ਭਾਜਪਾ ਤੋਂ ਬਾਅਦ ਕਾਂਗਰਸ ਦੇ ਆਬਜ਼ਰਵਰ ਨਿਯੁਕਤ
ਨਿਗਮ ਚੋਣਾਂ ਨੂੰ ਲੈ ਕੇ ਸਿਆਸੀ ਮਾਹੌਲ ਭਖਿਆ, ਭਾਜਪਾ ਤੋਂ ਬਾਅਦ ਕਾਂਗਰਸ ਦੇ ਅਬਜ਼ਰਵਰ ਲਾਏ
Publish Date: Tue, 05 May 2026 06:32 PM (IST)
Updated Date: Wed, 06 May 2026 04:11 AM (IST)

ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ, ਬਠਿੰਡਾ : ਭਵਿੱਖ ਦੀਆਂ ਨਿਗਮ, ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਨੂੰ ਲੈ ਕੇ ਪੰਜਾਬ ਦਾ ਸਿਆਸੀ ਮਾਹੌਲ ਲਗਾਤਾਰ ਗਰਮਾਉਂਦਾ ਜਾ ਰਿਹਾ ਹੈ। ਚੋਣਾਂ ਦੇ ਕਿਸੇ ਵੀ ਸਮੇਂ ਐਲਾਨ ਹੋਣ ਦੀ ਸੰਭਾਵਨਾ ਦੇ ਮੱਦੇਨਜ਼ਰ ਸਿਆਸੀ ਪਾਰਟੀਆਂ ਨੇ ਆਪਣੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ ਅਤੇ ਜ਼ਮੀਨੀ ਪੱਧਰ ’ਤੇ ਗਤੀਵਿਧੀਆਂ ’ਚ ਵੀ ਤੇਜ਼ੀ ਆ ਗਈ ਹੈ। ਭਾਜਪਾ ਵੱਲੋਂ ਪਹਿਲਾਂ ਹੀ ਚੋਣੀ ਪ੍ਰਕਿਰਿਆ ਨੂੰ ਧਿਆਨ ਵਿੱਚ ਰੱਖਦਿਆਂ ਆਬਜ਼ਰਵਰ ਨਿਯੁਕਤ ਕੀਤੇ ਜਾਣ ਤੋਂ ਬਾਅਦ ਹੁਣ ਕਾਂਗਰਸ ਨੇ ਵੀ ਰਣਨੀਤੀ ਨੂੰ ਅੱਗੇ ਵਧਾਉਂਦਿਆਂ ਵੱਖ-ਵੱਖ ਨਗਰ ਇਕਾਈਆਂ ਲਈ ਆਬਜ਼ਰਵਰਾਂ ਦੀ ਨਿਯੁਕਤੀ ਕਰ ਦਿੱਤੀ ਹੈ। ਇਹ ਆਬਜ਼ਰਵਰ ਸਬੰਧਤ ਇਲਾਕਿਆਂ ਵਿੱਚ ਚੋਣੀ ਸਰਗਰਮੀਆਂ ਦੀ ਨਿਗਰਾਨੀ ਕਰਨ ਦੇ ਨਾਲ-ਨਾਲ ਉਮੀਦਵਾਰਾਂ ਦੀ ਚੋਣ ਪ੍ਰਕਿਰਿਆ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਜਾਰੀ ਕੀਤੀ ਗਈ ਸੂਚੀ ਅਨੁਸਾਰ ਬਠਿੰਡਾ ਨਿਗਮ ਦੀ ਚੋਣ ਲਈ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਨੂੰ ਆਬਜ਼ਰਵਰ ਨਿਯੁਕਤ ਕੀਤਾ ਹੈ। ਉਹ ਨਿਗਮ ਚੋਣਾਂ ਦੀ ਸਮੁੱਚੀ ਦੇਖ ਰੇਖ ਕਰਨਗੇ ਅਤੇ ਪਾਰਟੀ ਦੀ ਜਿੱਤ ਯਕੀਨੀ ਬਣਾਉਣ ਲਈ ਰਣਨੀਤੀ ਤਿਆਰ ਕਰਨਗੇ। ਨਗਰ ਪੰਚਾਇਤ ਭਗਤਾ ਭਾਈਕਾ ਲਈ ਪਰਮਿੰਦਰ ਸਮਾਣਾ ਨੂੰ ਅਬਜ਼ਰਵਰ ਲਾਇਆ ਗਿਆ ਹੈ। ਨਗਰ ਪੰਚਾਇਤ ਕੋਟਸ਼ਮੀਰ ਲਈ ਜ਼ਿਲ੍ਹਾ ਕਾਂਗਰਸ ਦਿਹਾਤੀ ਦੇ ਸੀਨੀਅਰ ਮੀਤ ਪ੍ਰਧਾਨ ਲਖਵਿੰਦਰ ਸਿੰਘ ਲੱਖਾ ਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ। ਨਗਰ ਪੰਚਾਇਤ ਲਹਿਰਾ ਮੁਹੱਬਤ ਲਈ ਭਿੰਦਰ ਕੁਮਾਰ ਸ਼ਰਮਾ, ਮਹਿਰਾਜ ਨਗਰ ਪੰਚਾਇਤ ਲਈ ਸੀਨੀਅਰ ਕਾਂਗਰਸੀ ਆਗੂ ਅਵਤਾਰ ਸਿੰਘ ਬਰਾੜ, ਨਥਾਣਾ ਨਗਰ ਪੰਚਾਇਤਾ ਲਈ ਕਿਰਨਜੀਤ ਕੌਰ ਵਿਰਕ ਨੂੰ ਜ਼ਿੰਮੇਵਾਰੀ ਦਿੱਤੀ ਹੈ, ਜਦਕਿ ਭੁੱਚੋ ਮੰਡੀ ਨਗਰ ਕੌਂਸਲ ਦੀ ਚੋਣ ਲਈ ਜਸਵਿੰਦਰ ਸਿੰਘ ਸਿੱਖਾਂਵਾਲਾ ਨੂੰ ਅਬਜ਼ਰਵਰ ਨਿਯੁਕਤ ਕੀਤਾ ਗਿਆ ਹੈ। ਗੋਨਿਆਣਾ ਨਗਰ ਕੌਂਸਲ ਲਈ ਗੁਰਬੀਰ ਸਿੰਘ ਕਾਕੂ ਅਤੇ ਮੌੜ ਨਗਰ ਕੌਂਸਲ ਲਈ ਨਰਿੰਦਰ ਸਿੰਘ ਕਾਉਣੀ ਨੂੰ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ।
ਇਸ ਤੋਂ ਇਲਾਵਾ ਨਗਰ ਕੌਂਸਲ ਕੋਟਫਤਾ ਲਈ ਹਰੀਓਮ ਠਾਕਰ ਅਤੇ ਸੰਗਤ ਮੰਡੀ ਲਈ ਰਣਜੀਤ ਸਿੰਘ ਬਰਾੜ ਨੂੰ ਅਬਜ਼ਰਵਰ ਨਿਯੁਕਤ ਕੀਤਾ ਗਿਆ ਹੈ। ਇਹ ਸਾਰੇ ਅਬਜ਼ਰਵਰ ਆਪਣੇ-ਆਪਣੇ ਖੇਤਰਾਂ ਵਿੱਚ ਪਾਰਟੀ ਦੀ ਚੋਣੀ ਤਿਆਰੀ ਨੂੰ ਮਜ਼ਬੂਤ ਕਰਨ ਲਈ ਮੈਦਾਨ ਵਿਚ ਉਤਰਨਗੇ। ਸਿਆਸੀ ਮਾਹਿਰਾਂ ਦਾ ਮੰਨਣਾ ਹੈ ਕਿ ਚੋਣਾਂ ਦੇ ਐਲਾਨ ਤੋਂ ਪਹਿਲਾਂ ਹੀ ਪਾਰਟੀਆਂ ਵੱਲੋਂ ਅਬਜ਼ਰਵਰ ਨਿਯੁਕਤ ਕਰਨਾ ਇਹ ਦਰਸਾਉਂਦਾ ਹੈ ਕਿ ਮੁਕਾਬਲਾ ਕਾਫੀ ਕੜਾ ਹੋਣ ਵਾਲਾ ਹੈ। ਆਉਣ ਵਾਲੇ ਦਿਨਾਂ ਵਿੱਚ ਟਿਕਟਾਂ ਦੀ ਵੰਡ ਤੇ ਉਮੀਦਵਾਰਾਂ ਦੇ ਐਲਾਨ ਨਾਲ ਸਿਆਸੀ ਗਰਮੀ ਹੋਰ ਵੱਧਣ ਦੀ ਸੰਭਾਵਨਾ ਹੈ।