ਖਾਦਾਂ ਦੀ ਸੰਤੁਲਿਤ ਵਰਤੋਂ ਸਬੰਧੀ ਲਾਇਆ ਜਾਗਰੂਕਤਾ ਕੈਂਪ
ਖਾਦਾਂ ਦੀ ਸੰਤੁਲਿਤ ਵਰਤੋਂ ਸਬੰਧੀ ਜਾਗਰੂਕਤਾ ਕੈਂਪ ਲਾਇਆ
Publish Date: Sat, 02 May 2026 04:53 PM (IST)
Updated Date: Sun, 03 May 2026 04:08 AM (IST)
ਪੰਜਾਬੀ ਜਾਗਰਣ ਰਿਪੋਰਟਰ, ਬਠਿੰਡਾ : ਪੀਏਯੂ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਬਠਿੰਡਾ ਅਤੇ ਖੇਤਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੁਆਰਾ ਪਿੰਡ ਸੇਖਪੁਰਾ ਬਲਾਕ ਤਲਵੰਡੀ ਸਾਬੋ ਵਿਖੇ ਸੰਤੁਲਿਤ ਖਾਦ ਪ੍ਰਬੰਧਨ ਮੁਹਿੰਮ ਤਹਿਤ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ ਡਾ. ਗੁਰਮੀਤ ਸਿੰਘ ਢਿੱਲੋਂ, ਪ੍ਰੋਫੈਸਰ (ਪਸਾਰ ਸਿੱਖਿਆ) ਨੇ ਕਿਸਾਨਾਂ ਨੂੰ ਫਸਲਾਂ ਵਿੱਚ ਸੰਤੁਲਿਤ ਖਾਦ ਪ੍ਰਬੰਧ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਮੁਹੱਈਆ ਕਰਵਾਈ। ਇਸ ਦੌਰਾਨ ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮਿੱਟੀ ਦੀ ਪਰਖ ਕਰਵਾਉਣ ਅਤੇ ਸਾਉਣੀ ਦੀਆਂ ਫ਼ਸਲਾਂ ਵਿੱਚ ਪਰਖ ਦੇ ਅਧਾਰਿਤ ਹੀ ਖਾਦਾਂ ਦੀ ਵਰਤੋਂ ਕਰਨ। ਅਜਿਹਾ ਕਰਨ ਨਾਲ ਜ਼ਮੀਨ ਦੀ ਸਿਹਤ ਵੀ ਬਰਕਰਾਰ ਰਹਿੰਦੀ ਹੈ ਅਤੇ ਕਿਸਾਨ ਦਾ ਖਰਚਾ ਵੀ ਘਟਦਾ ਹੈ।
ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਹਾੜ੍ਹੀ ਦੀਆਂ ਫ਼ਸਲਾਂ ਵਿੱਚ ਫਾਸਫੋਰਸ ਤੱਤ ਨੂੰ ਪਾਇਆ ਜਾਵੇ ਅਤੇ ਸਾਉਣੀ ਦੀਆਂ ਫ਼ਸਲਾਂ ਵਿੱਚ ਫਾਸਫੋਰਸ ਤੱਤ ਨਾ ਪਾਇਆ ਜਾਵੇ। ਉਨ੍ਹਾਂ ਕਿਹਾ ਕਿ ਖਾਦਾਂ ਦੀ ਬੋਲੋੜੀ ਵਰਤੋਂ ਨਾਲ ਫ਼ਸਲਾਂ ਦਾ ਝਾੜ ਵੀ ਘਟਦਾ ਹੈ ਅਤੇ ਵਾਤਾਵਰਨ ਵੀ ਪ੍ਰਦੂਸ਼ਿਤ ਹੁੰਦਾ ਹੈ। ਉਨ੍ਹਾਂ ਕਿਸਾਨਾਂ ਨੂੰ ਸਿਹਤਮੰਦ ਜੀਵਨ ਜਿਉਣ ਲਈ ਆਪਣੀ ਜੀਵਨ ਸ਼ੈਲੀ ਨੂੰ ਤਨਾਅ ਮੁਕਤ ਰੱਖਣ ਦੀ ਅਪੀਲ ਕੀਤੀ ਅਤੇ ਕਿਸਾਨਾਂ ਨੂੰ ਬੇਨਤੀ ਕੀਤੀ ਕਿ ਕਈ ਵਾਰ ਫ਼ਸਲਾਂ ਦਾ ਝਾੜ ਘਟਣ ਨਾਲ ਕਿਸਾਨ ਵੀਰ ਤਨਾਅ ਗ੍ਰਸਤ ਹੋ ਜਾਂਦੇ ਹਨ। ਇਸ ਤੋਂ ਬਚਣ ਲਈ ਹਰ ਰੋਜ ਪੌਸ਼ਟਿਕ ਆਹਾਰ ਅਤੇ ਸਰੀਰਕ ਗਤੀਵਿਧੀ ਕਰਦੇ ਰਹਿਣਾ ਬਹੁਤ ਜ਼ਰੂਰੀ ਹੈ।
ਇਸ ਮੌਕੇ ਡਾ. ਰਮਨਦੀਪ ਕੌਰ, ਸਹਾਇਕ ਪ੍ਰੋਫੈਸਰ (ਫੂਡ ਪ੍ਰੋਸੈਸਿੰਗ ਅਤੇ ਇੰਜਨੀਅਰਿੰਗ) ਨੇ ਕਿਸਾਨ ਵੀਰਾਂ ਨੂੰ ਘਰੇਲੂ ਅਨਾਜ ਅਤੇ ਬੀਜਾਂ ਦੀ ਸਹੀ ਸੰਭਾਲ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਅਤੇ ਅਪੀਲ ਕੀਤੀ ਕਿ ਕਿਸਾਨ ਵੀਰ ਜਿੱਥੋਂ ਤੱਕ ਹੋ ਸਕੇ ਬੀਜ ਆਪ ਹੀ ਸੰਭਾਲ ਕੇ ਰੱਖਣ ਅਤੇ ਅਜਿਹਾ ਕਰਨ ਨਾਲ ਖੇਤੀ ਖਰਚਾ ਵੀ ਘਟਦਾ ਹੈ। ਇਸ ਦੌਰਾਨ ਖੇਤੀਬਾੜੀ ਵਿਕਾਸ ਅਫ਼ਸਰ ਸ਼੍ਰੀ ਗੌਰਵ ਜੈਨ ਨੇ ਵੀ ਆਪਣੇ ਵਿਭਾਗ ਦੁਆਰਾ ਚਲਾਈਆਂ ਜਾ ਰਹੀਆਂ ਕਿਸਾਨ ਭਲਾਈ ਸਕੀਮਾਂ ਸਬੰਧੀ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਪ੍ਰਭਜੋਤ ਕੌਰ ਬਾਗਬਾਨੀ ਵਿਕਾਸ ਅਫ਼ਸਰ ਤਲਵੰਡੀ ਸਾਬੋ ਨੇ ਬਾਗਬਾਨੀ ਵਿਭਾਗ ਦੁਆਰਾ ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਵਿਸਥਾਰਪੂਰਵਕ ਦੱਸਿਆ ਅਤੇ ਕਿਸਾਨਾਂ ਨੂੰ ਬਾਗਬਾਨੀ ਅਤੇ ਸ਼ਬਜੀਆਂ ਦੀ ਕਾਸ਼ਤ ਸਬੰਧੀ ਪ੍ਰੇਰਿਤ ਕੀਤਾ।