਈ। ਪਰਿਵਾਰ ਵੱਲੋਂ ਉਸ ਦਾ ਇਲਾਜ ਕਰਵਾਉਣ ਲਈ ਕਾਫ਼ੀ ਕੋਸ਼ਿਸ਼ਾਂ ਕੀਤੀਆਂ ਗਈਆਂ। ਇਲਾਜ ਦੌਰਾਨ ਡਾਕਟਰਾਂ ਨੇ ਕੈਂਸਰ ਨੂੰ ਅੱਗੇ ਫੈਲਣ ਤੋਂ ਰੋਕਣ ਲਈ ਹਰਪ੍ਰੀਤ ਦਾ ਅੱਧਾ ਪੈਰ ਵੀ ਕੱਟ ਦਿੱਤਾ, ਪਰ ਇਸ ਦੇ ਬਾਵਜੂਦ ਵੀ ਉਸ ਦੀ ਜਾਨ ਨਹੀਂ ਬਚ ਸਕੀ। ਉਕਤ ਨੌਜਵਾਨ ਦਾ ਬਠਿੰਡਾ ਦੇ ਕੈਂਸਰ ਹਸਪਤਾਲ ਵਿੱਚ ਲੰਮੇ ਸਮੇਂ ਤੋਂ ਇਲਾਜ਼ ਚੱਲ ਰਿਹਾ ਸੀ। ਕਿਸਾਨ ਆਗੂ ਹਰਵਿੰਦਰ ਸਿੰਘ ਨੇ ਦੱਸਿਆ ਕਿ ਹਰਪ੍ਰੀਤ ਸਿੰਘ ਹਿੰਮਤੀ ਅਤੇ ਮਿਲਣਸਾਰ ਸੁਭਾਅ ਦਾ ਮਾਲਕ ਸੀ। ਉਸ ਦੀ ਅਚਾਨਕ ਮੌਤ ਨਾਲ ਪਰਿਵਾਰ ਤੇ ਪਿੰਡ ਵਾਸੀਆਂ ਨੂੰ ਵੱਡਾ ਸਦਮਾ ਲੱਗਿਆ ਹੈ। ਉਨ੍ਹਾਂ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਮਾਲਵਾ ਖੇਤਰ ਵਿੱਚ ਕੈਂਸਰ ਦੀ ਬਿਮਾਰੀ ਲਗਾਤਾਰ ਪੈਰ ਪਸਾਰ ਰਹੀ ਹੈ। ਪਿੰਡਾਂ ਵਿਚ ਇਸ ਬਿਮਾਰੀ ਦੇ ਦਰਜਨਾਂ ਮਰੀਜ਼ ਮਿਲ ਜਾਣਗੇ, ਜੋ ਇਕ ਗੰਭੀਰ ਸਮੱਸਿਆ ਬਣਦੀ ਜਾ ਰਹੀ ਹੈ। ਲੋਕਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਕੈਂਸਰ ਵਰਗੀ ਖ਼ਤਰਨਾਕ ਬਿਮਾਰੀ ਦੇ ਕਾਰਨਾਂ ਦੀ ਜਾਂਚ ਕਰ ਕੇ ਇਲਾਕੇ ਦੇ ਲੋਕਾਂ ਨੂੰ ਬਚਾਉਣ ਲਈ ਢੁੱਕਵੇਂ ਕਦਮ ਚੁੱਕੇ ਜਾਣ।