ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਰੈਲੀ ਕੱਢੀ
ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਰੈਲੀ ਕੱਢੀ
Publish Date: Thu, 26 Mar 2026 05:10 PM (IST)
Updated Date: Thu, 26 Mar 2026 05:14 PM (IST)

ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ ਤਲਵੰਡੀ ਸਾਬੋ : ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਤਲਵੰਡੀ ਸਾਬੋ ਵਿਖੇ ਐੱਨਐੱਸਐੱਸ, ਰੈੱਡ ਰਿਬਨ ਕਲੱਬ ਅਤੇ ਈਕੋ ਕਲੱਬ ਵੱਲੋਂ ਨਸ਼ਿਆਂ ਖ਼ਿਲਾਫ਼ ਵਿਸ਼ਾਲ ਜਾਗਰੂਕਤਾ ਰੈਲੀ ਕੱਢੀ ਗਈ। ਇਸ ਰੈਲੀ ਦਾ ਮੁੱਖ ਉਦੇਸ਼ ਨਗਰ ਵਾਸੀਆਂ ਨੂੰ ਨਸ਼ਿਆਂ ਵਰਗੀ ਭਿਆਨਕ ਸਮਾਜਿਕ ਬੁਰਾਈ ਤੋਂ ਬਚਣ ਲਈ ਜਾਗਰੂਕ ਕਰਨਾ ਸੀ। ਇਹ ਰੈਲੀ ਕਾਲਜ ਕੈਂਪਸ ਤੋਂ ਸ਼ੁਰੂ ਹੋ ਕੇ ਨਗਰ ਦੇ ਵੱਖ-ਵੱਖ ਇਲਾਕਿਆਂ ਵਿੱਚੋਂ ਲੰਘਦੀ ਹੋਈ ਗਿੱਲਾਂ ਵਾਲੇ ਖੂਹ ਤੱਕ ਪਹੁੰਚੀ। ਉੱਥੇ ਪਿੰਡ ਦੀ ਸੱਥ ਵਿਚ ਵਿਦਿਆਰਥੀਆਂ ਵੱਲੋਂ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਬਾਰੇ ਲੋਕਾਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ ਗਏ ਅਤੇ ਸਮਾਜ ਨੂੰ ਨਸ਼ਾਮੁਕਤ ਬਣਾਉਣ ਦਾ ਸੰਦੇਸ਼ ਦਿੱਤਾ ਗਿਆ। ਇਸ ਮੌਕੇ ਪ੍ਰੋਗਰਾਮ ਅਫਸਰ ਡਾ. ਸਪਨਜੀਤ ਕੌਰ ਨੇ ਵਿਦਿਆਰਥੀਆਂ ਨੂੰ ‘ਜ਼ਿੰਦਾਬਾਦ ਜ਼ਿੰਦਗੀ’ ਪ੍ਰੋਗਰਾਮ ਨਾਲ ਜੁੜਨ ਅਤੇ ਸਮਾਜ ਵਿਚ ਨਸ਼ਿਆਂ ਦੇ ਖਾਤਮੇ ਲਈ ਸਰਗਰਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਮੇਜਰ ਸਿੰਘ ਕਮਾਲੂ ਅਤੇ ਗੁਰਪ੍ਰੀਤ ਸਿੰਘ ਵੱਲੋਂ ਆਪਣੇ ਨਿੱਜੀ ਤਜ਼ਰਬੇ ਸਾਂਝੇ ਕਰਦੇ ਹੋਏ ਨਸ਼ਿਆਂ ਕਾਰਨ ਬਰਬਾਦ ਹੋਈਆਂ ਜ਼ਿੰਦਗੀਆਂ ਅਤੇ ਪਰਿਵਾਰਾਂ ਦੀ ਦਰਦਨਾਕ ਹਕੀਕਤ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਆਲੇ-ਦੁਆਲੇ ਨਸ਼ਿਆਂ ਦੀ ਲਪੇਟ ਵਿਚ ਆਏ ਲੋਕਾਂ ਨੂੰ ਇਸ ਬੁਰਾਈ ਤੋਂ ਬਚਾਉਣ ਲਈ ਅੱਗੇ ਆਉਣ। ਰੈਲੀ ਦੌਰਾਨ ਵਿਦਿਆਰਥੀਆਂ ਅਤੇ ਸਮੂਹ ਸਟਾਫ ਵੱਲੋਂ ਨਸ਼ਿਆਂ ਦੀ ਰੋਕਥਾਮ ਲਈ ਸਹੁੰ ਵੀ ਚੁੱਕੀ ਗਈ। ਇਸ ਮੌਕੇ ਪ੍ਰੋਗਰਾਮ ਅਫਸਰ ਡਾ. ਅਮਨਪਾਲ ਕੌਰ, ਪ੍ਰੋ. ਪੁਸ਼ਪਿੰਦਰ ਕੌਰ, ਪ੍ਰੋ. ਰਮਨਦੀਪ ਕੌਰ, ਪ੍ਰੋ. ਕੁਲਜੀਤ ਸਿੰਘ ਸਮੇਤ ਕਾਲਜ ਦਾ ਸਮੂਹ ਸਟਾਫ ਹਾਜ਼ਰ ਸਨ।