ਸੇਂਟ ਜ਼ੇਵੀਅਰਜ਼ ਸਕੂਲ ’ਚ ਵਿਸਾਖੀ ਦਾ ਤਿਉਹਾਰ ਮਨਾਇਆ
ਸੇਂਟ ਜ਼ੇਵੀਅਰਜ ਸਕੂਲ ‘ਚ ਵਿਸਾਖੀ ਦਾ ਤਿਉਹਾਰ ਮਨਾਇਆ
Publish Date: Thu, 16 Apr 2026 04:18 PM (IST)
Updated Date: Thu, 16 Apr 2026 04:21 PM (IST)

ਮਨਪ੍ਰੀਤ ਸਿੰਘ ਗਿੱਲ, ਪੰਜਾਬੀ ਜਾਗਰਣ ਰਾਮਪੁਰਾ ਫੂਲ : ਸੇਂਟ ਜ਼ੇਵੀਅਰਜ ਸਕੂਲ ਰਾਮਪੁਰਾ ਫੂਲ ਵਿਖੇ ਵਿਸਾਖੀ ਦਾ ਤਿਉਹਾਰ ਉਤਸ਼ਾਹ ਅਤੇ ਧਾਰਮਿਕ ਮਾਹੌਲ ਵਿਚ ਮਨਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਜੋਤੀ ਪੂਜਨ ਨਾਲ ਕੀਤੀ ਗਈ। ਇਸ ਮੌਕੇ ਨੌਵੀਂ ਜਮਾਤ ਦੇ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ ਪੇਸ਼ ਕਰ ਕੇ ਪਰਮਾਤਮਾ ਦਾ ਸਿਮਰਨ ਕੀਤਾ ਗਿਆ, ਜਿਸ ਨਾਲ ਪੰਡਾਲ ਵਿਚ ਬੈਠੇ ਸਰੋਤੇ ਭਗਤੀ ਰਸ ਵਿਚ ਰੰਗੇ ਗਏ। ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੇ ਪੰਜਾਬੀ ਸੱਭਿਆਚਾਰ ਨੂੰ ਦਰਸਾਉਂਦਾ ਰੰਗਾਰੰਗ ਗੀਤ ਪੇਸ਼ ਕੀਤਾ, ਜਿਸ ਰਾਹੀਂ ਪੰਜਾਬ ਦੀ ਰੰਗੀਨ ਸੱਭਿਆਚਾਰਕ ਵਿਰਾਸਤ ਨੂੰ ਸੁੰਦਰ ਢੰਗ ਨਾਲ ਪੇਸ਼ ਕੀਤਾ ਗਿਆ। ਇਸ ਤੋਂ ਇਲਾਵਾ ਵਿਦਿਆਰਥੀਆਂ ਨੇ ਵਿਸਾਖੀ ਦੇ ਇਤਿਹਾਸ ਨੂੰ ਦਰਸਾਉਂਦਾ ਨਾਟਕ ਵੀ ਪੇਸ਼ ਕੀਤਾ, ਜਿਸ ਵਿਚ ਜਲਿਆਂਵਾਲਾ ਬਾਗ ਦੀ ਘਟਨਾ ਨੂੰ ਬੜੀ ਪ੍ਰਭਾਵਸ਼ਾਲੀ ਢੰਗ ਨਾਲ ਦਰਸਾ ਕੇ ਸ਼ਹੀਦਾਂ ਨੂੰ ਨਮਨ ਕੀਤਾ ਗਿਆ। ਸਕੂਲ ਦੇ ਮੈਨੇਜਰ ਫਾਦਰ ਆਂਦਰੇ ਫਰਨਾਂਡਿਜ ਨੇ ਆਪਣੇ ਸੰਬੋਧਨ ਦੌਰਾਨ ਵਿਦਿਆਰਥੀਆਂ ਨੂੰ ਵਿਸਾਖੀ ਦੇ ਇਤਿਹਾਸਕ ਅਤੇ ਧਾਰਮਿਕ ਮਹੱਤਵ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਗੁਰੂਆਂ ਦੀਆਂ ਸਿੱਖਿਆਵਾਂ ’ਤੇ ਚੱਲਣ, ਪੰਜਾਬੀ ਸੱਭਿਆਚਾਰ ਨੂੰ ਸੰਭਾਲਣ ਅਤੇ ਕਿਰਸਾਨੀ ਜੀਵਨ ਦੀ ਮਹੱਤਤਾ ਬਾਰੇ ਵੀ ਜ਼ੋਰ ਦਿੱਤਾ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਫਾਦਰ ਯੂਲਾਲੀਓ ਫਰਨਾਂਡਿਜ ਨੇ ਵਿਦਿਆਰਥੀਆਂ ਨੂੰ ਵਿਸਾਖੀ ਦੀਆਂ ਮੁਬਾਰਕਾਂ ਦਿੰਦਿਆਂ ਉਨ੍ਹਾਂ ਨੂੰ ਸੱਚਾਈ ਅਤੇ ਇਮਾਨਦਾਰੀ ਦੇ ਰਾਹ ‘ਤੇ ਚੱਲਣ ਲਈ ਪ੍ਰੇਰਿਤ ਕੀਤਾ। ਕੋਆਰਡੀਨੇਟਰ ਮੈਡਮ ਪ੍ਰੇਮ ਲਤਾ ਨੇ ਵੀ ਵਿਦਿਆਰਥੀਆਂ ਨੂੰ ਚੰਗੇ ਨਾਗਰਿਕ ਬਣਨ ਅਤੇ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਆ। ਪ੍ਰੋਗਰਾਮ ਦੀ ਸਮਾਪਤੀ ਰਾਸ਼ਟਰੀ ਗੀਤ ਨਾਲ ਕੀਤੀ ਗਈ। ਸਮਾਗਮ ਦੌਰਾਨ ਸਕੂਲ ਦਾ ਸਟਾਫ਼ ਅਤੇ ਵਿਦਿਆਰਥੀ ਮੌਜੂਦ ਰਹੇ।