ਸਰਪੰਚ ਦੇ ਪਤੀ 'ਤੇ ਟਰੈਕਟਰ ਚੜ੍ਹਾ ਕੇ ਜਾਨੋਂ ਮਾਰਨ ਦੀ ਕੋਸ਼ਿਸ਼, ਤਿੰਨ ਕਾਬੂ
ਸਰਪੰਚ ਦੇ ਪਤੀ 'ਤੇ ਟਰੈਕਟਰ ਚੜ੍ਹਾ ਕੇ ਜਾਨੋਂ ਮਾਰਨ ਦੀ ਕੋਸ਼ਿਸ਼, ਔਰਤ ਸਮੇਤ ਤਿੰਨ ਗ੍ਰਿਫਤਾਰ
Publish Date: Sun, 26 Apr 2026 05:58 PM (IST)
Updated Date: Mon, 27 Apr 2026 04:11 AM (IST)
ਦੀਪਕ ਸ਼ਰਮਾ, ਪੰਜਾਬੀ ਜਾਗਰਣ, ਬਠਿੰਡਾ : ਜ਼ਿਲ੍ਹੇ ਦੇ ਪਿੰਡ ਭੂੰਦੜ ਵਿਚ ਪਿੰਡ ਦੀ ਮੌਜੂਦਾ ਸਰਪੰਚ ਦੇ ਪਤੀ ਨੂੰ ਟਰੈਕਟਰ ਹੇਠ ਕੁਚਲ ਕੇ ਜਾਨੋਂ ਮਾਰਨ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਪੀੜਤ ਦੀ ਸ਼ਿਕਾਇਤ ਦੇ ਆਧਾਰ 'ਤੇ ਇਕ ਔਰਤ ਸਮੇਤ ਤਿੰਨ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ। ਥਾਣਾ ਬਾਲਿਆਂਵਾਲੀ ਦੇ ਸਹਾਇਕ ਥਾਣੇਦਾਰ ਰਨਧੀਰ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਗੁਰਮੀਤ ਸਿੰਘ ਵਾਸੀ ਪਿੰਡ ਭੂੰਦੜ ਨੇ ਬਿਆਨ ਦਰਜ ਕਰਵਾਏ ਹਨ ਕਿ ਉਸਦੀ ਪਤਨੀ ਪਿੰਡ ਦੀ ਮੌਜੂਦਾ ਸਰਪੰਚ ਹੈ। ਲੰਘੀ 25 ਅਪ੍ਰੈਲ ਨੂੰ ਜਦੋਂ ਉਹ ਆਪਣੀ ਐਕਟਿਵਾ ਸਕੂਟਰੀ 'ਤੇ ਸਵਾਰ ਹੋ ਕੇ ਪਿੰਡ ਦੀ ਫਿਰਨੀ 'ਤੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਗਿਆ ਸੀ, ਤਾਂ ਪਿੰਡ ਦੇ ਹੀ ਰਹਿਣ ਵਾਲੇ ਯਾਦਵਿੰਦਰ ਸਿੰਘ ਅਤੇ ਸਤਪਾਲ ਸਿੰਘ, ਮਨਦੀਪ ਕੌਰ ਵਾਸੀ ਪਿੰਡ ਘੋਲੀਆ ਖੁਰਦ ਨੇ ਉਸ ਉੱਪਰ ਟਰੈਕਟਰ ਚੜ੍ਹਾਉਣ ਦੀ ਕੋਸ਼ਿਸ਼ ਕੀਤੀ ਗਈ ਤਾਂ ਕਿ ਉਸਨੂੰ ਕੁਚਲ ਕੇ ਮਾਰ ਦਿੱਤਾ ਜਾਵੇ। ਗੁਰਮੀਤ ਸਿੰਘ ਨੇ ਦੱਸਿਆ ਕਿ ਉਸ ਨੇ ਮੌਕੇ 'ਤੇ ਮੁਸਤੈਦੀ ਦਿਖਾਉਂਦੇ ਹੋਏ ਇੱਕਦਮ ਪਾਸੇ ਹੋ ਕੇ ਆਪਣੀ ਜਾਨ ਬਚਾਈ। ਪੁਲਿਸ ਨੇ ਇਸ ਮਾਮਲੇ ਵਿਚ ਕਥਿਤ ਦੋਸ਼ੀ ਸਤਪਾਲ ਸਿੰਘ, ਯਾਦਵਿੰਦਰ ਸਿੰਘ ਅਤੇ ਮਨਦੀਪ ਕੌਰ ਖ਼ਿਲਾਫ਼ ਮਾਮਲਾ ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ ਹੈ।