ਪ੍ਰਾਪਰਟੀ ਟੈਕਸ ਵਾਧੇ ’ਤੇ ਭਾਜਪਾ ਦਾ ਹਮਲਾ, ਸਰਕਾਰ ਨੂੰ ਚਿਤਾਵਨੀ
ਪ੍ਰਾਪਰਟੀ ਟੈਕਸ ਵਾਧੇ ’ਤੇ ਭਾਜਪਾ ਦਾ ਤਿੱਖਾ ਹਮਲਾ, ਆਪ ਸਰਕਾਰ ਨੂੰ ਚਿਤਾਵਨੀ
Publish Date: Wed, 29 Apr 2026 05:17 PM (IST)
Updated Date: Thu, 30 Apr 2026 04:08 AM (IST)

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਭਾਰਤੀ ਜਨਤਾ ਪਾਰਟੀ ਦੇ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਨੇ ਪ੍ਰਾਪਰਟੀ ਟੈਕਸ ਵਿਚ 5 ਫੀਸਦੀ ਵਾਧੇ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਰਾਜ ਸਰਕਾਰ ’ਤੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਚੋਣਾਂ ਤੋਂ ਪਹਿਲਾਂ ਆਪਣੇ ਘੋਸ਼ਣਾ ਪੱਤਰ ਵਿਚ ਪ੍ਰਾਪਰਟੀ ਟੈਕਸ ਖਤਮ ਕਰਨ ਦਾ ਵਾਅਦਾ ਕੀਤਾ ਸੀ, ਪਰ ਹੁਣ ਇਸਦੇ ਉਲਟ ਟੈਕਸ ਵਧਾ ਕੇ ਲੋਕਾਂ ’ਤੇ ਵਾਧੂ ਬੋਝ ਪਾਇਆ ਜਾ ਰਿਹਾ ਹੈ। ਸੂਬੇ ਵਿਚ ਪਹਿਲਾਂ ਹੀ ਪ੍ਰਾਪਰਟੀ ਟੈਕਸ ਕਾਫੀ ਜ਼ਿਆਦਾ ਹੈ ਅਤੇ ਸਰਕਾਰ ਵੱਲੋਂ ਵਪਾਰ ਨੂੰ ਪ੍ਰੋਤਸਾਹਨ ਦੇਣ ਲਈ ਕੋਈ ਠੋਸ ਕਦਮ ਨਹੀਂ ਚੁੱਕੇ ਗਏ। ਦੁਕਾਨਦਾਰਾਂ ਤੇ ਵਪਾਰੀਆਂ ਦੀ ਹਾਲਤ ਇੰਨੀ ਖਰਾਬ ਹੋ ਚੁੱਕੀ ਹੈ ਕਿ ਉਨ੍ਹਾਂ ਨੂੰ ਆਪਣੇ ਸ਼ੋਰੂਮ ਦਾ ਕਿਰਾਇਆ ਦੇਣਾ ਵੀ ਮੁਸ਼ਕਿਲ ਹੋ ਰਿਹਾ ਹੈ। ਅਜਿਹੇ ਵਿਚ ਪ੍ਰਾਪਰਟੀ ਟੈਕਸ ਵਿਚ 5 ਫੀਸਦੀ ਵਾਧਾ ਉਨ੍ਹਾਂ ਦੇ ਕਾਰੋਬਾਰ ’ਤੇ ਹੋਰ ਨਕਾਰਾਤਮਕ ਅਸਰ ਪਾਏਗਾ। ਉਨ੍ਹਾਂ ਸਰਕਾਰ ਤੋਂ ਜ਼ੋਰਦਾਰ ਮੰਗ ਕੀਤੀ ਕਿ ਇਸ ਵਾਧੇ ਨੂੰ ਤੁਰੰਤ ਵਾਪਸ ਲਿਆ ਜਾਵੇ ਨਹੀਂ ਤਾਂ ਭਾਜਪਾ ਸੜਕਾਂ ’ਤੇ ਉਤਰ ਕੇ ਸੰਘਰਸ਼ ਕਰਨ ਲਈ ਮਜਬੂਰ ਹੋਵੇਗੀ। ਸਿੰਗਲਾ ਨੇ ਰਾਜ ਦੀ ਕਾਨੂੰਨ-ਵਿਵਸਥਾ ਨੂੰ ਲੈ ਕੇ ਵੀ ਸਰਕਾਰ ਨੂੰ ਘੇਰਿਆ। ਇਸਦੇ ਨਾਲ ਹੀ ਨਸ਼ੇ ਦੇ ਮੁੱਦੇ ’ਤੇ ਵੀ ਉਨ੍ਹਾਂ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਕ ਪਾਸੇ ਸਰਕਾਰ ਨਸ਼ਿਆਂ ਦੇ ਖ਼ਿਲਾਫ਼ ਮੁਹਿੰਮ ਚਲਾਉਣ ਦੇ ਦਾਅਵੇ ਕਰਦੀ ਹੈ ਜਦੋਕਿ ਦੂਜੇ ਪਾਸੇ ਪੁਲਿਸ ਵਿਭਾਗ ਦੇ ਕੁਝ ਅਧਿਕਾਰੀ ਹੀ ਨਸ਼ਾ ਤਸਕਰੀ ’ਚ ਲਿਪਤ ਪਾਏ ਜਾ ਰਹੇ ਹਨ। ਉਨ੍ਹਾਂ ਅੰਮ੍ਰਿਤਸਰ ਜ਼ਿਲ੍ਹੇ ਦੇ ਇਕ ਥਾਣੇ ਵਿਚ ਥਾਣਾ ਮੁਖੀ ਕੋਲੋਂ 2 ਕਿੱਲੋ ਚਿੱਟਾ ਬਰਾਮਦ ਹੋਣ ਦੀ ਘਟਨਾ ਦਾ ਹਵਾਲਾ ਦਿੰਦਿਆਂ ਕਿਹਾ ਕਿ ਇਹ ਸਥਿਤੀ ਬਹੁਤ ਚਿੰਤਾਜਨਕ ਹੈ। ਉਨ੍ਹਾਂ ਸਵਾਲ ਉਠਾਇਆ ਕਿ ਜਦੋਂ ਕਾਨੂੰਨ ਦੇ ਰੱਖਿਅਕ ਹੀ ਇਸ ਤਰ੍ਹਾਂ ਦੇ ਗੈਰਕਾਨੂੰਨੀ ਕੰਮਾਂ ਵਿਚ ਸ਼ਾਮਲ ਹੋਣਗੇ ਤਾਂ ਰਾਜ ਤੋਂ ਨਸ਼ਾ ਖਤਮ ਕਰਨ ਦੇ ਦਾਅਵੇ ਕਿਵੇਂ ਕਾਮਯਾਬ ਹੋ ਸਕਦੇ ਹਨ। ਸਰਕਾਰ ਨੂੰ ਤੁਰੰਤ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ ਅਤੇ ਕਾਨੂੰਨ-ਵਿਵਸਥਾ ’ਚ ਸੁਧਾਰ ਲਿਆਉਣਾ ਚਾਹੀਦਾ ਹੈ ਤਾਂ ਜੋ ਲੋਕਾਂ ਦਾ ਭਰੋਸਾ ਮੁੜ ਬਹਾਲ ਹੋ ਸਕੇ।