ਕਿਸਾਨ ਮੇਲਾ 24 ਮਾਰਚ ਨੂੰ
ਕਿਸਾਨ ਮੇਲਾ 24 ਮਾਰਚ ਨੂੰ
Publish Date: Thu, 19 Mar 2026 05:07 PM (IST)
Updated Date: Thu, 19 Mar 2026 05:10 PM (IST)

- ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵਿਸ਼ੇਸ਼ ਤੌਰ ’ਤੇ ਕਰਨਗੇ ਸ਼ਿਰਕਤ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਖੇਤਰੀ ਖੋਜ ਕੇਂਦਰ ਡੱਬਵਾਲੀ ਰੋਡ ਬਠਿੰਡਾ ਵੱਲੋਂ 24 ਮਾਰਚ ਮੰਗਲਵਾਰ ਨੂੰ ਇਕ ਵਿਸ਼ਾਲ ਕਿਸਾਨ ਮੇਲਾ ਲਾਇਆ ਜਾ ਰਿਹਾ ਹੈ। ਇਹ ਮੇਲਾ ਖੇਤੀਬਾੜੀ ਨਾਲ ਜੁੜੇ ਨਵੇਂ ਤਜ਼ਰਬਿਆਂ ਅਤੇ ਤਕਨੀਕੀ ਜਾਣਕਾਰੀ ਨੂੰ ਕਿਸਾਨਾਂ ਤੱਕ ਪਹੁੰਚਾਉਣ ਲਈ ਇੱਕ ਮਹੱਤਵਪੂਰਨ ਮੰਚ ਸਾਬਤ ਹੋਵੇਗਾ। ਇਸ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਡਾ. ਕਰਮਜੀਤ ਸਿੰਘ ਸੇਖੋਂ ਨਿਰਦੇਸ਼ਕ ਖੇਤਰੀ ਖੋਜ ਕੇਂਦਰ ਬਠਿੰਡਾ ਦੀ ਪ੍ਰਧਾਨਗੀ ਹੇਠ ਕਨਵੀਨਰਾਂ ਅਤੇ ਕੋ-ਕਨਵੀਨਰਾਂ ਦੀ ਮੀਟਿੰਗ ਕੀਤੀ ਗਈ। ਇਸ ਦੌਰਾਨ ਮੇਲੇ ਦੀਆਂ ਸਾਰੀਆਂ ਤਿਆਰੀਆਂ ਨੂੰ ਸੁਚੱਜੇ ਢੰਗ ਨਾਲ ਮੁਕੰਮਲ ਕਰਨ ਲਈ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਮੇਲੇ ਦਾ ਮੁੱਖ ਵਿਸ਼ਾ ‘ਖੇਤੀ ਵਿਭਿੰਨਤਾ ਅਪਣਾਓ, ਵਡਮੁੱਲਾ ਵਾਤਾਵਰਣ ਬਚਾਓ’ ਰੱਖਿਆ ਗਿਆ ਹੈ। ਮੇਲੇ ਦੌਰਾਨ ਕਿਸਾਨਾਂ ਨੂੰ ਸਾਉਣੀ ਦੀਆਂ ਫਸਲਾਂ ਦੀਆਂ ਸੁਧਰੀਆਂ ਕਿਸਮਾਂ ਦੇ ਬੀਜ, ਸਬਜ਼ੀਆਂ ਦੀਆਂ ਕਿੱਟਾਂ, ਪਨੀਰੀ ਅਤੇ ਫਲਦਾਰ ਬੂਟੇ ਉਪਲਬਧ ਕਰਵਾਏ ਜਾਣਗੇ, ਜਿਸ ਨਾਲ ਉਹ ਨਵੀਨ ਖੇਤੀ ਪ੍ਰਣਾਲੀਆਂ ਨੂੰ ਅਪਣਾਉਣ ਵੱਲ ਪ੍ਰੇਰਿਤ ਹੋਣਗੇ। ਇਸ ਮੇਲੇ ਵਿਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਅਤੇ ਹੋਰ ਸਬੰਧਿਤ ਅਦਾਰਿਆਂ ਵੱਲੋਂ ਵੱਖ-ਵੱਖ ਪ੍ਰਦਰਸ਼ਨੀਆਂ ਲਾਈਆਂ ਜਾਣਗੀਆਂ। ਮਾਹਿਰਾਂ ਵੱਲੋਂ ਕਿਸਾਨਾਂ ਨੂੰ ਖੇਤੀਬਾੜੀ ਅਤੇ ਸਹਾਇਕ ਧੰਦਿਆਂ ਸਬੰਧੀ ਤਕਨੀਕੀ ਜਾਣਕਾਰੀ ਮੌਕੇ ’ਤੇ ਹੀ ਪ੍ਰਦਾਨ ਕੀਤੀ ਜਾਵੇਗੀ, ਜਿਸ ਨਾਲ ਕਿਸਾਨ ਆਪਣੀ ਆਮਦਨ ਵਧਾਉਣ ਦੇ ਨਵੇਂ ਰਸਤੇ ਜਾਣ ਸਕਣਗੇ। ਮੇਲੇ ਵਿਚ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਜਾਵੇਗੀ, ਜਦਕਿ ਸਮਾਗਮ ਦੀ ਪ੍ਰਧਾਨਗੀ ਡਾ. ਸਤਬੀਰ ਸਿੰਘ ਗੋਸਲ, ਵਾਈਸ ਚਾਂਸਲਰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਕਰਨਗੇ। ਇਸ ਤੋਂ ਇਲਾਵਾ ਮੇਲੇ ਵਿਚ ਫਸਲਾਂ, ਸਬਜ਼ੀਆਂ ਅਤੇ ਫਲਾਂ ਦੀ ਨੁਮਾਇਸ਼, ਖੇਤੀ ਸਾਹਿਤ ਦੀ ਵੰਡ ਅਤੇ ਸੁਆਣੀਆਂ ਲਈ ਘਰੇਲੂ ਉਦਯੋਗਾਂ ਸਬੰਧੀ ਵਿਸ਼ੇਸ਼ ਜਾਣਕਾਰੀ ਸੈਸ਼ਨ ਵੀ ਕਰਵਾਏ ਜਾਣਗੇ। ਡਾ. ਕਰਮਜੀਤ ਸਿੰਘ ਸੇਖੋਂ ਨੇ ਕਿਸਾਨਾਂ ਨੂੰ ਆਪਣੇ ਪਰਿਵਾਰ ਸਮੇਤ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਹੈ ਤਾਂ ਜੋ ਇਸ ਮੇਲੇ ਦਾ ਪੂਰਾ ਲਾਭ ਲਿਆ ਜਾ ਸਕੇ।