ਵਿਧਾਨ ਸਭਾ ਦੀ ਮਰਿਆਦਾ ਭੰਗ ਕਰਨ ਵਾਲੇ ਮੁੱਖ ਮੰਤਰੀ ਭਗਵੰਤ ਮਾਨ ਖ਼ਿਲਾਫ਼ ਹੋਵੇ ਸਖ਼ਤ ਕਾਰਵਾਈ: ਗਰਗ/ਕੋਟਭਾਈ

-ਕਾਂਗਰਸੀ ਆਗੂਆਂ ਵੱਲੋਂ ਗਵਰਨਰ ਦੇ ਨਾਂ ਡੀਸੀ ਨੂੰ ਮੰਗ-ਪੱਤਰ
ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ, ਬਠਿੰਡਾ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮਜ਼ਦੂਰ ਦਿਵਸ ‘ਤੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ। ਇਸ ਦੌਰਾਨ ਉਨ੍ਹਾਂ ‘ਤੇ ਨਸ਼ੇ ਦੀ ਹਾਲਤ ਵਿਚ ਆਉਣ ਦੇ ਦੋਸ਼ ਲੱਗੇ। ਇਸ ਮਾਮਲੇ ਨੂੰ ਲੈ ਕੇ ਅੱਜ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਰਾਜਨ ਗਰਗ ਅਤੇ ਜ਼ਿਲ੍ਹਾ ਦਿਹਾਤੀ ਪ੍ਰਧਾਨ, ਸਾਬਕਾ ਵਿਧਾਇਕ ਪ੍ਰੀਤਮ ਸਿੰਘ ਕੋਟਭਾਈ ਦੀ ਅਗਵਾਈ ਹੇਠ ਕਾਂਗਰਸ ਵੱਲੋਂ ਗਵਰਨਰ ਪੰਜਾਬ ਦੇ ਨਾਮ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ ਗਿਆ। ਇਸ ਮੌਕੇ ਵੱਡੀ ਗਿਣਤੀ ’ਚ ਕਾਂਗਰਸੀ ਆਗੂ, ਵਰਕਰ ਤੇ ਅਹੁਦੇਦਾਰ ਮੌਜੂਦ ਸਨ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਰਾਜਨ ਗਰਗ ਅਤੇ ਪ੍ਰੀਤਮ ਸਿੰਘ ਕੋਟਭਾਈ ਨੇ ਕਿਹਾ ਕਿ ਵਿਧਾਨ ਸਭਾ ਸਭ ਤੋਂ ਪਵਿੱਤਰ ਸਥਾਨ ਮੰਨਿਆ ਜਾਂਦਾ ਹੈ, ਪਰ ਹੈਰਾਨੀ ਦੀ ਗੱਲ ਹੈ ਕਿ ਪੰਜਾਬ ਦਾ ਮੁੱਖ ਮੰਤਰੀ ਖੁਦ ਨਸ਼ੇ ਦੀ ਹਾਲਤ ਵਿਚ ਵਿਧਾਨ ਸਭਾ ਪਹੁੰਚਿਆ। ਉਨ੍ਹਾਂ ਕਿਹਾ ਕਿ ਇਹ ਘਟਨਾ ਪੂਰੀ ਦੁਨੀਆ ਨੇ ਵੇਖੀ ਅਤੇ ਇਸ ਨਾਲ ਵਿਧਾਨ ਸਭਾ ਦੀ ਮਰਿਆਦਾ ਨੂੰ ਠੇਸ ਪਹੁੰਚੀ ਹੈ। ਉਨ੍ਹਾਂ ਕਿਹਾ ਕਿ ਜੋ ਵਿਅਕਤੀ ਆਪਣੇ ਆਪ ਦੀ ਸੰਭਾਲ ਨਹੀਂ ਸਕਦਾ, ਉਹ ਸੂਬੇ ਨੂੰ ਕਿਵੇਂ ਸੰਭਾਲੇਗਾ। ਇਸ ਲਈ ਮੁੱਖ ਮੰਤਰੀ ਨੂੰ ਅਹੁਦੇ ਤੋਂ ਹਟਾਇਆ ਜਾਣਾ ਚਾਹੀਦਾ ਹੈ ਅਤੇ ਵਿਧਾਨ ਸਭਾ ਦੀ ਮਰਿਆਦਾ ਭੰਗ ਕਰਨ ਲਈ ਉਸ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਜਦੋਂ ਕਾਂਗਰਸ ਪਾਰਟੀ ਅਤੇ ਵਿਰੋਧੀ ਧਿਰ ਦੇ ਆਗੂਆਂ ਵੱਲੋਂ ਤੁਰੰਤ ਅਲਕੋਹਲ ਟੈਸਟ ਦੀ ਮੰਗ ਕੀਤੀ ਗਈ, ਤਾਂ ਮੁੱਖ ਮੰਤਰੀ ਵੱਲੋਂ ਵਿਧਾਨ ਸਭਾ ਛੱਡ ਦੇਣਾ ਅਤੇ ਕੋਈ ਜਵਾਬ ਨਾ ਦੇਣਾ ਸ਼ੱਕ ਪੈਦਾ ਕਰਦਾ ਹੈ।
ਕਾਂਗਰਸੀ ਆਗੂਆਂ ਨੇ ਦੋਸ਼ ਲਾਇਆ ਕਿ ਇਹ ਪਹਿਲੀ ਵਾਰ ਨਹੀਂ ਹੈ, ਇਸ ਤੋਂ ਪਹਿਲਾਂ ਵੀ ਕਈ ਵਾਰ ਮੁੱਖ ਮੰਤਰੀ ’ਤੇ ਇਸ ਤਰ੍ਹਾਂ ਦੇ ਦੋਸ਼ ਲੱਗ ਚੁੱਕੇ ਹਨ। ਉਨ੍ਹਾਂ ਕਿਹਾ ਕਿ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਵੀ ਮੁੱਖ ਮੰਤਰੀ ਦੇ ਨਸ਼ੇ ਵਿਚ ਜਾਣ ਦੇ ਦੋਸ਼ ਲੱਗੇ ਸਨ ਅਤੇ ਕਈ ਵੀਡੀਓ ਵੀ ਸਾਹਮਣੇ ਆਈਆਂ ਸਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਾਲਾਤ ਪਹਿਲਾਂ ਹੀ ਨਾਜ਼ੁਕ ਹਨ, ਪਰ ਮੁੱਖ ਮੰਤਰੀ ਵੱਲੋਂ ਇਸ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ। ਕਾਂਗਰਸ ਪਾਰਟੀ ਦੀ ਮੰਗ ਹੈ ਕਿ ਇਸ ਤਰ੍ਹਾਂ ਦੇ ਵਿਅਕਤੀ ਨੂੰ ਅਹੁਦੇ ‘ਤੇ ਬਣੇ ਰਹਿਣ ਦਾ ਕੋਈ ਹੱਕ ਨਹੀਂ ਅਤੇ ਉਸਨੂੰ ਤੁਰੰਤ ਹਟਾਇਆ ਜਾਣਾ ਚਾਹੀਦਾ ਹੈ।
ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਗਵਰਨਰ ਵੱਲੋਂ ਇਸ ਮੰਗ ਪੱਤਰ ‘ਤੇ ਕੋਈ ਢੁਕਵਾਂ ਫ਼ੈਸਲਾ ਨਾ ਲਿਆ ਗਿਆ, ਤਾਂ ਕਾਂਗਰਸ ਪਾਰਟੀ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਤਿੱਖਾ ਸੰਘਰਸ਼ ਸ਼ੁਰੂ ਕਰੇਗੀ। ਇਸ ਮੌਕੇ ਸਾਬਕਾ ਮੇਅਰ ਅਸ਼ੋਕ ਕੁਮਾਰ, ਸਾਬਕਾ ਚੇਅਰਮੈਨ ਕੇਕੇ ਅਗਰਵਾਲ, ਟਹਿਲ ਸਿੰਘ ਸੰਧੂ, ਕਿਰਨਜੀਤ ਸਿੰਘ ਗਹਿਰੀ, ਸੀਨੀਅਰ ਕਾਂਗਰਸੀ ਆਗੂ ਅਨਿਲ ਭੋਲਾ, ਮਾਧਵ ਸ਼ਰਮਾ, ਸੁਨੀਲ ਕੁਮਾਰ, ਪ੍ਰੀਤਮ ਬਰਾੜ, ਗੁਰਵਿੰਦਰ ਚਹਿਲ, ਅਮਰਿੰਦਰ ਢਿੱਲੋ, ਹਰਮਨ ਸਿੰਘ ਕੋਟਫੱਤਾ, ਰੂਪ ਸਿੰਘ, ਜਗਰਾਜ ਸਿੰਘ, ਨਰੇਸ਼ ਗਰਗ, ਰੁਪਿੰਦਰ ਬਿੰਦਰਾ ਜ਼ਿਲ੍ਹਾ ਮੀਤ ਪ੍ਰਧਾਨ ਅਤੇ ਪ੍ਰੈੱਸ ਮੀਡੀਆ ਇੰਚਾਰਜ, ਜਗਰਾਜ ਸਿੰਘ , ਬਲਵੰਤ ਰਾਏ ਨਾਥ, ਸੰਜੀਵ ਜੈਨ ਅਤੇ ਸੰਜੀਵ ਬੌਬੀ ਸਮੇਤ ਕਈ ਹੋਰ ਵਰਕਰ ਅਤੇ ਅਹੁਦੇਦਾਰ ਤੇ ਹਾਜ਼ਰ ਸਨ।