ਭਾਰੀ ਮਾਤਰਾ ਨਸ਼ੀਲੇ ਪਦਾਰਥਾਂ ਸਮੇਤ 15 ਗ੍ਰਿਫਤਾਰ, 37.16 ਗ੍ਰਾਮ ਹੈਰੋਇਨ ਅਤੇ 315 ਕੈਪਸੂਲ ਬਰਾਮਦ

ਪੰਜਾਬੀ ਜਾਗਰਣ ਰਿਪੋਰਟਰ, ਬਠਿੰਡਾ : ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ 15 ਵਿਅਕਤੀਆਂ ਨੂੰ ਵੱਡੀ ਮਾਤਰਾ ’ਚ ਪਾਬੰਦੀਸ਼ੁਦਾ ਪਦਾਰਥਾਂ ਸਮੇਤ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਫੜੇ ਗਏ ਇਨ੍ਹਾਂ ਮੁਲਜ਼ਮਾਂ ਕੋਲੋਂ 37.16 ਗ੍ਰਾਮ ਹੈਰੋਇਨ, 315 ਪਾਬੰਦੀਸ਼ੁਦਾ ਕੈਪਸੂਲ ਤੇ 12 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਸਿਵਲ ਲਾਈਨ ਦੀ ਪੁਲਿਸ ਨੇ 25 ਗਜ ਕੁਆਰਟਰਾਂ ਬੇਅੰਤ ਨਗਰ ਵਿੱਚ ਛਾਪੇਮਾਰੀ ਕਰਦਿਆਂ ਕਰਨ ਕੁਮਾਰ ਨੂੰ 3.50 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਥਾਣਾ ਕੈਨਾਲ ਕਾਲੋਨੀ ਦੀ ਪੁਲਿਸ ਨੇ ਮੁਲਤਾਨੀਆ ਰੋਡ ’ਤੇ ਦੋ ਸ਼ੱਕੀ ਵਿਅਕਤੀਆਂ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 10 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਪਾਰਟੀ ਨੇ ਮੁਲਜ਼ਮਾਂ ਨੂੰ ਮੌਕੇ ’ਤੇ ਹੀ ਗ੍ਰਿਫਤਾਰ ਕਰ ਲਿਆ, ਜਿਨ੍ਹਾਂ ਦੀ ਪਛਾਣ ਸੁਖਵੰਤ ਸਿੰਘ ਤੇ ਵਿਜੇ ਕੁਮਾਰ ਵਾਸੀ ਸੁਰਖਪੀਰ ਰੋਡ ਬਠਿੰਡਾ ਵਜੋਂ ਹੋਈ ਹੈ।
ਥਾਣਾ ਨੇਹੀਆਂਵਾਲਾ ਦੀ ਪੁਲਿਸ ਨੇ ਖੇਮੂਆਣਾ ਲਿੰਕ ਰੋਡ ’ਤੇ ਨਾਕੇ ਦੌਰਾਨ ਪੈਦਲ ਆ ਰਹੇ ਦੋ ਵਿਅਕਤੀਆਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 3.2 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਪਾਰਟੀ ਨੇ ਮੁਲਜਮਾਂ ਨੂੰ ਮੌਕੇ ’ਤੇ ਹੀ ਗ੍ਰਿਫਤਾਰ ਕਰ ਲਿਆ, ਜਿਨ੍ਹਾਂ ਦੀ ਪਛਾਣ ਇਕਬਾਲ ਸਿੰਘ ਅਤੇ ਧਰਮਪ੍ਰੀਤ ਸਿੰਘ ਵਾਸੀ ਪਿੰਡ ਖੇਮੂਆਣਾ ਵਜੋਂ ਹੋਈ ਹੈ। ਇਸ ਤਰ੍ਹਾਂ ਹੀ ਥਾਣਾ ਫੂਲ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ ’ਤੇ ਛਾਪੇਮਾਰੀ ਕਰਦਿਆਂ ਸਤਨਾਮ ਸਿੰਘ ਬਾਸੀ ਪਿੰਡ ਹਰਨਾਮ ਸਿੰਘ ਵਾਲਾ ਨੂੰ 12 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ। ਥਾਣਾ ਸਿਟੀ ਰਾਮਪੁਰਾ ਦੀ ਪੁਲਿਸ ਨੇ ਬਾਬੂ ਸਿੰਘ ਵਾਸੀ ਰਾਮਪੁਰਾ ਨੂੰ ਤਿੰਨ ਗ੍ਰਾਮ ਹੈਰੋਇਨ ਸਮੇਤ ਫੜਿਆ ਹੈ। ਇਸੇ ਥਾਣੇ ਦੀ ਪੁਲਿਸ ਨੇ ਆਕਾਸ਼ ਕੁਮਾਰ ਨੂੰ 225 ਪਾਬੰਦੀਸ਼ੁਦਾ ਕੈਪਸੂਲਾਂ ਸਮੇਤ ਕਾਬੂ ਕੀਤਾ ਹੈ। ਥਾਣਾ ਬਾਲਿਆਂਵਾਲੀ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ ’ਤੇ ਛਾਪੇਮਾਰੀ ਕਰਦਿਆਂ ਸਤਪਾਲ ਸਿੰਘ ਅਤੇ ਜਗਤਾਰ ਸਿੰਘ ਵਾਸੀ ਪਿੰਡ ਬਾਲਿਆਂਵਾਲੀ ਨੂੰ ਤਿੰਨ ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਇਕ ਹੋਰ ਮਾਮਲੇ ’ਚ ਥਾਣਾ ਮੌੜ ਮੰਡੀ ਦੀ ਪੁਲਿਸ ਨੇ ਸ਼ੱਕ ਦੇ ਆਧਰ ’ਤੇ ਦੋ ਵਿਅਕਤੀਆਂ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਹਨਾਂ ਕੋਲੋਂ 90 ਪਾਬੰਦੀਸ਼ੁਦਾ ਕੈਪਸੂਲ ਬਰਾਮਦ ਹੋਏ। ਉਸ ਪਾਰਟੀ ਨੇ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ, ਜਿਨ੍ਹਾਂ ਦੀ ਪਛਾਣ ਰੇਸ਼ਮ ਸਿੰਘ ਵਾਸੀ ਪਿੰਡ ਘੁੰਮਣ ਕਲਾਂ ਤੇ ਮੁਹੰਮਦ ਰਮਜਾਨ ਵਾਸੀ ਪਿੰਡ ਮੌੜ ਕਲਾਂ ਵਜੋਂ ਹੋਈ ਹੈ। ਥਾਣਾ ਰਾਮਾ ਮੰਡੀ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਛਾਪੇਮਾਰੀ ਕਰਦਿਆਂ ਦੀਪੂ ਅਤੇ ਜਸਵੰਤ ਸਿੰਘ ਵਾਸੀ ਰਾਮਾ ਮੰਡੀ ਨੂੰ 11.43 ਗਰਾਮ ਹੈਰੋਇਨ ਸਮੇਤ ਫੜਿਆ ਹੈ, ਜਦੋਂ ਕਿ ਥਾਣਾ ਸੰਗਤ ਮੰਡੀ ਦੀ ਪੁਲਿਸ ਨੇ ਨਰਸਿੰਗ ਕਲੋਨੀ ਨੇੜੇ ਇੱਕ ਵਿਅਕਤੀ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ ਤਿੰਨ ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਪਾਰਟੀ ਨੇ ਮੁਲਜ਼ਮ ਨੂੰ ਮੌਕੇ ’ਤੇ ਗ੍ਰਿਫਤਾਰ ਕਰ ਲਿਆ, ਜਿਸ ਦੀ ਪਛਾਣ ਹਰਕਰਨ ਸਿੰਘ ਵਾਸੀ ਪਿੰਡ ਪਥਰਾਲਾ ਵਜੋਂ ਹੋਈ ਹੈ।
......