ਵਿਧਾਇਕ ਗਿੱਲ ਨੇ ਪਾਰਟੀ ਪ੍ਰਤੀ ਵਫ਼ਾਦਾਰੀ ਦਾ ਦਿੱਤਾ ਭਰੋਸਾ
ਰਾਜ ਸਭਾ ਮੈਂਬਰਾਂ ਦੇ ਦਲ ਬਦਲਣ ਨਾਲ ਪੰਜਾਬ ਦੀ ਸਿਆਸਤ ਗਰਮਾਈ, ਵਿਧਾਇਕ ਜਗਰੂਪ ਗਿੱਲ ਨੇ ਪਾਰਟੀ ਪ੍ਰਤੀ ਵਫ਼ਾਦਾਰੀ ਦਾ ਦਿੱਤਾ ਭਰੋਸਾ
Publish Date: Sun, 26 Apr 2026 05:47 PM (IST)
Updated Date: Mon, 27 Apr 2026 04:10 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਬਠਿੰਡਾ : ‘ਆਪ’ ਦੇ ਸੱਤ ਰਾਜ ਸਭਾ ਮੈਂਬਰਾਂ ਵੱਲੋਂ ਪਾਰਟੀ ਛੱਡ ਕੇ ਭਾਜਪਾ ’ਚ ਸ਼ਾਮਲ ਹੋਣ ਮਗਰੋਂ ਪੰਜਾਬ ਦੀ ਸਿਆਸਤ ਵਿਚ ਭਾਰੀ ਉਥਲ-ਪੁਥਲ ਮਚ ਗਈ ਹੈ। ਇਸ ਸਿਆਸੀ ਘਟਨਾਕ੍ਰਮ ਤੋਂ ਬਾਅਦ ‘ਆਪ’ ਦੀ ਹਾਈਕਮਾਂਡ ਪੂਰੀ ਤਰ੍ਹਾਂ ਸਰਗਰਮ ਹੋ ਗਈ ਹੈ ਤੇ ਪਾਰਟੀ ਅੰਦਰਲੇ ਹਾਲਾਤ ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਸੂਤਰਾਂ ਦੇ ਹਵਾਲੇ ਤੋਂ ਖ਼ਬਰ ਮਿਲੀ ਹੈ ਕਿ ਪਾਰਟੀ ਲੀਡਰਸ਼ਿਪ ਨੇ ਸੂਬੇ ਦੇ ਵਿਧਾਇਕਾਂ ਤੇ ਆਗੂਆਂ ਦੀਆਂ ਸਰਗਰਮੀਆਂ ਤੇ ਪਹਿਰਾ ਲਾ ਦਿੱਤਾ ਹੈ ਤਾਂ ਜੋ ਵਫ਼ਾਦਾਰ ਅਤੇ ਬਾਗੀ ਸੁਰ ਰੱਖਣ ਵਾਲੇ ਚਿਹਰਿਆਂ ਦੀ ਪਛਾਣ ਹੋ ਸਕੇ। ਇਸ ਦੇ ਨਾਲ ਹੀ ਪਾਰਟੀ ਨੇ ਬਾਗੀ ਮੈਂਬਰਾਂ ਖ਼ਿਲਾਫ਼ ਰੋਸ ਮੁਜ਼ਾਹਰਾ ਕਰਨ ਦੇ ਹੁਕਮ ਵੀ ਜਾਰੀ ਕੀਤੇ ਹਨ। ਬਠਿੰਡਾ ਸ਼ਹਿਰੀ ਹਲਕੇ ਤੋਂ ਵਿਧਾਇਕ ਜਗਰੂਪ ਸਿੰਘ ਗਿੱਲ ਨੇ ਸਪੱਸ਼ਟ ਕੀਤਾ ਹੈ ਕਿ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪਾਰਟੀ ਦੇ ਨਾਲ ਮਜ਼ਬੂਤੀ ਨਾਲ ਖੜ੍ਹੇ ਹਨ। ਭਾਜਪਾ ’ਤੇ ਤਿੱਖਾ ਹਮਲਾ ਕਰਦਿਆਂ ਗਿੱਲ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦਾ ਇਹ ਇਤਿਹਾਸ ਰਿਹਾ ਹੈ ਕਿ ਉਹ ਦੂਜੇ ਆਗੂਆਂ ਦੀ ਵਰਤੋਂ ਕਰਕੇ ਉਨ੍ਹਾਂ ਦਾ ਸਿਆਸੀ ਸਫ਼ਰ ਖ਼ਤਮ ਕਰ ਦਿੰਦੀ ਹੈ। ਪੰਜਾਬ ਦੀ ਜਨਤਾ ਧੋਖਾ ਦੇਣ ਵਾਲਿਆਂ ਨੂੰ ਕਦੇ ਮੁਆਫ਼ ਨਹੀਂ ਕਰਦੀ ਤੇ ਸਮਾਂ ਆਉਣ ਤੇ ਮੂੰਹ-ਤੋੜ ਜਵਾਬ ਦੇਵੇਗੀ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਖਾਤੇ ਤੇ ਇਕ ਵੀਡੀਓ ਸਾਂਝੀ ਕਰਦਿਆਂ ਉਨ੍ਹਾਂ ਆਗੂਆਂ ਨੂੰ ਨਿਸ਼ਾਨੇ ਤੇ ਲਿਆ, ਜਿਨ੍ਹਾਂ ਨੇ ਪਾਰਟੀ ਦੇ ਸਿਰ ਤੇ ਰਾਜ ਸਭਾ ਦੀ ਕੁਰਸੀ ਹਾਸਲ ਕੀਤੀ ਤੇ ਫਿਰ ਪਾਰਟੀ ਤੇ ਪੰਜਾਬ ਦੇ ਹਿੱਤਾਂ ਨਾਲ ਗ਼ਦਾਰੀ ਕੀਤੀ। ਜ਼ਿਕਰਯੋਗ ਹੈ ਕਿ ਜਗਰੂਪ ਗਿੱਲ ਸ਼ੁਰੂ ਤੋਂ ਹੀ ਮੁੱਖ ਮੰਤਰੀ ਦੇ ਕਰੀਬੀ ਮੰਨੇ ਜਾਂਦੇ ਹਨ ਤੇ ਸਾਫ਼-ਸੁਥਰੀ ਸਿਆਸਤ ਲਈ ਜਾਣੇ ਜਾਂਦੇ ਹਨ। ਖ਼ਬਰ ਲਿਖੇ ਜਾਣ ਤਕ ਪਾਰਟੀ ਵੱਲੋਂ ਅਗਲੀ ਰਣਨੀਤੀ ਤਿਆਰ ਕੀਤੀ ਜਾ ਰਹੀ ਹੈ।