ਪੱਕਾ ਕਲਾਂ ’ਚ ਵਿਸ਼ਾਲ ਖ਼ੂਨਦਾਨ ਕੈਂਪ ਲਾਇਆ
ਪਿੰਡ ਪੱਕਾ ਕਲਾਂ ਵਿਚ ਵਿਸ਼ਾਲ ਖੂਨਦਾਨ ਕੈਂਪ ਲਾਇਆ
Publish Date: Thu, 26 Mar 2026 05:07 PM (IST)
Updated Date: Thu, 26 Mar 2026 05:11 PM (IST)
ਮੁਕੇਸ਼ ਸੋਨੀ, ਪੰਜਾਬੀ ਜਾਗਰਣ, ਰਾਮਾਂ ਮੰਡੀ : ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪਿੰਡ ਪੱਕਾ ਕਲਾਂ ਵਿਚ ਇਕ ਵਿਸ਼ਾਲ ਖ਼ੂਨਦਾਨ ਕੈਂਪ ਲਾਇਆ ਗਿਆ। ਇਹ ਕੈਂਪ ਪਿੰਡ ਦੇ ਸਰਪੰਚ ਬਲਕਰਨ ਸਿੰਘ, ਸਮੂਹ ਗ੍ਰਾਮ ਪੰਚਾਇਤ ਅਤੇ ਨਗਰ ਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗੋਬਿੰਦ ਸਿੰਘ ਚੈਰੀਟੇਬਲ ਬਲੱਡ ਸੈਂਟਰ ਬਠਿੰਡਾ ਵੱਲੋਂ ਲਾਇਆ ਗਿਆ। ਕੈਂਪ ਦਾ ਉਦਘਾਟਨ ਸ਼੍ਰੋਮਣੀ ਅਕਾਲੀ ਦਲ ਬਲਾਕ ਸੰਗਤ ਦੇ ਪ੍ਰਧਾਨ ਸੁਸ਼ੀਲ ਕੁਮਾਰ ਗੋਲਡੀ, ਮੈਂਬਰ ਸਿੰਘ ਮਸਾਣਾ ਅਤੇ ਸਰਪੰਚ ਬਲਕਰਨ ਸਿੰਘ ਵੱਲੋਂ ਸਾਂਝੇ ਤੌਰ ’ਤੇ ਕੀਤਾ ਗਿਆ। ਇਸ ਮੌਕੇ ਪਿੰਡ ਦੇ ਨੌਜਵਾਨਾਂ ਨੇ ਉਤਸ਼ਾਹ ਨਾਲ ਹਿੱਸਾ ਲੈਂਦੇ ਹੋਏ ਕੁੱਲ 40 ਯੂਨਿਟ ਖ਼ੂਨਦਾਨ ਕੀਤਾ। ਸੁਸ਼ੀਲ ਕੁਮਾਰ ਗੋਲਡੀ ਨੇ ਕਿਹਾ ਕਿ ਪੰਜਾਬ ਦੀ ਧਰਤੀ ਮਹਾਨ ਸ਼ਹੀਦਾਂ ਦੀ ਧਰਤੀ ਹੈ ਅਤੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਵਰਗੇ ਯੋਧਿਆਂ ਨੇ ਦੇਸ਼ ਦੀ ਆਜ਼ਾਦੀ ਲਈ ਆਪਣੇ ਜੀਵਨ ਦੀ ਕੁਰਬਾਨੀ ਦਿੱਤੀ। ਉਨ੍ਹਾਂ ਕਿਹਾ ਕਿ ਇਹ ਖ਼ੂਨਦਾਨ ਕੈਂਪ ਲੋੜਵੰਦ ਮਰੀਜ਼ਾਂ ਲਈ ਇਕ ਵੱਡਾ ਵਰਦਾਨ ਸਾਬਤ ਹੋਵੇਗਾ। ਕੈਂਪ ਦੌਰਾਨ ਖ਼ੂਨਦਾਨੀਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।