ਸਹਿਕਾਰੀ ਬੈਂਕਾਂ ਵੱਲੋਂ ਕਿਸਾਨਾਂ ਲਈ ਕਰਜ਼ੇ ਦੀ ਹੱਦ ’ਚ ਵਾਧਾ, ਕਿਸਾਨ ਚਿੰਤਤ
ਸਹਿਕਾਰੀ ਬੈਂਕਾਂ ਵੱਲੋਂ ਹੱਥ ਖੜ੍ਹੇ, ਕਿਸਾਨਾਂ ਦੀਆਂ ਮੁਸ਼ਕਲਾਂ ਵਧੀਆਂ
Publish Date: Mon, 04 May 2026 04:23 PM (IST)
Updated Date: Tue, 05 May 2026 04:03 AM (IST)

ਹਰਮੇਲ ਸਾਗਰ, ਪੰਜਾਬੀ ਜਾਗਰਣ, ਭੁੱਚੋ ਮੰਡੀ : ਭਾਕਿਯੂ ਏਕਤਾ ਡਕੌਂਦਾ ਧਨੇਰ ਨੇ ਪੰਜਾਬ ਵਿਚ ਕਿਸਾਨਾਂ ਸਾਹਮਣੇ ਆ ਰਹੀਆਂ ਵਿੱਤੀ ਮੁਸ਼ਕਲਾਂ ‘ਤੇ ਗੰਭੀਰ ਚਿੰਤਾ ਜਤਾਈ ਹੈ। ਜਥੇਬੰਦੀ ਦੇ ਆਗੂ ਅਮਰਜੀਤ ਹਨੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਭਾਵੇਂ ਕਿਸਾਨਾਂ ਲਈ ਕਰਜ਼ੇ ਦੀ ਹੱਦ ਵਿਚ ਵਾਧਾ ਕੀਤਾ ਗਿਆ ਹੈ ਪਰ ਬੈਂਕਾਂ ਕੋਲ ਨਕਦ ਰਕਮ ਦੀ ਕਮੀ ਕਾਰਨ ਕਿਸਾਨਾਂ ਨੂੰ ਇਸਦਾ ਕੋਈ ਤੁਰੰਤ ਲਾਭ ਨਹੀਂ ਮਿਲ ਰਿਹਾ। ਬਿਜਾਈ ਦੇ ਮੌਸਮ ਤੋਂ ਪਹਿਲਾਂ ਕਿਸਾਨਾਂ ਨੂੰ ਖਾਦ, ਡੀਜ਼ਲ ਤੇ ਹੋਰ ਜ਼ਰੂਰੀ ਸਾਮਾਨ ਖਰੀਦਣ ਲਈ ਨਕਦ ਦੀ ਬਹੁਤ ਲੋੜ ਹੁੰਦੀ ਹੈ। ਅਜਿਹੇ ਸਮੇਂ ‘ਤੇ ਬੈਂਕਾਂ ਵੱਲੋਂ ਰਕਮ ਨਾ ਹੋਣ ਦੀ ਗੱਲ ਕਹਿਣਾ ਕਿਸਾਨਾਂ ਲਈ ਵੱਡੀ ਸਮੱਸਿਆ ਬਣ ਗਿਆ ਹੈ। ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਬਿੰਦਰ ਕੋਟਲੀ ਤੇ ਸਕੱਤਰ ਗੁਰਨਾਮ ਸਿੰਘ ਨੇ ਸਰਕਾਰ ‘ਤੇ ਨਿਸ਼ਾਨਾ ਲਾਉਂਦਿਆਂ ਕਿਹਾ ਕਿ ਜ਼ਮੀਨੀ ਪੱਧਰ ’ਤੇ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਹੱਲ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਦੇ ਅਨੁਸਾਰ ਸਰਕਾਰ ਵੱਲੋਂ ਕੀਤੇ ਜਾ ਰਹੇ ਦਾਅਵੇ ਹਕੀਕਤ ਨਾਲ ਮੇਲ ਨਹੀਂ ਖਾਂਦੇ। ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ ਨੇ ਵੀ ਕੇਂਦਰ ਤੇ ਸੂਬਾ ਸਰਕਾਰਾਂ ਦੋਵਾਂ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਕਿਸਾਨਾਂ ਦੇ ਮਸਲਿਆਂ ਨੂੰ ਗੰਭੀਰਤਾ ਨਾਲ ਨਹੀਂ ਲਿਆ ਜਾ ਰਿਹਾ। ਉਨ੍ਹਾਂ ਦੋਸ਼ ਲਾਇਆ ਕਿ ਵੱਡੇ ਕਾਰਪੋਰੇਟ ਘਰਾਣਿਆਂ ਨੂੰ ਵੱਡੇ ਲੋਨ ਦਿੱਤੇ ਜਾ ਰਹੇ ਹਨ, ਜਦਕਿ ਕਿਸਾਨਾਂ ਨੂੰ ਆਪਣੀ ਫਸਲ ਲਈ ਲੁੜੀਂਦੀ ਰਕਮ ਵੀ ਨਹੀਂ ਮਿਲ ਰਹੀ। ਸਹਿਕਾਰੀ ਸਭਾਵਾਂ ‘ਚ ਸਮੇਂ ‘ਤੇ ਖਾਦ ਦੀ ਉਪਲੱਬਧਤਾ ਨਹੀਂ ਹੁੰਦੀ, ਜਿਸ ਕਾਰਨ ਕਿਸਾਨਾਂ ਨੂੰ ਮਹਿੰਗੇ ਭਾਅ ‘ਤੇ ਬਾਜ਼ਾਰ ਤੋਂ ਖਰੀਦਣਾ ਪੈਂਦਾ ਹੈ। ਸਥਿਤੀ ਨੇ ਕਿਸਾਨਾਂ ’ਚ ਚਿੰਤਾ ਦਾ ਮਾਹੌਲ ਪੈਦਾ ਕਰ ਦਿੱਤਾ ਕਿ ਉਹ ਆਉਣ ਵਾਲੀ ਫ਼ਸਲ ਲਈ ਵਿੱਤੀ ਪ੍ਰਬੰਧ ਕਿਵੇਂ ਕਰਨ। ਅੰਤ ’ਚ ਜਥੇਬੰਦੀ ਨੇ ਚੇਤਾਵਨੀ ਦਿੱਤੀ ਕਿ ਜੇਕਰ ਪੰਜਾਬ ਸਰਕਾਰ ਵੱਲੋਂ ਇਸ ਸਮੱਸਿਆ ਦਾ ਜਲਦ ਹੱਲ ਨਾ ਕੀਤਾ, ਤਾਂ ਉਹ ਸੰਘਰਸ਼ ਕਰਨ ਲਈ ਮਜਬੂਰ ਹੋਣਗੇ।