ਡੈਮੋਕ੍ਰੇਟਿਕ ਟੀਚਰਜ ਫਰੰਟ ਜ਼ਿਲ੍ਹਾ ਇਕਾਈ ਦੀ ਮੀਟਿੰਗ ਹੋਈ

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ
ਡੈਮੋਕ੍ਰੈਟਿਕ ਟੀਚਰਜ਼ ਫ਼ਰੰਟ ਪੰਜਾਬ ਜ਼ਿਲ੍ਹਾ ਇਕਾਈ ਬਠਿੰਡਾ ਦੀ ਮੀਟਿੰਗ ਜਿਲ੍ਹਾ ਪ੍ਰਧਾਨ ਜਗਪਾਲ ਬੰਗੀ ਦੀ ਅਗਵਾਈ ਹੇਠ ਕੀਤੀ ਗਈ। ਜਿਸ ਵਿਚ ਪੰਜਾਬ ਸਰਕਾਰ ਵੱਲੋਂ ਸੁਪਰੀਮ ਕੋਰਟ ਦੇ ਫੈਸਲੇ ਨੂੰ ਢਾਲ ਬਣਾ ਕੇ ਪੰਜਾਬ ਦੇ ਅਧਿਆਪਕਾਂ ਉਪਰ ਜ਼ਬਰੀ ਥੋਪੇ ਟੈਸਟ ਵਿਰੁੱਧ ਸੰਘਰਸ਼ ਨੂੰ ਅੱਗੇ ਜਾਰੀ ਰੱਖਣ ਦੇ ਫੈਸਲੇ ਤਹਿਤ 11 ਅਪ੍ਰੈਲ ਨੂੰ ਸੰਗਰੂਰ ਵਿਖੇ ਕੀਤੇ ਜਾ ਰਹੇ 'ਵਾਅਦਾ ਖਿਲਾਫ਼ੀ ਮਾਰਚ' ਵਿਚ ਭਰਵੀਂ ਸ਼ਮੂਲੀਅਤ ਕਰਨ ਦਾ ਫੈਸਲਾ ਕੀਤਾ ਗਿਆ ਅਤੇ ਹੋਰਨਾਂ ਜਥੇਬੰਦੀਆਂ ਨੂੰ ਇਸ ਦਾ ਹਿੱਸਾ ਬਣਨ ਦੀ ਅਪੀਲ ਕੀਤੀ ਗਈ। ਆਗੂਆਂ ਨੇ ਕਿਹਾ ਕਿ ਪਿਛਲੇ ਸਮੇਂ ਵਿਚ ਕੀਤੇ ਸੰਘਰਸ਼ਾਂ ਦੇ ਸਿੱਟੇ ਵਜੋਂ ਸਿੱਖਿਆ ਮੰਤਰੀ ਪੰਜਾਬ ਨੇ ਟੈੱਟ ਵਿਰੁੱਧ ਰਵਿਊ ਪਟੀਸ਼ਨ ਦਾਇਰ ਕਰਨ ਅਤੇ ਵਿਧਾਨ ਸਭਾ ਵਿਚ ਬਿੱਲ ਲੈ ਕੇ ਆਉਣ ਦਾ ਭਰੋਸਾ ਦਿੱਤਾ ਸੀ, ਪ੍ਰੰਤੂ ਸਰਕਾਰ ਨੇ ਦੋਨੋਂ ਮੰਗਾਂ ਉੱਪਰ ਅਮਲ ਨਾ ਕਰਕੇ ਅਧਿਆਪਕ ਵਰਗ ਨਾਲ਼ ਵਾਅਦਾ ਖਿਲਾਫੀ ਕੀਤੀ ਹੈ। ਇਕ ਤਰ੍ਹਾਂ ਨਾਲ ਅਧਿਆਪਕਾਂ ਨਾਲ ਧੋਖਾ ਕਰਕੇ ਜਬਰੀ ਟੈੱਟ ਨੂੰ ਥੋਪਿਆ ਗਿਆ ਹੈ। ਕੌਮੀ ਸਿੱਖਿਆ ਨੀਤੀ 2020 ਦੀਆਂ ਅਧਿਆਪਕ ਵਿਰੋਧੀ ਮੱਦਾਂ ਨੂੰ ਲਾਗੂ ਕਰਦਿਆਂ ਪਹਿਲਾਂ ਤੋਂ ਹੀ ਆਪਣੇ ਵਿਸ਼ੇ ਦੇ ਮਾਹਰ ਅਧਿਆਪਕਾਂ ਨੂੰ ਬੇਲੋੜੇ ਟੈਸਟਾਂ ਵਿਚ ਉਲਝਾਇਆ ਜਾ ਰਿਹਾ ਹੈ ਅਤੇ ਅਧਿਆਪਕਾਂ ਦੀ ਸੇਵਾ ਸੁਰੱਖਿਆ ਨੂੰ ਖ਼ਤਮ ਕਰਨ ਲਈ 'ਟੈਨਿਉਰ ਟ੍ਰੈਕ ਸਿਸਟਮ' ਲਿਆਉਣ ਅਤੇ ਤਰੱਕੀ ਤੇ ਸਲਾਨਾ ਤਨਖਾਹ ਵਾਧੇ ਰੋਕਣ ਵੱਲ ਵਧਿਆ ਜਾ ਰਿਹਾ ਹੈ। ਜਦਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੌਮੀ ਸਿੱਖਿਆ ਨੀਤੀ 2020 ਨੂੰ ਪੰਜਾਬ ਵਿਚ ਨਾ ਲਾਗੂ ਕਰਨ ਅਤੇ ਪੰਜਾਬ ਦੀ ਆਪਣੀ ਸਿੱਖਿਆ ਨੀਤੀ ਬਣਾਉਣ ਦਾ ਭਰੋਸਾ ਦਿੱਤਾ ਗਿਆ ਸੀ, ਸਗੋਂ ਪੰਜਾਬ ਕੈਬਨਿਟ ਨੇ 5 ਸਤੰਬਰ 2024 ਨੂੰ ਇਸ ਸਬੰਧੀ ਮਤਾ ਵੀ ਪਾਸ ਕੀਤਾ ਸੀ। ਇਸਦੇ ਉਲਟ ਪੰਜਾਬ ਸਰਕਾਰ ਹੋਰਨਾਂ ਗੈਰ- ਭਾਜਪਾ ਸਰਕਾਰਾਂ ਦੇ ਉਲਟ ਪੰਜਾਬ ਵਿਚ ਧੜੱਲੇ ਨਾਲ ਲਾਗੂ ਕਰ ਰਹੀ ਹੈ ਅਤੇ ਇਸੇ ਤਰ੍ਹਾਂ ਪੁਰਾਣੀ ਪੈਨਸ਼ਨ ਦੇ ਮਾਮਲੇ ਵਿਚ ਇਕ ਅਧੂਰਾ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਪਰ ਲਾਗੂ ਕਰਨ ਤੋਂ ਪੂਰੀ ਤਰ੍ਹਾਂ ਜਵਾਬ ਦੇ ਚੁੱਕੀ ਹੈ। ਇਸੇ ਤਰ੍ਹਾਂ 18 ਨਵੰਬਰ 2022 ਨੂੰ ਪੁਰਾਣੀ ਪੈਨਸ਼ਨ ਬਹਾਲ ਕਰਨ ਲਈ ਜਾਰੀ ਕੀਤੇ ਅਧੂਰੇ ਨੋਟੀਫਿਕੇਸ਼ਨ ਦਾ ਐੱਸਓਪੀ ਜਾਰੀ ਨਹੀਂ ਕੀਤਾ ਗਿਆ ਅਤੇ ਨਾ ਹੀ ਮੁਲਾਜ਼ਮਾਂ ਦੇ ਜਨਰਲ ਪ੍ਰੌਵੀਡੈਂਟ ਫੰਡ ਦੇ ਖਾਤੇ ਖੋਲ੍ਹੇ ਗਏ ਹਨ। ਆਗੂਆਂ ਨੇ ਪੰਜਾਬ ਸਰਕਾਰ ਦੀਆਂ ਇੰਨ੍ਹਾਂ ਵਾਅਦਾ ਖਿਲਾਫੀਆਂ ਵਿਰੁੱਧ ਸਰਕਾਰ ਨੂੰ ਸੰਘਰਸ਼ ਰਾਹੀਂ ਘੇਰਨ ਲਈ 11 ਅਪ੍ਰੈਲ ਨੂੰ ਸੰਗਰੂਰ-ਪਟਿਆਲਾ ਮੁੱਖ ਸੜਕ 'ਤੇ ਸਥਿਤ ਬਾਈਪਾਸ ਵਾਲੇ ਪੁਲ਼ ਦੇ ਹੇਠਾਂ ਸੂਬਾ ਪੱਧਰੀ ਇਕੱਤਰਤਾ ਕਰਨ ਤੋਂ ਬਾਅਦ ਮੁੱਖ ਮੰਤਰੀ ਦੀ ਰਿਹਾਇਸ਼ ਸੰਗਰੂਰ ਵੱਲ ਕੀਤੇ ਜਾਣ ਵਾਲੇ ਵਾਅਦਾ ਖਿਲਾਫੀ ਮਾਰਚ ਵਿਚ ਸਮੂਹ ਅਧਿਆਪਕਾਂ ਨੂੰ ਭਰਵੀਂ ਸ਼ਮੂਲੀਅਤ ਦਾ ਸੱਦਾ ਦਿੱਤਾ।
ਇਸ ਮੌਕੇ ਸੂਬਾ ਸਕੱਤਰ ਮਹਿੰਦਰ ਕੌੜਿਆਂਵਾਲੀ, ਜਨਰਲ ਸਕੱਤਰ ਗੁਰਮੇਲ ਸਿੰਘ ਮਲਕਾਣਾ, ਮੋਹਨ ਸਿੰਘ ਮਲਕਾਣਾ, ਅੰਮ੍ਰਿਤਪਾਲ ਸਿੰਘ ਸੈਣੇਵਾਲਾ, ਨਰਿੰਦਰ ਬੱਲੂਆਣਾ, ਗੁਰਮੇਲ ਸਿੰਘ ਗਿਆਨਾ, ਸੁਨੀਲ ਕੁਮਾਰ, ਅਵਤਾਰ ਮਲੂਕਾ, ਗੋਬਿੰਦ ਸਿੰਘ, ਬੂਟਾ ਸਿੰਘ ਰੋਮਾਣਾ, ਅਮਰਦੀਪ ਸਿੰਘ, ਜਗਤਾਰ ਸਿੰਘ ਸੰਦੋਹਾ ਹਾਜ਼ਰ ਸਨ।