ਨਸ਼ਾ ਤਸਕਰੀ ਦੇ ਦੋਸ਼ ’ਚ 6 ਵਿਅਕਤੀ ਕਾਬੂ
ਨਸ਼ਾ ਤਸਕਰੀ ਦੇ ਦੋਸ਼ ਵਿਚ 6 ਵਿਅਕਤੀ ਗ੍ਰਿਫ਼ਤਾਰ
Publish Date: Wed, 06 May 2026 04:49 PM (IST)
Updated Date: Thu, 07 May 2026 04:05 AM (IST)
ਦੀਪਕ ਸ਼ਰਮਾ, ਪੰਜਾਬੀ ਜਾਗਰਣ, ਬਠਿੰਡਾ : ਜ਼ਿਲ੍ਹਾ ਪੁਲਿਸ ਨੇ ਨਸ਼ਾ ਤਸਕਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਖ-ਵੱਖ ਥਾਵਾਂ ਤੋਂ ਵੱਡੀ ਮਾਤਰਾ ’ਚ ਨਸ਼ੀਲੇ ਪਦਾਰਥ ਬਰਾਮਦ ਕਰਕੇ 5 ਵਿਅਕਤੀ ਕਾਬੂ ਕੀਤੇ। ਜਾਣਕਾਰੀ ਮੁਤਾਬਕ ਥਾਣਾ ਸਦਰ ਬਠਿੰਡਾ ਦੇ ਹੌਲਦਾਰ ਗੋਬਿੰਦ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮ ਨੇ ਚਿੜੀਆਘਰ ਬੀੜ ਤਲਾਬ ਕੋਲੋਂ ਸੋਨੂੰ ਸਿੰਘ ਵਾਸੀ ਬੀੜ ਤਲਾਬ ਨੂੰ 105 ਪਾਬੰਦੀਸ਼ੁਦਾ ਕੈਪਸੂਲਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸੇ ਤਰ੍ਹਾਂ ਥਾਣਾ ਸਦਰ ਰਾਮਪੁਰਾ ਦੇ ਸਹਾਇਕ ਥਾਣੇਦਾਰ ਗੁਰਸੇਵਕ ਸਿੰਘ ਨੇ ਪਿੰਡ ਪੀਰਕੋਟ ਕੋਲੋਂ ਬਲਜੀਤ ਕੌਰ ਵਾਸੀ ਭੈਣੀ ਬਾਘਾ (ਮਾਨਸਾ) ਨੂੰ 14 ਕਿੱਲੋ ਭੁੱਕੀ ਸਮੇਤ ਕਾਬੂ ਕਰਕੇ ਹਵਾਲਾਤ ਵਿਚ ਬੰਦ ਕੀਤਾ ਹੈ। ਥਾਣਾ ਤਲਵੰਡੀ ਸਾਬੋ ਦੀ ਪੁਲਿਸ ਨੇ ਦਾਣਾ ਮੰਡੀ ਖੇਤਰ ਵਿੱਚੋਂ ਦਿਲਜੀਤ ਸਿੰਘ ਅਤੇ ਤਾਰੀ ਸਿੰਘ ਵਾਸੀਆਨ ਤਲਵੰਡੀ ਸਾਬੋ ਨੂੰ 10 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਜਾਂਚ ਅਧਿਕਾਰੀ ਜਗਸੀਰ ਸਿੰਘ ਅਨੁਸਾਰ ਕਥਿਤ ਦੋਸ਼ੀਆਂ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਥਾਣਾ ਰਾਮਾਂ ਦੀ ਪੁਲਿਸ ਨੇ ਪਿਆਰਾ ਸਿੰਘ ਵਾਸੀ ਸਿਰਸਾ ਨੂੰ 60 ਪਾਬੰਦੀਸ਼ੁਦਾ ਕੈਪਸੂਲਾਂ ਅਤੇ ਥਾਣਾ ਨੰਦਗੜ੍ਹ ਦੀ ਪੁਲਿਸ ਨੇ ਰਜਿੰਦਰ ਸਿੰਘ ਵਾਸੀ ਬੰਬੀਹਾ ਨੂੰ 30 ਨਸ਼ੀਲੇ ਕੈਪਸੂਲਾਂ ਸਮੇਤ ਕਾਬੂ ਕੀਤਾ ਹੈ।