ਪਾਬੰਦੀਸ਼ੁਦਾ ਪਦਾਰਥਾਂ ਸਣੇ 7 ਵਿਅਕਤੀ ਕਾਬੂ
ਨਸ਼ੀਲੇ ਪਦਾਰਥਾਂ ਸਮੇਤ 7 ਵਿਅਕਤੀ ਗ੍ਰਿਫ਼ਤਾਰ
Publish Date: Mon, 27 Apr 2026 04:39 PM (IST)
Updated Date: Tue, 28 Apr 2026 04:05 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਬਠਿੰਡਾ : ਜ਼ਿਲ੍ਹਾ ਪੁਲਿਸ ਨੇ ਨਸ਼ਾ ਤਸਕਰਾਂ ਵਿਰੁੱਧ ਚਲਾਈ ਮੁਹਿੰਮ ਤਹਿਤ ਵੱਖ-ਵੱਖ ਥਾਵਾਂ ਤੋਂ 7 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਕਥਿਤ ਦੋਸ਼ੀਆਂ ਖ਼ਿਲਾਫ਼ ਵੱਖ-ਵੱਖ ਥਾਣਿਆਂ ਵਿਚ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸਬੰਧੀ ਥਾਣਾ ਕੋਤਵਾਲੀ ਦੇ ਸਹਾਇਕ ਥਾਣੇਦਾਰ ਜਸਕਰਨ ਸਿੰਘ ਨੇ ਦੱਸਿਆ ਕਿ ਸਥਾਨਕ ਬੱਸ ਸਟੈਂਡ ਤੋਂ ਜੋਗੇਸ਼ ਸਿੰਗਲਾ ਵਾਸੀ ਪਰਸਰਾਮ ਨਗਰ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ 3 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਇਸੇ ਤਰ੍ਹਾਂ ਥਾਣਾ ਭਗਤਾ ਭਾਈਕਾ ਦੇ ਹੋਲਦਾਰ ਯਾਦਵਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਦਿਆਲਪੁਰਾ ਤੋਂ ਰਮਨਦੀਪ ਸਿੰਘ ਅਤੇ ਜਸ਼ਨਦੀਪ ਸਿੰਘ ਵਾਸੀਆਨ ਭੁੱਚੋ ਕਲਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 4 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਦੋਵੇਂ ਮਾਮਲਿਆਂ ਵਿਚ ਕਥਿਤ ਦੋਸ਼ੀਆਂ ਨੂੰ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ ਗਿਆ ਹੈ। ਥਾਣਾ ਫੂਲ ਦੇ ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸੁਖਮੰਦਰ ਸਿੰਘ ਨੇ ਦੱਸਿਆ ਕਿ ਨਹਿਰ ਪੁਲ ਸਿਧਾਣਾ ਤੋਂ ਮਨਪ੍ਰੀਤ ਸਿੰਘ ਅਤੇ ਹੈਪੀ ਕੁਮਾਰ ਵਾਸੀਆਨ ਪਿੰਡ ਸਿਧਾਣਾ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 50 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ। ਥਾਣਾ ਸਿਟੀ ਰਾਮਪੁਰਾ ਦੇ ਜਾਂਚ ਅਧਿਕਾਰੀ ਸਹਾੲਕ ਥਾਣੇਦਾਰ ਜਗਤਾਰ ਸਿੰਘ ਨੇ ਦੱਸਿਆ ਕਿ ਮੰਡੀ ਰਾਮਪੁਰਾ ਤੋਂ ਹਰਪ੍ਰੀਤ ਸਿੰਘ ਵਾਸੀ ਮੰਡੀ ਰਾਮਪੁਰਾ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ 03 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ ਪ੍ਰੰਤੂ ਉਕਤ ਦੋਸ਼ੀਆਂ ਨੂੰ ਬਾਅਦ ’ਚ ਜਮਾਨਤ ’ਤੇ ਰਿਹਾਅ ਕੀਤਾ। ਥਾਣਾ ਤਲਵੰਡੀ ਸਾਬੋ ਦੇ ਸਹਾਇਕ ਥਾਣੇਦਾਰ ਜਗਸੀਰ ਸਿੰਘ ਨੇ ਦੱਸਿਆ ਕਿ ਭਾਗੀਬਾਂਦਰ ਤੇ ਚੱਠੇ ਵਾਲਾ ਰੋਡ ਤੋਂ ਗੁਰਪਾਲ ਸਿੰਘ ਤੇ ਹਰਵਿੰਦਰ ਸਿੰਘ ਵਾਸੀਆਨ ਪਿੰਡ ਭਾਗੀਬਾਂਦਰ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 20 ਪਾਬੰਦੀਸ਼ੁਦਾ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ।