ਗੈਸ ਏਜੰਸੀ ਮਾਲਕ ਦੀਆਂ ਮਨਮਾਨੀਆਂ ਤੋਂ ਦੁਖੀ ਲੋਕਾਂ ਦੇ ਸਬਰ ਦਾ ਬੰਨ੍ਹ ਟੁੱਟਿਆ
ਗੈਸ ਏਜੰਸੀ ਮਾਲਕ ਦੀਆਂ ਮਨਮਾਨੀਆਂ ਤੋਂ ਦੁਖੀ
Publish Date: Thu, 16 Apr 2026 07:53 PM (IST)
Updated Date: Thu, 16 Apr 2026 07:57 PM (IST)
- ਲੋਕਾਂ ਵੱਲੋਂ ਇੰਡੇਨ ਗੈਸ ਏਜੰਸੀ ਦੇ ਦਫ਼ਤਰ ਅੱਗੇ ਧਰਨਾ ਲਾ ਕੇ ਕੀਤੀ ਨਾਅਰੇਬਾਜ਼ੀ ਧਰਮਪਾਲ ਸਿੰਘ, ਪੰਜਾਬੀ ਜਾਗਰਣ ਸੰਗਤ ਮੰਡੀ : ਸੰਗਤ ਮੰਡੀ ਵਿਖੇ ਗੈਸ ਏਜੰਸੀ ਮਾਲਕ ਦੀਆਂ ਮਨਮਾਨੀਆਂ ਤੋਂ ਤੰਗ ਆ ਕੇ ਲੋਕਾਂ ਦੇ ਸਬਰ ਦਾ ਬੰਨ੍ਹ ਟੁੱਟ ਗਿਆ। ਗੁੱਸੇ ਵਿਚ ਆਏ ਲੋਕਾਂ ਨੇ ਇੰਡੇਨ ਗੈਸ ਏਜੰਸੀ ਦੇ ਦਫ਼ਤਰ ਅੱਗੇ ਧਰਨਾ ਲਾ ਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਵੀਰਵਾਰ ਸਵੇਰੇ ਕਰੀਬ 9 ਵਜੇ ਸ਼ੁਰੂ ਹੋਏ ਇਸ ਧਰਨੇ ਦੀ ਅਗਵਾਈ ਪਰਮਿੰਦਰ ਸਿੰਘ, ਅੰਗਰੇਜ਼ ਸਿੰਘ, ਪਵਨ ਕੁਮਾਰ ਅਤੇ ਸਮਾਜ ਸੇਵੀ ਬਲਵੀਰ ਸਿੰਘ ਬੀਰਾ ਵੱਲੋਂ ਕੀਤੀ ਗਈ। ਉਨ੍ਹਾਂ ਦੱਸਿਆ ਕਿ ਗੈਸ ਸਿਲੰਡਰ ਨਾ ਮਿਲਣ ਕਾਰਨ ਲੋਕ ਕਾਫ਼ੀ ਪਰੇਸ਼ਾਨ ਹਨ ਅਤੇ ਉਨ੍ਹਾਂ ਨੂੰ ਏਜੰਸੀ ਦੇ ਬਾਹਰ ਕਈ ਘੰਟਿਆਂ ਤਕ ਧੁੱਪ ਵਿਚ ਖੜ੍ਹੇ ਰਹਿਣਾ ਪੈਂਦਾ ਹੈ। ਉਨ੍ਹਾਂ ਨੇ ਦੋਸ਼ ਲਾਇਆ ਕਿ ਗਰਮੀ ਦੇ ਮੌਸਮ ਦੇ ਬਾਵਜੂਦ ਵੀ ਇੰਡੇਨ ਸਰਵਿਸ ਗੈਸ ਏਜੰਸੀ ਵੱਲੋਂ ਨਾ ਤਾਂ ਛਾਂ ਦਾ ਪ੍ਰਬੰਧ ਕੀਤਾ ਗਿਆ ਹੈ ਅਤੇ ਨਾ ਹੀ ਪੀਣ ਵਾਲੇ ਪਾਣੀ ਦੀ ਸੁਵਿਧਾ ਦਿੱਤੀ ਗਈ ਹੈ। ਪ੍ਰਦਰਸ਼ਨਕਾਰੀਆਂ ਨੇ ਹੋਰ ਦੱਸਿਆ ਕਿ ਲਗਭਗ ਚਾਰ ਮਹੀਨੇ ਪਹਿਲਾਂ ਇਕ ਸੇਵਾਮੁਕਤ ਅਧਿਕਾਰੀ ਵੱਲੋਂ ਇਸ ਗੈਸ ਏਜੰਸੀ ਨੂੰ ਖਰੀਦਿਆ ਗਿਆ ਸੀ, ਪਰ ਇਸ ਦੇ ਬਾਵਜੂਦ ਨਿਯਮਾਂ ਦੀ ਪਾਲਣਾ ਨਹੀਂ ਕੀਤੀ ਜਾ ਰਹੀ। ਉਨ੍ਹਾਂ ਮੁਤਾਬਿਕ ਏਜੰਸੀ ਅਤੇ ਗੁਦਾਮ ਦੇ ਬਾਹਰ ਸਟਾਕ ਬੋਰਡ ਜਾਣਬੁੱਝ ਕੇ ਨਹੀਂ ਲਾਏ ਗਏ।