ਮਿਊਂਸਪਲ ਮੁਲਾਜ਼ਮਾਂ ਨੇ ਮਈ ਦਿਵਸ ਜੋਸ਼ੋ-ਖਰੋਸ਼ ਨਾਲ ਮਨਾਇਆ
ਮਿਊਂਸਪਲ ਮੁਲਾਜ਼ਮਾਂ ਨੇ ਮਨਾਇਆ ਮਈ ਦਿਵਸ
Publish Date: Fri, 01 May 2026 07:24 PM (IST)
Updated Date: Sat, 02 May 2026 04:12 AM (IST)

ਪੰਜਾਬੀ ਜਾਗਰਣ ਰਿਪੋਰਟਰ, ਬਠਿੰਡਾ : ਮਿਊਂਸਪਲ ਮੁਲਾਜ਼ਮਾਂ ਵੱਲੋਂ ਅੱਜ ਸਥਾਨਕ ਰੋਜ਼ ਗਾਰਡਨ ਵਿਚ ਮਈ ਦਿਵਸ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸੇਵਾ ਮੁਕਤ, ਰੈਗੂਲਰ ਅਤੇ ਆਊਟਸੋਰਸ ਮੁਲਾਜ਼ਮਾਂ ਨੇ ਵੱਡੀ ਗਿਣਤੀ ਵਿਚ ਸ਼ਿਰਕਤ ਕਰਦਿਆਂ ਮਜ਼ਦੂਰ ਏਕਤਾ ਦਾ ਪ੍ਰਗਟਾਵਾ ਕੀਤਾ। ਸਮਾਗਮ ਦੀ ਸ਼ੁਰੂਆਤ ਮਈ ਦਿਵਸ ਦੇ ਸ਼ਹੀਦਾਂ ਨੂੰ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਭੇਟ ਕਰਨ ਨਾਲ ਹੋਈ। ਇਸ ਤੋਂ ਬਾਅਦ ਪੰਜਾਬ ਮਿਊਂਸਪਲ ਵਰਕਰਜ਼ ਯੂਨੀਅਨ ਦੇ ਪ੍ਰਧਾਨ ਰਵਿੰਦਰ ਸਿੰਘ ਅਤੇ ਸਾਬਕਾ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਲਾਲ ਝੰਡਾ ਲਹਿਰਾਇਆ ਗਿਆ। ਮੁੱਖ ਬੁਲਾਰਾ ਜਗਮੇਲ ਸਿੰਘ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਕਾਰਪੋਰੇਟ ਘਰਾਣਿਆਂ ਅਤੇ ਬਹੁਕੌਮੀ ਕੰਪਨੀਆਂ ਵੱਲੋਂ ਮਜ਼ਦੂਰਾਂ ਦੇ ਸੰਘਰਸ਼ ਨਾਲ ਪ੍ਰਾਪਤ ਕੀਤੇ ਹੱਕਾਂ ਨੂੰ ਖਤਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਜ਼ੋਰ ਦਿੱਤਾ ਕਿ ਸਿਰਫ਼ ਸਰਕਾਰਾਂ ਦੇ ਬਦਲਣ ਨਾਲ ਨਹੀਂ, ਸਗੋਂ ਸਿਸਟਮ ਵਿਚ ਬਦਲਾਅ ਲਿਆਉਣ ਨਾਲ ਹੀ ਮਜ਼ਦੂਰਾਂ ਅਤੇ ਮੁਲਾਜ਼ਮਾਂ ਦੀ ਜ਼ਿੰਦਗੀ ਵਿਚ ਸੁਧਾਰ ਆ ਸਕਦਾ ਹੈ। ਯੂਨੀਅਨ ਦੇ ਸਾਬਕਾ ਪ੍ਰਧਾਨ ਭੋਲਾ ਸਿੰਘ ਅਤੇ ਬੀਰਭਾਨ ਨੇ ਵੀ ਇਕੱਠ ਨੂੰ ਸੰਬੋਧਨ ਕਰਦਿਆਂ ਮਜ਼ਦੂਰ ਹੱਕਾਂ ਲਈ ਇਕਜੁੱਟ ਰਹਿਣ ਦੀ ਅਪੀਲ ਕੀਤੀ। ਜਸਪਾਲ ਮਾਨਖੇੜਾ ਨੇ ਨਗਰ ਨਿਗਮ ਬਠਿੰਡਾ ਦੇ ਖਾਸ ਕਰਕੇ ਆਊਟਸੋਰਸ ਮੁਲਾਜ਼ਮਾਂ ਨੂੰ ਆਪਣਾ ਸੰਗਠਨ ਮਜ਼ਬੂਤ ਕਰਨ ਅਤੇ ਸੰਘਰਸ਼ ਦੇ ਰਾਹ ‘ਤੇ ਚੱਲਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਯੂਨੀਅਨ ਦੇ ਪ੍ਰਧਾਨ ਸੁਰਜਨ ਰਾਮ, ਸਾਹਿਲ ਜਰਮਾਂ ਅਤੇ ਬਲਜੀਤ ਕੁਮਾਰ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ, ਜਦਕਿ ਮੰਚ ਸੰਚਾਲਨ ਦੀ ਜ਼ਿੰਮੇਵਾਰੀ ਰਣਜੀਤ ਸਿੰਘ ਨੇ ਬਾਖੂਬੀ ਨਿਭਾਈ। ਸਮਾਗਮ ਦੌਰਾਨ 75 ਸਾਲ ਦੀ ਉਮਰ ਪੂਰੀ ਕਰ ਚੁੱਕੇ ਸੇਵਾ ਮੁਕਤ ਮੁਲਾਜ਼ਮ ਸੰਗੀਰ ਸਿੰਘ, ਕ੍ਰਿਸ਼ਨ ਕੁਮਾਰ ਅਤੇ ਕੀਮਤੀ ਲਾਲ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ। ਅੰਤ ਵਿਚ ਮਈ ਦਿਵਸ ਦੇ ਸ਼ਹੀਦਾਂ ਨੂੰ “ਲਾਲ ਸਲਾਮ” ਦੇ ਨਾਅਰਿਆਂ ਨਾਲ ਪ੍ਰੋਗਰਾਮ ਸੰਪੰਨ ਹੋਇਆ। ਯੂਨੀਅਨ ਦੇ ਚੇਅਰਮੈਨ ਹਰਬੰਸ ਲਾਲ ਨੇ ਸਾਰੇ ਹਾਜ਼ਰ ਮੈਂਬਰਾਂ ਦਾ ਧੰਨਵਾਦ ਕੀਤਾ।