ਰਾਘਵ ਚੱਢਾ ਨੂੰ ਪੰਜਾਬੀ ਮੁਆਫ਼ ਨਹੀਂ ਕਰਨਗੇ : ਚੇਅਰਮੈਨ ਮਾਨ
ਰਾਘਵ ਨੂੰ ਪੰਜਾਬੀ ਮੁਆਫ਼ ਨਹੀਂ ਕਰਨਗੇ: ਚੇਅਰਮੈਨ ਮਾਨ
Publish Date: Mon, 27 Apr 2026 06:21 PM (IST)
Updated Date: Tue, 28 Apr 2026 04:10 AM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ, ਬਠਿੰਡਾ
ਪੰਜਾਬ ਦੇ 7 ਰਾਜ ਸਭਾ ਮੈਂਬਰਾਂ ਵੱਲੋਂ ਪੰਜਾਬ ਦੇ ਲੋਕਾਂ ਨਾਲ ਗਦਾਰੀ ਕਰਦੇ ਹੋਏ ਭਾਜਪਾ ’ਚ ਸ਼ਾਮਲ ਹੋਣਾ ਬਹੁਤ ਹੀ ਦੁੱਖਦਾਈ ਹੈ ਅਤੇ ਪੰਜਾਬ ਦੇ ਲੋਕ ਭਲੀ-ਭਾਂਤੀ ਜਾਣਦੇ ਹਨ ਕਿ ਬੀਜੇਪੀ ਕਿਵੇਂ ਈਡੀ ਅਤੇ ਹੋਰ ਏਜੰਸੀਆਂ ਰਾਹੀਂ ਵਿਰੋਧੀ ਪਾਰਟੀਆਂ ਦੇ ਆਗੂਆਂ ਨੂੰ ਡਰਾਉਂਦੀ ਅਤੇ ਦਬਾਅ ਬਣਾਉਂਦੀ ਹੈ ਤੇ ਉਨ੍ਹਾਂ ਨੂੰ ਪਾਰਟੀ ’ਚ ਸ਼ਾਮਲ ਕਰਨ ਲਈ ਮਜਬੂਰ ਕਰਦੀ ਹੈ ਪਰ ਪੰਜਾਬ ਦੇ ਲੋਕ ਰਾਜ ਸਭਾ ਮੈਂਬਰ ਰਾਘਵ ਚੱਢਾ ਤੇ ਉਨ੍ਹਾਂ ਬਾਕੀ ਰਾਜ ਸਭਾ ਮੈਂਬਰਾਂ ਨੂੰ ਕਦੇ ਮੁਆਫ ਨਹੀ ਕਰਨਗੇ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾਂ ਮਾਰਕਫੈਡ ਪੰਜਾਬ ਦੇ ਚੇਅਰਮੈਨ ਇੰਦਰਜੀਤ ਸਿੰਘ ਮਾਨ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੱਤੀ ਕਿ ‘ਆਪ’ ਦਾ ਪੰਜਾਬ ਵਿਚ ਦਿਨੋਂ-ਦਿਨ ਵਧਦਾ ਪ੍ਰਭਾਵ ਦੇਖ ਕੇ ਕੇਂਦਰ ਦੀ ਭਾਜਪਾ ਸਰਕਾਰ ਘਬਰਾਹਟ ਵਿਚ ਹੈ ਅਤੇ ਇਸੇ ਕਾਰਨ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਲਾਲਚ ਅਤੇ ਦਬਾਅ ਦੇ ਰਾਹੀਂ ਆਪਣੀ ਪਾਰਟੀ ਵਿਚ ਸ਼ਾਮਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਇਤਿਹਾਸ ਗਵਾਹ ਹੈ ਕਿ ਜਿਸ ਵੀ ਕਿਸੇ ਨੇ ਪੰਜਾਬ ਅਤੇ ਪੰਜਾਬੀਆਂ ਨਾਲ ਧੋਖਾ ਕੀਤਾ ਹੈ, ਉਸ ਨੂੰ ਪੰਜਾਬ ਦੇ ਲੋਕ ਕਦੇ ਮਾਫ ਨਹੀਂ ਕਰਦੇ ਅਤੇ ਸਮੇਂ ਆਉਣ 'ਤੇ ਮੂੰਹ-ਤੋੜ ਜਵਾਬ ਦਿੰਦੇ ਹਨ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਵੀ ਪੰਜਾਬ ਦੀ ਜਨਤਾ ਅਜਿਹੇ ਲੋਕਾਂ ਨੂੰ ਕਰਾਰਾ ਜਵਾਬ ਦੇਵੇਗੀ। ਉਨ੍ਹਾਂ ਅੱਗੇ ਕਿਹਾ ਕਿ ਵਿਰੋਧੀ ਪਾਰਟੀਆਂ ਚਾਹੇ ਕਿੰਨੀਆਂ ਵੀ ਚਾਲਾਂ ਚੱਲਣ, ਮਾਨ ਸਰਕਾਰ ਹਮੇਸ਼ਾਂ ਲੋਕ-ਹਿੱਤ ਦੇ ਫੈਸਲੇ ਕਰਨ ਲਈ ਵਚਨਬੱਧ ਰਹੀ ਹੈ ਅਤੇ ਰਹੇਗੀ। ਮਾਨ ਸਰਕਾਰ ਦਾ ਮੁੱਖ ਉਦੇਸ਼ ਪੰਜਾਬ ਵਿਚ ਭ੍ਰਿਸ਼ਟਾਚਾਰ ਦਾ ਖਾਤਮਾ ਕਰਨਾ, ਹਰ ਵਰਗ ਨੂੰ ਸਹੂਲਤਾਂ ਪ੍ਰਦਾਨ ਕਰਨਾ, ਬੱਚਿਆਂ ਨੂੰ ਵਧੀਆ ਸਿੱਖਿਆ ਅਤੇ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਅਤੇ ਨੌਜਵਾਨਾਂ ਨੂੰ ਬਿਨਾਂ ਸਿਫਾਰਸ਼ ਤੇ ਬਿਨਾਂ ਰਿਸ਼ਵਤ ਦੇ ਸਰਕਾਰੀ ਨੌਕਰੀਆਂ ਦੇਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਮਾਨ ਸਰਕਾਰ ਦੇ ਕੰਮਾਂ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਨ ਅਤੇ ਪੂਰੇ ਪੰਜਾਬ ਵਿਚ ਮਾਨ ਸਰਕਾਰ ਵੱਲੋਂ ਕੀਤੇ ਗਏ ਲੋਕ-ਹਿੱਤ ਫੈਸਲਿਆਂ ਦੀ ਚਰਚਾ ਹੋ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ 2027 ਵਿਚ ਫਿਰ ਤੋਂ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ‘ਆਪ’ ਦੀ ਸਰਕਾਰ ਵੱਡੇ ਬਹੁਮਤ ਨਾਲ ਬਣੇਗੀ।