ਕਿਸਾਨ 15 ਮਈ ਤੋਂ ਪਹਿਲਾਂ ਕਰਨ ਨਰਮੇ ਦੀ ਬਿਜਾਈ, ਲੇਟ ਬਿਜਾਈ ਨਾਲ ਝਾੜ ’ਤੇ ਪੈ ਸਕਦਾ ਅਸਰ
ਕਿਸਾਨ 15 ਮਈ ਤੋਂ ਪਹਿਲਾਂ ਕਰਨ ਨਰਮੇ ਦੀ ਬਿਜਾਈ, ਲੇਟ ਬਿਜਾਈ ਨਾਲ ਝਾੜ ’ਤੇ ਪੈ ਸਕਦਾ ਅਸਰ -
Publish Date: Mon, 20 Apr 2026 05:38 PM (IST)
Updated Date: Tue, 21 Apr 2026 04:04 AM (IST)

ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ ਬਠਿੰਡਾ : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਨਰਮੇ ਦੀ ਫਸਲ ਸਬੰਧੀ ਮਹੱਤਵਪੂਰਨ ਹਦਾਇਤਾਂ ਜਾਰੀ ਕਰਦਿਆਂ ਕਿਹਾ ਗਿਆ ਹੈ ਕਿ ਉਹ 15 ਮਈ ਤੋਂ ਪਹਿਲਾਂ ਨਰਮੇ ਦੀ ਬਿਜਾਈ ਜ਼ਰੂਰ ਪੂਰੀ ਕਰ ਲੈਣ। ਵਿਭਾਗ ਦੇ ਅਧਿਕਾਰੀਆਂ ਅਨੁਸਾਰ ਦੇਰ ਨਾਲ ਕੀਤੀ ਬਿਜਾਈ ਨਾਲ ਫਸਲ ਦੇ ਝਾੜ ‘ਤੇ ਨਕਾਰਾਤਮਕ ਅਸਰ ਪੈਂਦਾ ਹੈ ਅਤੇ ਉਤਪਾਦਨ ਘੱਟ ਹੋ ਸਕਦਾ ਹੈ। ਵਿਭਾਗ ਨੇ ਇਹ ਵੀ ਸਪੱਸ਼ਟ ਕੀਤਾ ਕਿ ਸਮੇਂ ਸਿਰ ਬਿਜਾਈ ਨਾਲ ਫਸਲ ਨੂੰ ਕੀੜਿਆਂ ਦੇ ਹਮਲੇ ਤੋਂ ਬਚਾਉਣ ਵਿੱਚ ਵੀ ਮਦਦ ਮਿਲਦੀ ਹੈ। ਖਾਸ ਕਰਕੇ ਗੁਲਾਬੀ ਸੁੰਡੀ ਅਤੇ ਚਿੱਟੀ ਮੱਖੀ ਹਰ ਸਾਲ ਨਰਮੇ ਦੀ ਫਸਲ ਨੂੰ ਭਾਰੀ ਨੁਕਸਾਨ ਪਹੁੰਚਾਉਂਦੀਆਂ ਹਨ, ਜਿਸ ਕਾਰਨ ਕਿਸਾਨਾਂ ਨੂੰ ਆਰਥਿਕ ਨੁਕਸਾਨ ਝੱਲਣਾ ਪੈਂਦਾ ਹੈ। ਇਸ ਸਥਿਤੀ ਨੂੰ ਦੇਖਦਿਆਂ ਖੇਤੀਬਾੜੀ ਵਿਭਾਗ ਵੱਲੋਂ ਨਦੀਨਨਾਸ਼ਕ ਮੁਹਿੰਮ ਵੀ ਚਲਾਈ ਗਈ ਹੈ। ਇਸ ਮੁਹਿੰਮ ਦੇ ਤਹਿਤ ਛਟੀਆਂ (ਖਾਲੀ ਪਏ ਖੇਤਰਾਂ) ਤੋਂ ਇਲਾਵਾ ਮਿੱਲਾਂ ਅਤੇ ਹੋਰ ਸਥਾਨਾਂ ਦੀ ਸਫਾਈ ਕਰਵਾਈ ਜਾ ਰਹੀ ਹੈ ਤਾਂ ਜੋ ਕੀੜਿਆਂ ਦੀ ਪੈਦਾਵਾਰ ਨੂੰ ਰੋਕਿਆ ਜਾ ਸਕੇ। ਅਧਿਕਾਰੀਆਂ ਦਾ ਕਹਿਣਾ ਹੈ ਕਿ ਗੰਦਗੀ ਅਤੇ ਬੇਤਰਤੀਬੀ ਵਾਲੇ ਇਲਾਕੇ ਗੁਲਾਬੀ ਸੁੰਡੀ ਅਤੇ ਚਿੱਟੀ ਮੱਖੀ ਦੇ ਪੈਦਾ ਹੋਣ ਲਈ ਅਨੁਕੂਲ ਮਾਹੌਲ ਬਣਾਉਂਦੇ ਹਨ। ਵਿਭਾਗ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਖੇਤਾਂ ਦੇ ਆਲੇ-ਦੁਆਲੇ ਸਫਾਈ ਰੱਖਣ ਅਤੇ ਨਦੀਨਾਂ ਨੂੰ ਸਮੇਂ-ਸਮੇਂ ’ਤੇ ਨਸ਼ਟ ਕਰਨ। ਇਸ ਦੇ ਨਾਲ ਹੀ ਸਿਫਾਰਸ਼ੀ ਬੀਜਾਂ ਦੀ ਵਰਤੋਂ ਅਤੇ ਖੇਤੀਬਾੜੀ ਮਾਹਿਰਾਂ ਦੀ ਸਲਾਹ ਅਨੁਸਾਰ ਦਵਾਈਆਂ ਦਾ ਛਿੜਕਾਅ ਕਰਨ ‘ਤੇ ਵੀ ਜ਼ੋਰ ਦਿੱਤਾ ਗਿਆ ਹੈ। ਦੂਜੇ ਪਾਸੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਨਵੀਨਤਮ ਖੇਤੀ ਤਕਨੀਕਾਂ ਅਤੇ ਫਸਲ ਪ੍ਰਬੰਧਨ ਬਾਰੇ ਜਾਗਰੂਕ ਕਰਨ ਲਈ ਬਲਾਕ ਨਥਾਣਾ ਦੇ ਪਿੰਡ ਚੱਕ ਫਤਿਹ ਸਿੰਘ ਵਾਲਾ ਵਿਖੇ ਵਿਸ਼ੇਸ਼ ਸਿਖਲਾਈ ਕੈਂਪ ਲਾਇਆ ਗਿਆ। ਇਹ ਕੈਂਪ ਜ਼ਿਲ੍ਹਾ ਸਿਖਲਾਈ ਅਫਸਰ ਡਾ. ਪ੍ਰਭਜੋਤ ਕੌਰ ਦੀ ਅਗਵਾਈ ਹੇਠ ਲਗਾਇਆ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਭਾਗ ਲਿਆ। ਕੈਂਪ ਦੀ ਸ਼ੁਰੂਆਤ ਕਰਦਿਆਂ ਡਾ. ਜਸਵਿੰਦਰ ਕੌਰ ਏਡੀਓ (ਟ੍ਰੇਨਿੰਗ) ਨੇ ਕਿਸਾਨਾਂ ਨੂੰ ਨਰਮੇ ਦੀ ਫਸਲ ਦੀ ਸਮੇਂ ਸਿਰ ਬਿਜਾਈ ਕਰਨ ਦੀ ਮਹੱਤਤਾ ਬਾਰੇ ਦੱਸਿਆ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਨਰਮੇ ਦੀ ਬਿਜਾਈ 15 ਮਈ ਤੋਂ ਪਹਿਲਾਂ ਕਰਨੀ ਬਹੁਤ ਜ਼ਰੂਰੀ ਹੈ, ਕਿਉਂਕਿ ਦੇਰ ਨਾਲ ਕੀਤੀ ਬਿਜਾਈ ਨਾਲ ਫਸਲ ਦੇ ਝਾੜ ’ਤੇ ਨਕਾਰਾਤਮਕ ਅਸਰ ਪੈਂਦਾ ਹੈ। ਉਨ੍ਹਾਂ ਡੂੰਘੀ ਵਹਾਈ, ਭਰਮੀ ਰੌਣੀ, ਖਾਦਾਂ ਦੀ ਸੰਤੁਲਿਤ ਵਰਤੋਂ ਅਤੇ ਨਦੀਨ ਨਾਸ਼ਕਾਂ ਦੇ ਸਹੀ ਇਸਤੇਮਾਲ ਬਾਰੇ ਵੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਕਿਸਾਨਾਂ ਨੂੰ ਚਿੱਟੀ ਮੱਖੀ ਅਤੇ ਹੋਰ ਰਸ ਚੂਸਣ ਵਾਲੇ ਕੀੜਿਆਂ ਦੇ ਨਿਯੰਤਰਣ ਲਈ ਅੱਗਾਹ ਕਰਦਿਆਂ ਕਿਹਾ ਕਿ ਸਮੇਂ-ਸਮੇਂ ‘ਤੇ ਸਰਵੇਖਣ ਕਰਨਾ ਅਤੇ ਲੋੜ ਅਨੁਸਾਰ ਦਵਾਈਆਂ ਦੀ ਵਰਤੋਂ ਕਰਨੀ ਚਾਹੀਦੀ ਹੈ। ਗੁਲਾਬੀ ਸੁੰਡੀ ਦੇ ਖਤਰੇ ਬਾਰੇ ਵੀ ਚੇਤਾਵਨੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਇਹ ਕੀੜਾ ਹਰ ਸਾਲ ਨਰਮੇ ਦੀ ਫਸਲ ਨੂੰ ਵੱਡਾ ਨੁਕਸਾਨ ਪਹੁੰਚਾਉਂਦਾ ਹੈ, ਇਸ ਲਈ ਇਸਦੀ ਰੋਕਥਾਮ ਲਈ ਪਹਿਲਾਂ ਤੋਂ ਹੀ ਉਚਿਤ ਕਦਮ ਚੁੱਕਣ ਲਾਜ਼ਮੀ ਹਨ। ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ਵੱਲੋਂ ਨਰਮੇ ਦੇ ਬੀਜ ’ਤੇ ਦਿੱਤੀ ਜਾ ਰਹੀ 33 ਫੀਸਦੀ ਸਬਸਿਡੀ ਬਾਰੇ ਜਾਣਕਾਰੀ ਦਿੱਤੀ ਅਤੇ ਕਿਸਾਨਾਂ ਨੂੰ ਸਿਫ਼ਾਰਸ਼ੀ ਕਿਸਮਾਂ ਅਤੇ ਹਾਈਬ੍ਰਿਡਾਂ ਦੀ ਬਿਜਾਈ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਨਵੀਂ ਰਿਲੀਜ਼ ਹੋਈ ਦੇਸੀ ਕਪਾਹ ਦੀ ਕਿਸਮ ਪੀਬੀਡੀ 88 ਬਾਰੇ ਵੀ ਜਾਣਕਾਰੀ ਸਾਂਝੀ ਕੀਤੀ। ਕੈਂਪ ਦੌਰਾਨ ਡਾ. ਹਰਦੀਪ ਸਿੰਘ (ਵਿਸ਼ਾ ਵਸਤੂ ਮਾਹਰ) ਨੇ ਕਣਕ ਦੀ ਵਾਢੀ ਤੋਂ ਬਾਅਦ ਬੀਜ ਦੀ ਸੰਭਾਲ ਅਤੇ ਖੇਤਾਂ ਵਿੱਚ ਅੱਗ ਤੋਂ ਬਚਾਅ ਸਬੰਧੀ ਜਾਗਰੂਕ ਕੀਤਾ। ਉਨ੍ਹਾਂ ਖੇਤਾਂ ਵਿੱਚ ਖੰਭਿਆਂ ਅਤੇ ਟਾਵਰਾਂ ਤੋਂ ਹੋ ਸਕਦੀ ਸਪਾਰਕਿੰਗ ਤੋਂ ਸਾਵਧਾਨ ਰਹਿਣ ਅਤੇ ਢਿੱਲੀਆਂ ਤਾਰਾਂ ਨੂੰ ਠੀਕ ਕਰਨ ਦੀ ਸਲਾਹ ਦਿੱਤੀ। ਇਸ ਦੇ ਨਾਲ ਹੀ ਉਨ੍ਹਾਂ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਦੀ ਅਪੀਲ ਕੀਤੀ। ਡਾ. ਯਾਦਵੀਰ ਕੌਰ ਨੇ ਮਿੱਟੀ ਅਤੇ ਪਾਣੀ ਦੇ ਨਮੂਨੇ ਲੈਣ ਦੇ ਢੰਗ ਬਾਰੇ ਜਾਣਕਾਰੀ ਦਿੰਦਿਆਂ ਖਾਦਾਂ ਦੀ ਸੁਚੱਜੀ ਵਰਤੋਂ ਲਈ ਪਰਖ ਕਰਵਾਉਣ ‘ਤੇ ਜ਼ੋਰ ਦਿੱਤਾ। ਉਨ੍ਹਾਂ ਮਿੱਟੀ ਦੀ ਸਿਹਤ ਬਰਕਰਾਰ ਰੱਖਣ ਲਈ ਗਲੀ-ਸੜੀ ਰੂੜੀ ਜਾਂ ਹਰੀ ਖਾਦ ਦੇ ਇਸਤੇਮਾਲ ਦੀ ਸਿਫ਼ਾਰਸ਼ ਕੀਤੀ। ਇਸ ਮੌਕੇ ਡਾ. ਕਿਰਨਦੀਪ ਕੌਰ ਨੇ ਕਿਸਾਨਾਂ ਨੂੰ ਕਣਕ ਦੇ ਸੁਚੱਜੇ ਮੰਡੀਕਰਨ ਅਤੇ ਪ੍ਰੋਸੈਸਿੰਗ ਰਾਹੀਂ ਮੁੱਲ ਵਾਧੇ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਸਾਨਾਂ ਨੂੰ ਖੇਤੀ ਨਾਲ ਨਾਲ ਹੋਰ ਸਹਾਇਕ ਧੰਦੇ ਅਪਣਾਉਣ ਲਈ ਵੀ ਪ੍ਰੇਰਿਤ ਕੀਤਾ। ਕੈਂਪ ਦੇ ਅੰਤ ਵਿੱਚ ਡਾ. ਹਰਪ੍ਰੀਤ ਸਿੰਘ ਨੇ ਮਸ਼ੀਨਰੀ ਅਤੇ ਵੱਖ-ਵੱਖ ਫਸਲਾਂ ‘ਤੇ ਮਿਲ ਰਹੀ ਸਰਕਾਰੀ ਸਬਸਿਡੀ ਬਾਰੇ ਜਾਣਕਾਰੀ ਸਾਂਝੀ ਕੀਤੀ ਅਤੇ ਕਿਸਾਨਾਂ ਦਾ ਧੰਨਵਾਦ ਕੀਤਾ। ਇਸ ਕੈਂਪ ਨੇ ਕਿਸਾਨਾਂ ਨੂੰ ਨਵੀਨਤਮ ਖੇਤੀ ਤਕਨੀਕਾਂ ਨਾਲ ਜੋੜਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ।