ਭਾਜਪਾ ਨੇ ਪੱਛਮੀ ਬੰਗਾਲ ’ਚ ਦਰਜ ਕੀਤੀ ਇਤਿਹਾਸਕ ਜਿੱਤ : ਰੁਪਿੰਦਰਜੀਤ ਸਿੰਘ
ਭਾਜਪਾ ਦੀ ਇਤਿਹਾਸਕ ਜਿੱਤ, ਵਿਕਾਸ ਪੱਖੀ ਰਾਜਨੀਤੀ ਨੂੰ ਬਹੁਮਤ: ਰੁਪਿੰਦਰਜੀਤ ਸਿੰਘ
Publish Date: Mon, 04 May 2026 07:00 PM (IST)
Updated Date: Tue, 05 May 2026 04:12 AM (IST)
ਪੰਜਾਬੀ ਜਾਗਰਣ ਰਿਪੋਰਟਰ, ਬਠਿੰਡਾ : ਪੰਜ ਰਾਜਾਂ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ’ਤੇ ਪ੍ਰਤੀਕਿਰਿਆ ਦਿੰਦਿਆਂ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਇੰਜਨੀਅਰ ਰੁਪਿੰਦਰਜੀਤ ਸਿੰਘ ਨੇ ਕਿਹਾ ਕਿ ਇਹ ਨਤੀਜੇ ਦੇਸ਼ ਦੀ ਰਾਜਨੀਤੀ ਦੀ ਦਿਸ਼ਾ ਨੂੰ ਸਪੱਸ਼ਟ ਕਰਦੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਨੇ ਇਨ੍ਹਾਂ ਚੋਣਾਂ ਵਿੱਚ ਇਤਿਹਾਸਕ ਜਿੱਤ ਦਰਜ ਕੀਤੀ ਹੈ ਅਤੇ ਦੇਸ਼ ਦੇ ਲੋਕਾਂ ਨੇ ਸਾਬਤ ਕਰ ਦਿੱਤਾ ਹੈ ਕਿ ਉਹ ਦੇਸ਼ ਹਿੱਤ ਦੀ ਰਾਜਨੀਤੀ ਕਰਨ ਵਾਲੀ ਪਾਰਟੀ ਦੇ ਨਾਲ ਖੜ੍ਹੇ ਹਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਵੋਟਰਾਂ ਨੇ ਵੰਡਪਾਊ ਅਤੇ ਭਰਮ ਪੈਦਾ ਕਰਨ ਵਾਲੀ ਰਾਜਨੀਤੀ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਹੈ ਅਤੇ ਵਿਕਾਸ ਪੱਖੀ ਸੋਚ ਨੂੰ ਸਪੱਸ਼ਟ ਬਹੁਮਤ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਇਹ ਦਰਸਾਉਂਦਾ ਹੈ ਕਿ ਲੋਕ ਭਾਰਤੀ ਜਨਤਾ ਪਾਰਟੀ ਦੇ ਨਾਲ ਚਟਾਨ ਵਾਂਗ ਖੜ੍ਹੇ ਹਨ। ਉਨ੍ਹਾਂ ਚੋਣ ਕਮਿਸ਼ਨ ਦੇ ਯਤਨਾਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਚੋਣਾਂ ਦੌਰਾਨ ਬਣਾਇਆ ਗਿਆ ਨਿਰਪੱਖ ਅਤੇ ਪਾਰਦਰਸ਼ੀ ਮਾਹੌਲ ਵੋਟਰਾਂ ਦੇ ਭਰੋਸੇ ਨੂੰ ਹੋਰ ਮਜ਼ਬੂਤ ਕਰਦਾ ਹੈ।
ਉਨ੍ਹਾਂ ਕਿਹਾ ਕਿ ਇਸ ਕਾਰਨ ਹੀ ਵੱਡੀ ਗਿਣਤੀ ਵਿੱਚ ਲੋਕਾਂ ਨੇ ਬਿਨਾਂ ਕਿਸੇ ਡਰ ਜਾਂ ਦਬਾਅ ਦੇ ਆਪਣਾ ਮਤ ਅਧਿਕਾਰ ਵਰਤਿਆ। ਪੱਛਮੀ ਬੰਗਾਲ ਦੇ ਨਤੀਜਿਆਂ ਬਾਰੇ ਗੱਲ ਕਰਦਿਆਂ ਰੁਪਿੰਦਰਜੀਤ ਸਿੰਘ ਨੇ ਕਿਹਾ ਕਿ ਉੱਥੇ ਦੇ ਲੋਕ ਲੰਮੇ ਸਮੇਂ ਤਕ ਦਬਾਅ ਹੇਠ ਰਹੇ ਅਤੇ ਸੂਬੇ ਵਿੱਚ “ਜੰਗਲ ਰਾਜ” ਵਰਗੀ ਸਥਿਤੀ ਬਣੀ ਹੋਈ ਸੀ। ਉਨ੍ਹਾਂ ਦਾਅਵਾ ਕੀਤਾ ਕਿ ਹੁਣ ਲੋਕਾਂ ਨੇ ਇਸ ਹਾਲਤ ਤੋਂ ਮੁਕਤੀ ਹਾਸਲ ਕਰ ਲਈ ਹੈ ਅਤੇ ਲੋਕਤੰਤਰ ਨੂੰ ਮਜ਼ਬੂਤ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਚੋਣ ਨਤੀਜੇ ਸਿਰਫ ਰਾਜਨੀਤਕ ਪਾਰਟੀਆਂ ਲਈ ਹੀ ਨਹੀਂ, ਸਗੋਂ ਪੂਰੇ ਦੇਸ਼ ਲਈ ਇੱਕ ਵੱਡਾ ਸੰਦੇਸ਼ ਹਨ। ਲੋਕਾਂ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਜਾਤ-ਪਾਤ, ਵੰਡ ਅਤੇ ਨਕਾਰਾਤਮਕਤਾ ਦੀ ਰਾਜਨੀਤੀ ਤੋਂ ਉਪਰ ਉੱਠ ਕੇ ਦੇਸ਼ ਦੀ ਤਰੱਕੀ, ਏਕਤਾ ਅਤੇ ਸਥਿਰਤਾ ਨੂੰ ਤਰਜੀਹ ਦਿੰਦੇ ਹਨ। ਭੁੱਚੋ ਹਲਕੇ ਤੋਂ ਭਾਜਪਾ ਦੀ ਟਿਕਟ ’ਤੇ ਵਿਧਾਨ ਸਭਾ ਦੀ ਚੋਣ ਲੜ ਚੁੱਕੇ ਰੁਪਿੰਦਰਜੀਤ ਸਿੰਘ ਨੇ ਕਿਹਾ ਕਿ ਭਾਜਪਾ ਆਉਣ ਵਾਲੇ ਸਮੇਂ ਵਿੱਚ ਵੀ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਣ ਲਈ ਵਚਨਬੱਧ ਹੈ ਅਤੇ ਵਿਕਾਸ ਦੇ ਏਜੰਡੇ ਨੂੰ ਅੱਗੇ ਵਧਾਉਂਦੀ ਰਹੇਗੀ।