ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਦਾ ਲੋਕ ਲੈ ਰਹੇ ਲਾਹਾ : ਜਸਵਿੰਦਰ ਛਿੰਦਾ
ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਦਾ ਸੂਬੇ ਦੇ ਲੋਕ ਲੈ ਰਹੇ ਨੇ ਲਾਹ : ਜਸਵਿੰਦਰ ਛਿੰਦਾ
Publish Date: Mon, 04 May 2026 05:32 PM (IST)
Updated Date: Tue, 05 May 2026 04:06 AM (IST)

ਪੰਜਾਬੀ ਜਾਗਰਣ ਰਿਪੋਰਟਰ, ਬਠਿੰਡਾ : ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਵੱਲੋਂ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਕੇ ਉਨ੍ਹਾਂ ਦਾ ਸੁਪਨਾ ਸਾਕਾਰ ਹੋ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਬਠਿੰਡਾ ਦਿਹਾਤੀ ਦੇ ਇੰਚਾਰਜ ਜਸਵਿੰਦਰ ਸਿੰਘ ਛਿੰਦਾ ਨੇ ਸ਼ਰਧਾਲੂਆਂ ਨਾਲ ਭਰੀ ਬੱਸ ਨੂੰ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦੇ ਹੋਏ ਇਹ ਯੋਜਨਾ ਸ਼ੁਰੂ ਕੀਤੀ ਗਈ ਹੈ ਜਿਸ ਤਹਿਤ ਪੰਜਾਬ ਦੇ ਨਿਵਾਸੀਆਂ ਨੂੰ ਪੰਜਾਬ ਦੇ ਪ੍ਰਮੁੱਖ ਤੀਰਥ ਅਸਥਾਨਾਂ ਦੇ ਦਰਸ਼ਨ ਮੁਫ਼ਤ ਕਰਵਾਏ ਜਾ ਰਹੇ ਹਨ। ਲੋਕ ਆਪਣੀ ਆਸਥਾ ਅਨੁਸਾਰ ਤੀਰਥ ਯਾਤਰਾ ਕਰਕੇ ਸਰਕਾਰ ਦੀ ਇਸ ਲੋਕ ਹਿਤੈਸ਼ੀ ਯੋਜਨਾ ਨੂੰ ਚੰਗਾ ਹੁੰਗਾਰਾ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਸ਼ਰਧਾਲੂਆਂ ਦੇ ਰਹਿਣ ਸਹਿਣ ਅਤੇ ਖਾਣ-ਪੀਣ ਦਾ ਮਿਆਰੀ ਪ੍ਰਬੰਧ ਕੀਤਾ ਹੋਇਆ ਹੈ। ਹਲਕਾ ਇੰਚਾਰਜ ਬਠਿੰਡਾ (ਦਿਹਾਤੀ) ਜਸਵਿੰਦਰ ਸਿੰਘ ਛਿੰਦਾ ਨੰਦਗੜ੍ਹ ਵਲੋਂ ਪਿੰਡ ਜੰਗੀ ਰਾਣਾ ਤੋਂ ਹਰੀ ਝੰਡੀ ਦਿਖਾ ਕੇ ਸ਼ਰਧਾਲੂਆਂ ਦੀ ਬੱਸ ਨੂੰ ਰਵਾਨਾ ਕੀਤਾ। ਇਸ ਦੌਰਾਨ ਉਨ੍ਹਾ ਕਿਹਾ ਕਿ ਇਹ ਯੋਜਨਾ ਲੋਕਾਂ ਨੂੰ ਆਪਸੀ ਭਾਈਚਾਰੇ, ਏਕਤਾ ਅਤੇ ਸ਼ਾਂਤੀ ਦਾ ਸੰਦੇਸ਼ ਦਿੰਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸੂਬਾ ਸਰਕਾਰ ਵਲੋਂ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਪਵਿੱਤਰ ਸਥਾਨਾਂ ਦੀ ਯਾਤਰਾ ਦੇ ਚਾਹਵਾਨਾਂ ਲਈ ਵਰਦਾਨ ਸਾਬਤ ਹੋ ਰਹੀ ਹੈ। ਇਸ ਤਰ੍ਹਾਂ ਹੀ ਮੌੜ ਹਲਕੇ ਦੇ ਵਿਧਾਇਕ ਨੇ ਵੀ ਇਕ ਬੱਸ ਨੂੰ ਰਵਾਨਾ ਕੀਤਾ। ਇਸੇ ਤਰ੍ਹਾਂ ਹੀ ਵਿਧਾਨ ਸਭਾ ਹਲਕਾ ਬਠਿੰਡਾ (ਸ਼ਹਿਰੀ) ਦੇ ਹਜੂਰਾ ਕਪੂਰਾ ਕਾਲੋਨੀ ਤੋਂ, ਵਿਧਾਨ ਸਭਾ ਹਲਕਾ ਰਾਮਪੁਰਾ ਦੇ ਪਿੰਡ ਦਿਆਲਪੁਰਾ ਭਾਈਕਾ ਅਤੇ ਸਲਾਬਤਪੁਰਾ, ਵਿਧਾਨ ਸਭਾ ਹਲਕਾ ਭੁੱਚੋ ਦੇ ਪਿੰਡ ਸਿਵੀਆਂ ਅਤੇ ਨੇਹੀਆਂਵਾਲਾ ਅਤੇ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੇ ਪਿੰਡ ਫੁੱਲੋਖਾਰੀ ਅਤੇ ਰਾਮਾਂ ਮੰਡੀ ਤੋਂ ਵੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਧਾਰਮਿਕ ਸਥਾਨਾਂ ਲਈ ਬੱਸਾਂ ਰਵਾਨਾ ਕੀਤੀਆਂ ਗਈਆਂ।