ਤਖ਼ਤ ਦਮਦਮਾ ਸਾਹਿਬ ਵਿਖੇ ਕਰਵਾਇਆ ਗੁਰਮਤਿ ਸਮਾਗਮ
ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਇਆ
Publish Date: Sun, 26 Apr 2026 04:34 PM (IST)
Updated Date: Mon, 27 Apr 2026 04:05 AM (IST)
ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ, ਤਲਵੰਡੀ ਸਾਬੋ
ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਅੱਜ ਹਫ਼ਤਾਵਰੀ ਗੁਰਮਤਿ ਸਮਾਗਮ ਸ਼ਰਧਾ ਅਤੇ ਅਕੀਦਤ ਨਾਲ ਕਰਵਾਇਆ ਗਿਆ। ਇਸ ਮੌਕੇ ਵਿਸ਼ੇਸ਼ ਢਾਡੀ ਦਰਬਾਰ ਕਰਵਾਇਆ ਗਿਆ। ਜਿਸ ਅੰਦਰ ਪੰਥ ਪ੍ਰਸਿੱਧ ਢਾਡੀ ਜਥਿਆਂ ਨੇ ਬੀਰ-ਰਸੀ ਵਾਰਾਂ ਰਾਹੀਂ ਸੰਗਤ ਨੂੰ ਸਿੱਖ ਇਤਿਹਾਸ ਦੇ ਗੌਰਵਮਈ ਪੰਨਿਆਂ ਨਾਲ ਜੋੜਿਆ। ਸਮਾਗਮ ਦੇ ਮੁੱਖ ਪੜਾਅ 'ਤੇ ਕਰਵਾਏ ਗਏ ਅੰਮ੍ਰਿਤ ਸੰਚਾਰ ਅੰਦਰ 210 ਪ੍ਰਾਣੀਆਂ ਨੇ ਖੰਡੇ-ਬਾਟੇ ਦੀ ਪਾਹੁਲ ਪ੍ਰਾਪਤ ਕੀਤੀ ਅਤੇ ਗੁਰੂ ਵਾਲੇ ਬਣ ਕੇ ਪੰਥਕ ਕਾਫ਼ਲੇ ਦਾ ਹਿੱਸਾ ਬਣੇ। ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਸੰਗਤ ਨੂੰ ਕਥਾ ਵਿਚਾਰਾਂ ਰਾਹੀਂ ਨਿਹਾਲ ਕੀਤਾ।
ਉਨ੍ਹਾਂ ਗੁਰਬਾਣੀ ਦੇ ਫਲਸਫੇ ਦੀ ਰੌਸ਼ਨੀ ਵਿਚ ਜੀਵਨ ਜਾਂਚ ਸਿਖਾਉਂਦਿਆਂ ਮਨੁੱਖੀ ਜੀਵਨ ਵਿੱਚ ਅੰਮ੍ਰਿਤ ਦੀ ਮਹੱਤਤਾ ਅਤੇ ਗੁਰੂ ਦੀ ਸ਼ਰਨ ਵਿਚ ਆਉਣ ਦੇ ਅਧਿਆਤਮਿਕ ਲਾਭਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ। ਅੰਮ੍ਰਿਤ ਸੰਚਾਰ ਸਮਾਗਮ ਵਿਚ ਵਿਸ਼ੇਸ਼ ਤੌਰ 'ਤੇ ਸਿੰਘ ਸਾਹਿਬ ਬਾਬਾ ਟੇਕ ਸਿੰਘ, ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ ਨੇ ਵੀ ਸ਼ਿਰਕਤ ਕੀਤੀ। ਸਿੰਘ ਸਾਹਿਬ ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਨ ਵਾਲੇ ਜਥੇ ਨੂੰ ਵਧਾਈ ਦਿੱਤੀ। ਸੰਗਤ ਨੂੰ ਸੰਬੋਧਨ ਕਰਦਿਆਂ ਸਿੰਘ ਸਾਹਿਬ ਨੇ ਕੌਮ ਦੇ ਨਾਮ ਇਕ ਮਹੱਤਵਪੂਰਨ ਸੁਨੇਹਾ ਦਿੱਤਾ। ਸਿੱਖੀ ਸਿਧਾਂਤਾਂ ਦੀ ਰਾਖੀ ਅਤੇ ਪੰਥਕ ਚੜ੍ਹਦੀ ਕਲਾ ਲਈ ਬਾਣੀ ਅਤੇ ਬਾਣੇ ਦਾ ਧਾਰਨੀ ਹੋਣਾ ਲਾਜ਼ਮੀ ਹੈ। ਅਜੋਕੇ ਦੌਰ ਵਿਚ ਜਿੱਥੇ ਸਿੱਖੀ ਸਰੂਪ ਤੇ ਵਿਚਾਰਧਾਰਾ ਨੂੰ ਕਈ ਪਾਸਿਆਂ ਤੋਂ ਚੁਣੌਤੀਆਂ ਮਿਲ ਰਹੀਆਂ ਹਨ, ਉੱਥੇ ਕੌਮ ਨੂੰ ਆਪਸੀ ਇਕਜੁੱਟਤਾ ਅਤੇ ਗੁਰੂ-ਗ੍ਰੰਥ ਸਾਹਿਬ ਜੀ ਦੇ ਲੜ ਲੱਗ ਕੇ ਇਨ੍ਹਾਂ ਦਾ ਡਟ ਕੇ ਮੁਕਾਬਲਾ ਕਰਨ ਦੀ ਲੋੜ ਹੈ।
ਪੰਥਕ ਹਿੱਤਾਂ ਦੀ ਰਾਖੀ ਲਈ ਹਰ ਸਿੱਖ ਨੂੰ ਸੁਚੇਤ ਹੋ ਕੇ ਪਹਿਰਾ ਦੇਣਾ ਚਾਹੀਦਾ ਹੈ। ਇਸ ਮੌਕੇ ਤਖਤ ਸਾਹਿਬ ਦੇ ਮੈਨੇਜਰ ਨਰਿੰਦਰਜੀਤ ਸਿੰਘ, ਵਧੀਕ ਮੈਨੇਜਰ ਗੁਰਦੇਵ ਸਿੰਘ, ਮੀਤ ਮੈਨੇਜਰ ਮਨਦੀਪ ਸਿੰਘ, ਮੀਤ ਮੈਨੇਜਰ ਗੁਰਸੇਵਕ ਸਿੰਘ ਕਿੰਗਰਾ, ਧਰਮ ਪ੍ਰਚਾਰ ਕਮੇਟੀ ਸਬ ਆਫਿਸ ਦੇ ਇੰਚਾਰਜ ਭੋਲਾ ਸਿੰਘ, ਵਧੀਕ ਗ੍ਰੰਥੀ ਗਿਆਨੀ ਗੁਰਜੰਟ ਸਿੰਘ, ਮੁੱਖ ਕਥਾਵਾਚਕ ਗਿਆਨੀ ਜਗਤਾਰ ਸਿੰਘ ਕੀਰਤਪੁਰੀ ਅਤੇ ਕਥਾਵਾਚਕ ਗਿਆਨੀ ਆਲਮ ਸਿੰਘ ਸਮੇਤ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦੇ ਹਾਜ਼ਰ ਸਨ।