ਕੱਟਾਂ ਖ਼ਿਲਾਫ਼ ਭਾਕਿਯੂ ਡਕੌਂਦਾ ਨੇ ਨਿਗਰਾਨ ਇੰਜੀਨੀਅਰ ਨੂੰ ਦਿੱਤਾ ਮੰਗ ਪੱਤਰ
ਬਿਜਲੀ ਕੱਟਾਂ ਖ਼ਿਲਾਫ਼ ਭਾਕਿਯੂ ਡਕੌਂਦਾ ਧਨੇਰ ਨੇ ਨਿਗਰਾਨ ਇੰਜੀਨੀਅਰ ਨੂੰ ਸੌਂਪਿਆ ਮੰਗ ਪੱਤਰ
Publish Date: Wed, 29 Apr 2026 04:51 PM (IST)
Updated Date: Thu, 30 Apr 2026 04:14 AM (IST)

ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ, ਬਠਿੰਡਾ : ਬਿਜਲੀ ਦੇ ਲੰਮੇ ਕੱਟਾਂ ਨੂੰ ਲੈ ਕੇ ਕਿਸਾਨਾਂ ਅਤੇ ਆਮ ਲੋਕਾਂ ਵਿਚ ਰੋਸ ਵਧਦਾ ਜਾ ਰਿਹਾ ਹੈ। ਸਬੰਧੀ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਦਾ ਧਨਰੇ ਵੱਲੋਂ ਨਿਗਰਾਨੀ ਇੰਜੀਨੀਅਰ, ਹਲਕਾ ਬਠਿੰਡਾ ਨੂੰ ਮੰਗ ਪੱਤਰ ਸੌਂਪਿਆ। ਇਸ ਮੌਕੇ ਕਿਸਾਨ ਆਗੂ ਅਮਰਜੀਤ ਹਨੀ ਨੇ ਕਿਹਾ ਕਿ ਬਿਜਲੀ ਦੇ ਲਗਾਤਾਰ ਕੱਟਾਂ ਕਾਰਨ ਆਮ ਜਨਤਾ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਦੱਸਿਆ ਕਿ ਗਰਮੀ ਦੇ ਮੌਸਮ ਵਿਚ ਲੰਬੇ ਸਮੇਂ ਤਕ ਬਿਜਲੀ ਨਾ ਹੋਣ ਕਾਰਨ ਲੋਕਾਂ ਦਾ ਜੀਣਾ ਦੁੱਭਰ ਹੋ ਗਿਆ ਹੈ। ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ ਨੇ ਕਿਹਾ ਕਿ ਕਈ ਇਲਾਕਿਆਂ ਵਿਚ ਪੀਣ ਵਾਲੇ ਪਾਣੀ ਦੀ ਵੀ ਕਮੀ ਪੈਦਾ ਹੋ ਰਹੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਬਿਨਾਂ ਕਿਸੇ ਸੂਚਨਾ ਦੇ ਬਿਜਲੀ ਕੱਟ ਲਗਣ ਕਾਰਨ ਲੋਕ ਮਜਬੂਰਨ ਬਿਜਲੀ ਨਿਗਮ ਦੇ ਦਫ਼ਤਰਾਂ ਅੱਗੇ ਧਰਨੇ ਦੇਣ ਲਈ ਮਜਬੂਰ ਹੋ ਰਹੇ ਹਨ। ਕਿਸਾਨ ਆਗੂਆਂ ਅਨੁਸਾਰ ਅਧਿਕਾਰੀਆਂ ਵੱਲੋਂ ਭਰੋਸਾ ਦਿੱਤਾ ਗਿਆ ਹੈ ਕਿ ਭਵਿੱਖ ’ਚ ਬਿਜਲੀ ਸਪਲਾਈ ਨੂੰ ਸੁਚਾਰੂ ਬਣਾਇਆ ਜਾਵੇਗਾ। ਇਸਦੇ ਨਾਲ ਹੀ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਬਿੰਦਰ ਕੋਟਲੀ ਨੇ ਪੰਜਾਬ ਸਰਕਾਰ ‘ਤੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਸਰਕਾਰ ਬਿਜਲੀ ਬੋਰਡ ਦੇ ਪ੍ਰਾਈਵੇਟਕਰਨ ਵੱਲ ਵਧ ਰਹੀ ਹੈ ਤੇ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਜਾਣ-ਬੁੱਝ ਕੇ ਬਿਜਲੀ ਬੋਰਡ ਨੂੰ ਬਦਨਾਮ ਕਰ ਰਹੀ ਹੈ ਅਤੇ ਬਿਜਲੀ ਕੱਟਾਂ ਰਾਹੀਂ ਲੋਕਾਂ ਅਤੇ ਬਿਜਲੀ ਮੁਲਾਜ਼ਮਾਂ ਵਿਚ ਟਕਰਾਅ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਬਿਜਲੀ ਕੱਟਾਂ ਦਾ ਮਸਲਾ ਜਲਦ ਹੱਲ ਨਾ ਕੀਤਾ ਗਿਆ ਤਾਂ ਸਰਕਾਰ ਖਿਲਾਫ ਸੰਘਰਸ਼ ਤੇਜ਼ ਕੀਤਾ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਸਰਕਾਰ ਅਤੇ ਬਿਜਲੀ ਵਿਭਾਗ ਦੀ ਹੋਵੇਗੀ। ਇਸ ਮੌਕੇ ਜ਼ਿਲ੍ਹਾ ਪ੍ਰੈੱਸ ਸਕੱਤਰ ਗੁਰਦੀਪ ਸਿੰਘ ਨਾਥਪੁਰਾ, ਗੁਰਪ੍ਰੀਤ ਸਿੰਘ ਨਾਥਪੁਰਾ, ਸਮੁੰਦਰ ਸਿੰਘ ਸਰਾਭਾ, ਲਾਭਾ ਸਿੰਘ ਸੰਧੂ ਅਤੇ ਜਸਵਿੰਦਰ ਸਿੰਘ ਫੌਜੀ ਸਮੇਤ ਹੋਰ ਆਗੂ ਵੀ ਮੌਜੂਦ ਸਨ।