ਸਕੂਲਾਂ ਤੇ ਰੇਲ ਸਟੇਸ਼ਨ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕੇਸ ਦਰਜ
ਸਕੂਲਾਂ ਤੇ ਰੇਲਵੇ ਸਟੇਸ਼ਨ ਨੂੰ ਬੰਬ ਨਾਲ ਉਡਾਉਣ ਦੀ ਧਮਕੀ
Publish Date: Sat, 25 Apr 2026 05:12 PM (IST)
Updated Date: Sun, 26 Apr 2026 04:07 AM (IST)

ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ, ਬਠਿੰਡਾ : ਇੱਥੋਂ ਦੇ ਕਈ ਪ੍ਰਸਿੱਧ ਸਕੂਲਾਂ ਤੇ ਰੇਲਵੇ ਸਟੇਸ਼ਨ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇ ਮਾਮਲੇ ਵਿਚ ਪੁਲਿਸ ਨੇ ਅਣਪਛਾਤੇ ਲੋਕਾਂ ਖਿਲਾਫ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਕੇਸ ਦਿੱਲੀ ਪਬਲਿਕ ਸਕੂਲ ਦੀ ਸ਼ਿਕਾਇਤ ’ਤੇ ਦਰਜ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਵੀਰਵਾਰ ਸਵੇਰੇ ਇਕ ਧਮਕੀ ਭਰੇ ਈਮੇਲ ਤੋਂ ਹੜਕੰਪ ਮਚ ਗਿਆ ਸੀ। ਸ਼ਹਿਰ ਦੇ ਪ੍ਰਮੁੱਖ ਸਕੂਲਾਂ ਤੇ ਰੇਲਵੇ ਟ੍ਰੈਕ ਨੂੰ ਬੰਬ ਨਾਲ ਉਡਾਉਣ ਦੀ ਚਿਤਾਵਨੀ ਮਿਲਣ ਉਤੇ ਪੁਲਿਸ ਤੇ ਪ੍ਰਸ਼ਾਸਨ ਤੁਰੰਤ ਚੌਂਕਸ ਹੋ ਗਏ ਸਨ। ਸਾਈਬਰ ਕ੍ਰਾਈਮ ਪੁਲਿਸ ਨੇ ਅਣਪਛਾਤਿਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਸ਼ਿਕਾਇਤ ਦਿੱਲੀ ਪਬਲਿਕ ਸਕੂਲ ਦੇ ਪ੍ਰਿੰਸੀਪਲ ਵੱਲੋਂ ਦਿੱਤੀ ਗਈ ਸੀ, ਜਿਸ ਦੇ ਆਧਾਰ ’ਤੇ ਕੇਸ ਦਰਜ ਕੀਤਾ ਗਿਆ ਹੈ। ਵੀਰਵਾਰ ਸਵੇਰੇ ਲਗਭਗ 8:40 ਵਜੇ ਇਕ ਈਮੇਲ ਆਈਡੀ ਤੋਂ ਇਹ ਧਮਕੀ ਦਿੱਤੀ ਸੀ। ਆਰਮੀ ਪਬਲਿਕ ਸਕੂਲ ਸਮੇਤ ਕਈ ਸੰਸਥਾਵਾਂ ਤੇ ਮਹੱਤਵਪੂਰਨ ਸਥਾਨਾਂ ਨੂੰ ਨਿਸ਼ਾਨਾ ਬਣਾਉਣ ਦੀ ਧਮਕੀ ਦਿੱਤੀ ਸੀ। ਈਮੇਲ ਭੇਜਣ ਵਾਲਿਆਂ ਨੇ ਖ਼ੁਦ ਨੂੰ ਖਾਲਿਸਤਾਨ ਨੈਸ਼ਨਲ ਆਰਮੀ ਨਾਲ ਜੁੜਿਆ ਹੋਇਆ ਦੱਸਿਆ ਸੀ। ਈਮੇਲ ਵਿੱਚ ਅੰਮ੍ਰਿਤਸਰ, ਲੁਧਿਆਣਾ, ਫਿਰੋਜ਼ਪੁਰ ਤੇ ਬਠਿੰਡਾ ਵਿੱਚ ਰਾਤ ਦੇ ਸਮੇਂ ਰੇਲ ਪਟੀਆਂ ਨੂੰ ਉਡਾਉਣ ਦੀ ਸਾਜ਼ਿਸ਼ ਦਾ ਵੀ ਜ਼ਿਕਰ ਕੀਤਾ ਹੈ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਇਹ ਕਿਸੇ ਸ਼ਰਾਰਤੀ ਤੱਤ ਦੀ ਹਰਕਤ ਵੀ ਹੋ ਸਕਦੀ ਹੈ, ਪਰ ਕਿਸੇ ਵੀ ਸੰਭਾਵਿਤ ਖਤਰੇ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ। ਘਟਨਾ ਦੇ ਬਾਅਦ ਪੂਰੇ ਇਲਾਕੇ ਵਿੱਚ ਸੁਰੱਖਿਆ ਨੂੰ ਕੜਾ ਕਰ ਦਿੱਤਾ ਗਿਆ ਹੈ।