ਤਲਵੰਡੀ ਸਾਬੋ ’ਚ ਦੇਹ-ਵਪਾਰ ਦਾ ਪਰਦਾਫਾਸ਼, 5 ਕਾਬੂ
ਤਲਵੰਡੀ ਸਾਬੋ ਵਿਚ ਦੇਹ ਵਪਾਰ ਦਾ ਪਰਦਾਫਾਸ਼, ਪੰਜ ਗ੍ਰਿਫ਼ਤਾਰ
Publish Date: Fri, 01 May 2026 05:05 PM (IST)
Updated Date: Sat, 02 May 2026 04:06 AM (IST)

ਪੰਜਾਬੀ ਜਾਗਰਣ ਰਿਪੋਰਟਰ, ਬਠਿੰਡਾ : ਥਾਣਾ ਤਲਵੰਡੀ ਸਾਬੋ ਪੁਲਿਸ ਨੇ ਲੜਕੀਆਂ ਤੋਂ ਦੇਹ ਵਪਾਰ ਕਰਵਾਉਣ ਵਾਲੇ ਗਿਰੋਹ ਦਾ ਪਰਦਾਫਾਸ਼ ਕਰਦਿਆਂ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਜਦੋਂਕਿ ਗਿਰੋਹ ਦਾ ਇਕ ਸਾਥੀ ਅਜੇ ਫਰਾਰ ਹੈ। ਪੁਲਿਸ ਨੇ ਸਾਰੇ ਦੋਸ਼ੀਆਂ ਖ਼ਿਲਾਫ਼ ਥਾਣਾ ਤਲਵੰਡੀ ਸਾਬੋ ਵਿਚ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਤਲਵੰਡੀ ਸਾਬੋ ਦੇ ਸਬ ਇੰਸਪੈਕਟਰ ਜਗਸੀਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਦੋਸ਼ੀ ਹਰਜਿੰਦਰ ਸਿੰਘ ਵਾਸੀ ਗੁਰੂਸਰ ਜੱਗਾ ਗਰੀਬ ਪਰਿਵਾਰਾਂ ਦੀਆਂ ਲੜਕੀਆਂ ਨੂੰ ਝਾਂਸੇ ਵਿਚ ਲੈ ਕੇ ਆਪਣੀ ਕੋਠੀ ਵਿਚ ਬੁਲਾਉਂਦਾ ਅਤੇ ਉਨ੍ਹਾਂ ਤੋਂ ਜਬਰਦਸਤੀ ਦੇਹ ਵਪਾਰ ਕਰਵਾਉਂਦਾ ਹੈ। ਸੂਚਨਾ ਦੇ ਆਧਾਰ ’ਤੇ ਪੁਲਿਸ ਟੀਮ ਨੇ ਮੌਕੇ ’ਤੇ ਛਾਪੇਮਾਰੀ ਕੀਤੀ। ਛਾਪੇਮਾਰੀ ਦੌਰਾਨ ਪੁਲਿਸ ਨੇ ਮੁੱਖ ਦੋਸ਼ੀ ਹਰਜਿੰਦਰ ਸਿੰਘ ਤੋਂ ਇਲਾਵਾ ਰਾਜਵੀਰ ਸਿੰਘ ਵਾਸੀ ਪਿੰਡ ਲਖਦੀਰਵਾਲਾ ਜ਼ਿਲ੍ਹਾ ਮਾਨਸਾ, ਅਮਰਜੀਤ ਸਿੰਘ ਵਾਸੀ ਤਲਵੰਡੀ ਸਾਬੋ, ਬਸੀਰ ਖਾਨ ਵਾਸੀ ਪਿੰਡ ਜੱਗਾ ਰਾਮ ਤੀਰਥ ਅਤੇ ਸਤਵੀਰ ਸਿੰਘ ਵਾਸੀ ਪਿੰਡ ਪੱਕਾ ਸ਼ਹੀਦਾਂ ਵਾਲਾ ਨੂੰ ਗ੍ਰਿਫ਼ਤਾਰ ਕਰ ਲਿਆ। ਇਕ ਹੋਰ ਦੋਸ਼ੀ ਸੀਪਾ ਵਾਸੀ ਪਿੰਡ ਜੱਜਲ ਦੀ ਗ੍ਰਿਫ਼ਤਾਰੀ ਅਜੇ ਬਾਕੀ ਹੈ। ਪੁਲਿਸ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਮੁੱਖ ਦੋਸ਼ੀ ਹਰਜਿੰਦਰ ਸਿੰਘ ਲੰਮੇ ਸਮੇਂ ਤੋਂ ਇਸ ਗ਼ੈਰ-ਕਾਨੂੰਨੀ ਸਰਗਰਮੀ ’ਚ ਸ਼ਾਮਲ ਸੀ। ਸਬ ਇੰਸਪੈਕਟਰ ਜਗਸੀਰ ਸਿੰਘ ਨੇ ਦੱਸਿਆ ਕਿ ਸਾਰੇ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਤੇ ਗਿਰੋਹ ਨਾਲ ਜੁੜੇ ਹੋਰ ਲੋਕਾਂ ਦੀ ਭਾਲ ਜਾਰੀ ਹੈ।