ਵੇਰਕਾ ਮਿਲਕ ਪਲਾਂਟ ਦੇ ਮੁਲਾਜ਼ਮਾਂ ਨੇ ਕੀਤੀ ਗੇਟ ਰੈਲੀ
ਵੇਰਕਾ ਮਿਲਕ ਪਲਾਂਟ ਬਠਿੰਡਾ ਦੇ ਮੁਲਾਜ਼ਮਾਂ ਨੇ ਗੇਟ ਰੈਲੀ ਕੀਤੀ
Publish Date: Tue, 28 Apr 2026 04:54 PM (IST)
Updated Date: Wed, 29 Apr 2026 04:05 AM (IST)

-ਪਹਿਲੀ ਮਈ ਨੂੰ ਵਿੱਤ ਮੰਤਰੀ ਦੀ ਸੰਗਰੂਰ ਰਿਹਾਇਸ਼ ਦਾ ਕੀਤਾ ਜਾਵੇਗਾ ਘਿਰਾਓ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਬਠਿੰਡਾ : ਮਿਲਕ ਪਲਾਂਟ ਆਊਟਸੌਰਸ ਯੂਨੀਅਨ ਦੇ ਬਠਿੰਡਾ ਪਲਾਂਟ ਦੇ ਠੇਕਾ ਮੁਲਾਜ਼ਮਾਂ ਨੇ 1 ਮਈ ਦੇ ਸੂਬਾ ਪੱਧਰੀ ਸੰਘਰਸ਼ ਦੀ ਤਿਆਰੀ ਵਜੋਂ ਕੀਤੀ ਗੇਟ ਰੈਲੀ ਕੀਤੀ। ਇਸ ਮੌਕੇ ਮੋਰਚੇ ਦੇ ਸੂਬਾਈ ਆਗੂ ਗੁਰਵਿੰਦਰ ਪੰਨੂੰ, ਜਸਬੀਰ ਜੱਸੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿਚ ਪੱਕਾ ਕਰਨ ਦਾ ਵਾਅਦਾ ਕਰਕੇ ਸੱਤਾ ਵਿਚ ਆਈ ਆਪ ਸਰਕਾਰ ਵੀ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਹੀ ਠੇਕਾ ਮੁਲਾਜ਼ਮਾਂ ਨੂੰ ਲਾਰੇ-ਲੱਪਿਆਂ ਵਿਚ ਰੱਖ ਕੇ ਆਪਣਾ ਸਮਾਂ ਲੰਘਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਸਮਾਂ ਖਤਮ ਹੋਣ ਵੱਲ ਵੱਧ ਰਿਹਾ ਹੈ ਤਾਂ ਅਜੇ ਤਕ ਵੀ ਉਨ੍ਹਾਂ ਨੂੰ ਪੱਕਾ ਕਰਨ ਦੀ ਕੋਈ ਨੀਤੀ ਨਹੀਂ ਬਣਾਈ ਹੈ। ਉਨ੍ਹਾਂ ਕਿਹਾ ਕਿ ਇਸ ਦੇ ਵਿਰੋਧ ਵਜੋਂ ਮੋਰਚੇ ਦੇ ਬੈਨਰ ਹੇਠ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਵੱਲੋਂ ਮਜ਼ਦੂਰ ਦਿਵਸ ਮੌਕੇ 1 ਮਈ ਨੂੰ ਵਿੱਤ ਮੰਤਰੀ ਪੰਜਾਬ ਸਰਕਾਰ ਦੀ ਸੰਗਰੂਰ ਸਥਿਤ ਰਿਹਾਇਸ਼ ਦੇ ਸਾਹਮਣੇ ਪਰਿਵਾਰਾਂ-ਬੱਚਿਆਂ ਸਮੇਤ ਸੂਬਾ ਪੱਧਰੀ ਰੋਸ ਧਰਨਾ ਦਿੱਤਾ ਜਾਵੇਗਾ। ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਮੂਹ ਸਰਕਾਰੀ ਵਿਭਾਗਾਂ ਦੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕੀਤਾ ਜਾਵੇ, ਸਮੂਹ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਪਹਿਲ ਅਤੇ ਤਜ਼ਰਬੇ ਦੇ ਆਧਾਰ ’ਤੇ ਵਿਭਾਗਾਂ ਵਿਚ ਪੱਕਾ ਕੀਤਾ ਜਾਵੇ, ਘੱਟੋ-ਘੱਟ ਉਜਰਤਾਂ ਦੇ ਕਾਨੂੰਨ 1948/ਪੰਦਰਵੀਂ ਲੇਬਰ ਕਾਨਫ਼ਰੰਸ ਦੇ ਫਾਰਮੂਲੇ ਮੁਤਾਬਿਕ ਠੇਕਾ ਮੁਲਾਜ਼ਮਾਂ ਦੀ ਤਨਖ਼ਾਹ ਨਿਸ਼ਚਿਤ ਕੀਤੀ ਜਾਵੇ। ਸੇਵਾ ਕਾਲ ਦੌਰਾਨ ਮੌਤ/ਨਕਾਰਾ ਹੋਣ ’ਤੇ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ, ਪੈਨਸ਼ਨ ਅਤੇ ਯੋਗ ਮੁਆਵਜ਼ਾ ਦਿੱਤਾ ਜਾਵੇ, ਠੇਕਾ ਮੁਲਾਜ਼ਮਾਂ ਦੇ ਸੇਵਾ ਮੁਕਤ ਹੋਣ ਉਪਰੰਤ ਪੈਨਸ਼ਨ ਅਤੇ ਗੁਜ਼ਾਰਾ ਫ਼ੰਡ ਦਿੱਤਾ ਜਾਵੇ। ਗੇਟ ਰੈਲੀ ਦੌਰਾਨ ਜਮਹੂਰੀ ਹੱਕਾਂ ਦੇ ਰਾਖੇ ਐੱਨਕੇ ਜੀਤ ਨੂੰ ਸ਼ਰਧਾਂਜਲੀ ਦਿੱਤੀ। ਇਸ ਮੌਕੇ ਅਮਨਦੀਪ ਸਿੰਘ, ਯਾਦਵਿੰਦਰ ਸਿੰਘ, ਕਿੰਗ ਕੌਂਸਲ, ਹਰਦੇਵ ਚੌਪੜਾ, ਬਲਵੀਰ ਰਾਜਾ ਅਰਸ਼ਦੀਪ ਸਿੰਘ, ਰਾਜ ਕੁਮਾਰ, ਤੇ ਸਮੂਹ ਵਰਕਰ ਹਾਜ਼ਰ ਸਨ।