ਕਮਰਸ਼ੀਅਲ ਗੈਸ ਸਿਲੰਡਰ ਦੇ ਰੇਟ ਵਧਣ ਠਤੇ ‘ਆਪ’ ਵੱਲੋਂ ਪ੍ਰਦਰਸ਼ਨ
ਕਮਰਸ਼ੀਅਲ ਗੈਸ ਸਿਲੰਡਰ ਦੇ ਰੇਟ ਵਧਣ ‘ਤੇ ‘ਆਪ’ ਨੇ ਕੀਤਾ ਪ੍ਰਦਰਸ਼ਨ
Publish Date: Sun, 03 May 2026 04:10 PM (IST)
Updated Date: Mon, 04 May 2026 04:05 AM (IST)

ਪੰਜਾਬੀ ਜਾਗਰਣ ਰਿਪੋਰਟਰ, ਬਠਿੰਡਾ : ਕੇਂਦਰ ਸਰਕਾਰ ਵੱਲੋਂ ਕਮਰਸ਼ੀਅਲ ਗੈਸ ਸਿਲੰਡਰ ਦੇ ਰੇਟ ਵਿਚ ਵਾਧਾ ਹੋਣ ਦੇ ਵਿਰੋਧ ਵਿਚ ਆਮ ਆਦਮੀ ਪਾਰਟੀ (ਆਪ) ਨੇ ਫਾਇਰ ਬ੍ਰਿਗੇਡ ਚੌਕ ਵਿਚ ਜ਼ੋਰਦਾਰ ਪ੍ਰਦਰਸ਼ਨ ਕੀਤਾ। ਇਸ ਦੌਰਾਨ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਵਧੇ ਹੋਏ ਰੇਟ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ। ਪ੍ਰਦਰਸ਼ਨ ਵਿਚ ਵੱਡੀ ਗਿਣਤੀ ਵਿਚ ਆਪ ਵਰਕਰ ਸ਼ਾਮਲ ਹੋਏ, ਜਿਨ੍ਹਾਂ ਨੇ ਹੱਥਾਂ ਵਿਚ ਤਖ਼ਤੀਆਂ ਅਤੇ ਬੈਨਰਾਂ ਦੇ ਨਾਲ-ਨਾਲ ਸਿਲੰਡਰ ਚੁੱਕ ਕੇ ਆਮ ਜਨਤਾ ‘ਤੇ ਪੈ ਰਹੇ ਮਹਿੰਗਾਈ ਦੇ ਬੋਝ ਦੇ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ। ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਨੀਤੀਆਂ ਕਾਰਨ ਲਗਾਤਾਰ ਮਹਿੰਗਾਈ ਵੱਧ ਰਹੀ ਹੈ, ਜਿਸ ਨਾਲ ਆਮ ਲੋਕਾਂ ਅਤੇ ਛੋਟੇ ਵਪਾਰੀਆਂ ਦੀ ਜ਼ਿੰਦਗੀ ਮੁਸ਼ਕਲ ਹੋ ਗਈ ਹੈ। ਖ਼ਾਸ ਤੌਰ ’ਤੇ ਕਮਰਸ਼ੀਅਲ ਗੈਸ ਸਿਲੰਡਰ ਦੇ ਰੇਟ ਵਧਣ ਨਾਲ ਹੋਟਲਾਂ, ਢਾਬਿਆਂ ਅਤੇ ਛੋਟੇ ਵਪਾਰੀਆਂ ’ਤੇ ਸਿੱਧਾ ਅਸਰ ਪਿਆ ਹੈ। ਸ਼ੂਗਰਫੈਡ ਪੰਜਾਬ ਦੇ ਚੇਅਰਮੈਨ ਨੀਵਦੀਪ ਜੀਦਾ ਨੇ ਕਿਹਾ ਕਿ ਕੇਂਦਰ ਸਰਕਾਰ ਲਗਾਤਾਰ ਜਨਵਿਰੋਧੀ ਫ਼ੈਸਲੇ ਲੈ ਰਹੀ ਹੈ। ਉਨ੍ਹਾਂ ਕਿਹਾ ਕਿ ਗੈਸ ਸਿਲੰਡਰ ਦੇ ਰੇਟ ਵਧਣ ਨਾਲ ਆਮ ਜਨਤਾ ਦੀ ਰਸੋਈ ’ਤੇ ਸਿੱਧਾ ਅਸਰ ਪੈਂਦਾ ਹੈ ਅਤੇ ਛੋਟੇ ਕਾਰੋਬਾਰਾਂ ਦੀ ਲਾਗਤ ਵਧ ਜਾਂਦੀ ਹੈ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਤੁਰੰਤ ਇਸ ਫ਼ੈਸਲੇ ਨੂੰ ਵਾਪਸ ਲਵੇ ਅਤੇ ਮਹਿੰਗਾਈ ’ਤੇ ਕਾਬੂ ਪਾਉਣ ਲਈ ਠੋਸ ਕਦਮ ਚੁੱਕੇ। ਚੇਅਰਮੈਨ ਅਨਿਲ ਠਾਕੁਰ ਨੇ ਕਿਹਾ ਕਿ ਦੇਸ਼ ਵਿਚ ਮਹਿੰਗਾਈ ਚਰਮ ਸੀਮਾ ’ਤੇ ਹੈ, ਪਰ ਕੇਂਦਰ ਸਰਕਾਰ ਇਸ ਵੱਲ ਧਿਆਨ ਦੇਣ ਦੀ ਬਜਾਏ ਵੱਡੇ ਉਦਯੋਗਪਤੀਆਂ ਨੂੰ ਫ਼ਾਇਦਾ ਪਹੁੰਚਾਉਣ ਵਿਚ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾ ਲੋਕਾਂ ਦੇ ਹੱਕ ਲਈ ਲੜਦੀ ਰਹੇਗੀ ਅਤੇ ਅਜਿਹੇ ਫ਼ੈਸਲਿਆਂ ਦੇ ਖ਼ਿਲਾਫ਼ ਸੜਕਾਂ ’ਤੇ ਉਤਰ ਕੇ ਵਿਰੋਧ ਜਾਰੀ ਰੱਖੇਗੀ। ਪ੍ਰਦਰਸ਼ਨਕਾਰੀਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦੀ ਗੈਸ ਸਿਲੰਡਰ ਦੇ ਵਧੇ ਹੋਏ ਰੇਟ ਵਾਪਸ ਨਾ ਲਏ, ਤਾਂ ਅੰਦੋਲਨ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਦੌਰਾਨ ਪੁਲਿਸ ਪ੍ਰਸ਼ਾਸਨ ਨੇ ਮੌਕੇ ’ਤੇ ਪਹੁੰਚ ਕੇ ਸਥਿਤੀ ’ਤੇ ਨਿਗਰਾਨੀ ਬਣਾਈ ਰੱਖੀ। ਉਨ੍ਹਾਂ ਨੇ ਕਿਹਾ ਕਿ ਆਮ ਜਨਤਾ ਪਹਿਲਾਂ ਹੀ ਮਹਿੰਗਾਈ ਤੋਂ ਪਰੇਸ਼ਾਨ ਹੈ, ਅਜਿਹੇ ਵਿਚ ਗੈਸ ਸਿਲੰਡਰ ਦੇ ਰੇਟ ਵਧਾਉਣਾ ਲੋਕਾਂ ‘ਤੇ ਵਾਧੂ ਬੋਝ ਪਾਉਣ ਦੇ ਬਰਾਬਰ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝੇ ਅਤੇ ਜਨਹਿਤ ਵਿਚ ਫ਼ੈਸਲੇ ਲਵੇ। ਪ੍ਰਦਰਸ਼ਨ ਸ਼ਾਂਤਮਈ ਢੰਗ ਨਾਲ ਸੰਪੰਨ ਹੋਇਆ, ਪਰ ਆਪ ਆਗੂਆਂ ਨੇ ਸਪਸ਼ਟ ਕੀਤਾ ਕਿ ਜੇਕਰ ਮੰਗਾਂ ਨਹੀਂ ਮੰਨੀਆਂ ਗਈਆਂ ਤਾਂ ਆਉਣ ਵਾਲੇ ਦਿਨਾਂ ਵਿਚ ਵੱਡੇ ਪੱਧਰ ‘ਤੇ ਸੰਘਰਸ਼ ਕੀਤਾ ਜਾਵੇਗਾ।