ਗੁਰੂ ਹਰਿਗੋਬਿੰਦ ਥਰਮਲ ਪਲਾਂਟ ਦੇ ਠੇਕਾ ਮੁਲਾਜ਼ਮਾਂ ਵੱਲੋਂ ਗੇਟ ਰੈਲੀ
ਗੁਰੂ ਹਰਿਗੋਬਿੰਦ ਥਰਮਲ ਪਲਾਂਟ ਦੇ ਠੇਕਾ ਮੁਲਾਜ਼ਮਾਂ ਨੇ ਗੇਟ ਰੈਲੀ ਕੀਤੀ
Publish Date: Mon, 27 Apr 2026 06:17 PM (IST)
Updated Date: Tue, 28 Apr 2026 04:10 AM (IST)
-ਕਿਹਾ, ਪਹਿਲੀ ਮਈ ਨੂੰ ਸੂਬਾ ਪੱਧਰ ’ਤੇ ਦਿੱਤਾ ਜਾਵੇਗਾ ਰੋਸ ਧਰਨਾ
ਹਰਮੇਲ ਸਾਗਰ, ਪੰਜਾਬੀ ਜਾਗਰਣ, ਭੁੱਚੋ ਮੰਡੀ
ਗੁਰੂ ਹਰਿਗੋਬਿੰਦ ਥਰਮਲ ਪਲਾਂਟ ਵਿਖੇ ਠੇਕਾ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਨੂੰ ਤੇਜ਼ ਕਰਦਿਆਂ 1 ਮਈ ਨੂੰ ਹੋਣ ਵਾਲੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਦੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਜੀਐੱਚਟੀਪੀ ਠੇਕਾ ਮੁਲਾਜ਼ਮ ਯੂਨੀਅਨ (ਆਜ਼ਾਦ) ਦੇ ਬੈਨਰ ਹੇਠ ਪਲਾਂਟ ਦੇ ਮੁੱਖ ਦਰਵਾਜ਼ੇ ਅੱਗੇ ਗੇਟ ਰੈਲੀ ਕਰਕੇ ਸਰਕਾਰ ਖ਼ਿਲਾਫ਼ ਨਾਰਾਜ਼ਗੀ ਦਾ ਪ੍ਰਗਟਾਵਾ ਕੀਤਾ ਗਿਆ। ਰੈਲੀ ਦੌਰਾਨ ਮੋਰਚੇ ਦੇ ਸੂਬਾਈ ਆਗੂ ਜਗਰੂਪ ਸਿੰਘ, ਗੁਰਵਿੰਦਰ ਪੰਨੂ, ਜਸਬੀਰ ਜੱਸੀ, ਜਗਸੀਰ ਭੰਗੂ, ਹਰਦੀਪ ਤੱਗੜ ਅਤੇ ਲਛਮਣ ਰਾਮਪੁਰਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਵਾਅਦਿਆਂ ਨਾਲ ਸੱਤਾ ਵਿਚ ਆਈ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੀ ਪਿਛਲੀਆਂ ਸਰਕਾਰਾਂ ਦੇ ਰਾਹ ’ਤੇ ਹੀ ਚੱਲ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਠੇਕਾ ਮੁਲਾਜ਼ਮਾਂ ਨੂੰ ਲਗਾਤਾਰ ਲਾਰੇ-ਲੱਪਿਆਂ ਵਿਚ ਰੱਖ ਕੇ ਸਰਕਾਰ ਆਪਣਾ ਕਾਰਜਕਾਲ ਬਿਤਾ ਰਹੀ ਹੈ। ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਠੇਕਾ ਪ੍ਰਣਾਲੀ ਖਤਮ ਕਰਨ ਅਤੇ ਮੁਲਾਜ਼ਮਾਂ ਦੀ ਹੋ ਰਹੀ ਸ਼ੋਸ਼ਣ ਖ਼ਤਮ ਕਰਨ ਦੇ ਐਲਾਨਾਂ ਦੇ ਬਾਵਜੂਦ ਹਕੀਕਤ ਵਿਚ ਕੋਈ ਵੱਡਾ ਕਦਮ ਨਹੀਂ ਚੁੱਕਿਆ ਗਿਆ।
ਉਨ੍ਹਾਂ ਦੱਸਿਆ ਕਿ ਪਿਛਲੇ ਕਈ ਸਾਲਾਂ ਤੋਂ ਵੱਖ-ਵੱਖ ਵਿਭਾਗਾਂ ਵਿਚ ਆਊਟਸੋਰਸਡ ਅਤੇ ਇਨਲਿਸਟਮੈਂਟ ਤਹਿਤ ਕੰਮ ਕਰ ਰਹੇ ਮੁਲਾਜ਼ਮ ਘੱਟ ਤਨਖਾਹਾਂ ’ਤੇ ਤਨਦੇਹੀ ਨਾਲ ਸੇਵਾਵਾਂ ਨਿਭਾ ਰਹੇ ਹਨ, ਪਰ ਉਨ੍ਹਾਂ ਨੂੰ ਪੱਕਾ ਕਰਨ ਲਈ ਸਰਕਾਰ ਵੱਲੋਂ ਅਜੇ ਤਕ ਕੋਈ ਢੰਗ ਦੀ ਨੀਤੀ ਨਹੀਂ ਬਣਾਈ ਗਈ। ਇਸ ਕਾਰਨ ਮੁਲਾਜ਼ਮਾਂ ’ਚ ਰੋਸ ਪਾਇਆ ਜਾ ਰਿਹਾ ਹੈ। ਆਗੂਆਂ ਨੇ ਐਲਾਨ ਕੀਤਾ ਕਿ ਇਸ ਮਾਮਲੇ ’ਤੇ ਸਰਕਾਰ ਦਾ ਧਿਆਨ ਖਿੱਚਣ ਲਈ 1 ਮਈ ਮਜਦੂਰ ਦਿਵਸ ਮੌਕੇ ਸੰਗਰੂਰ ਵਿਖੇ ਪੰਜਾਬ ਦੇ ਵਿੱਤ ਮੰਤਰੀ ਦੀ ਰਿਹਾਇਸ਼ ਦੇ ਸਾਹਮਣੇ ਸੂਬਾ ਪੱਧਰੀ ਰੋਸ ਧਰਨਾ ਦਿੱਤਾ ਜਾਵੇਗਾ।
ਇਸ ਧਰਨੇ ਵਿਚ ਮੁਲਾਜ਼ਮ ਆਪਣੇ ਪਰਿਵਾਰਾਂ ਅਤੇ ਬੱਚਿਆਂ ਸਮੇਤ ਸ਼ਾਮਲ ਹੋਣਗੇ।ਗੇਟ ਰੈਲੀ ਦੌਰਾਨ ਜਮਹੂਰੀ ਹੱਕਾਂ ਲਈ ਸੰਘਰਸ਼ ਕਰਨ ਵਾਲੇ ਆਗੂ ਐੱਨਕੇ ਜੀਤ ਨੂੰ ਵੀ ਸ਼ਰਧਾਂਜਲੀ ਭੇਟ ਕੀਤੀ ਗਈ। ਅੰਤ ਵਿਚ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਵੱਲੋਂ ਜਲਦ ਹੀ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ’ਤੇ ਸਕਾਰਾਤਮਕ ਫੈਸਲੇ ਨਾ ਕੀਤੇ ਗਏ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।