ਸਫਾਈ ਸੇਵਕ ਯੂਨੀਅਨ ਦੇ ਸੱਦੇ ’ਤੇ ਹੜਤਾਲ ਸ਼ੁਰੂ
ਸਫਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ ਤਹਿਤ ਕੰਮ ਛੋੜ ਹੜਤਾਲ ਸ਼ੁਰੂ
Publish Date: Wed, 06 May 2026 06:16 PM (IST)
Updated Date: Thu, 07 May 2026 04:08 AM (IST)

ਹਰਮੇਲ ਸਾਗਰ, ਪੰਜਾਬੀ ਜਾਗਰਣ, ਭੁੱਚੋ ਮੰਡੀ : ਸਫਾਈ ਸੇਵਕ ਯੂਨੀਅਨ ਪੰਜਾਬ ਵੱਲੋਂ ਪੰਜਾਬ ਪੱਧਰੀ ਕੰਮ ਛੋੜ ਹੜਤਾਲ ਦੇ ਦਿੱਤੇ ਗਏ ਸੱਦੇ ਤਹਿਤ ਅੱਜ ਭੁੱਚੋ ਮੰਡੀ ਵਿਖੇ ਨਗਰ ਕੌਂਸਲ ਦੇ ਸਫ਼ਾਈ ਕਰਮਚਾਰੀਆਂ ਵੱਲੋਂ ਕੰਮ ਬੰਦ ਕਰਕੇ ਨਗਰ ਕੌਂਸਲ ਦੇ ਦਫਤਰ ਅੱਗੇ ਨਾਅਰੇਬਾਜ਼ੀ ਕੀਤੀ ਗਈ। ਇਸ ਸਬੰਧੀ ਸਫਾਈ ਸੇਵਕ ਯੂਨੀਅਨ ਦੇ ਸਥਾਨਕ ਆਗੂ ਦਿਲਬਾਗ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਦੇ ਖਿਲਾਫ ਇਹ ਅਣਮਿਥੇ ਸਮੇਂ ਲਈ ਕੰਮ ਛੋੜ ਹੜਤਾਲ ਸ਼ੁਰੂ ਕੀਤੀ ਜਾ ਰਹੀ ਹੈ। ਜਿਸ ਵਿਚ ਮਿਊਂਸੀਪਲ ਮੁਲਾਜ਼ਮਾਂ, ਸਫਾਈ ਸੇਵਕਾਂ ਆਦਿ ਦੀਆਂ ਜਾਇਜ਼ ਮੰਗਾਂ ਨੂੰ ਮਨਾਉਣ ਲਈ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ ਪ੍ਰੰਤੂ ਪੰਜਾਬ ਸਰਕਾਰ ਵੱਲੋਂ ਕੋਈ ਵੀ ਹਾਂ ਪੱਖੀ ਹੁੰਗਾਰਾ ਨਹੀਂ ਭਰਿਆ ਜਾ ਰਿਹਾ। ਜਿਸ ਦੇ ਰੋਸ ਵਜੋਂ ਸਫਾਈ ਸੇਵਕ ਯੂਨੀਅਨ ਦੇ ਪੰਜਾਬ ਦੇ ਸੱਦੇ ਤਹਿਤ ਇਹ ਫੈਸਲਾ ਕੀਤਾ ਗਿਆ ਹੈ ਕਿ ਪੰਜਾਬ ਭਰ ਵਿਚ ਸਮੂਹ ਮਿਊਸਪਲ ਮੁਲਾਜ਼ਮ, ਸਫਾਈ ਸੇਵਕਾਂ, ਸੀਵਰੇਜਮੈਨ ਵੱਲੋਂ ਅਣਮਿਥੇ ਸਮੇਂ ਲਈ ਕੰਮ ਛੋੜ ਹੜਤਾਲ ਦਾ ਹਿੱਸਾ ਬਣਿਆ ਜਾਵੇ। ਉਨ੍ਹਾਂ ਕਿਹਾ ਕਿ ਭੁੱਚੋ ਮੰਡੀ ਵਿਖੇ ਅਨੇਕਾਂ ਵਾਰ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ਕੀਤੀ ਜਾ ਚੁੱਕੀ ਹੈ ਪਰ ਗੋਗਲੂਆਂ ਤੋਂ ਮਿੱਟੀ ਝਾੜ ਕੇ ਹੀ ਸਾਰਿਆ ਗਿਆ, ਸਾਡੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ। ਜਥੇਬੰਦੀ ਵੱਲੋਂ ਨਗਰ ਕੌਂਸਲ ਭੁੱਚੋ ਮੰਡੀ ਦੇ ਕਾਰਜ ਸਾਧਕ ਅਫਸਰ ਨੂੰ ਪੱਤਰ ਰਾਹੀਂ ਇਸ ਹੜਤਾਲ ਦੀ ਜਾਣਕਾਰੀ ਵੀ ਦਿੱਤੀ ਗਈ। ਜਾਣਕਾਰੀ ਲੈਣ ਸਬੰਧੀ ਹਲਕਾ ਵਿਧਾਇਕ ਮਾਸਟਰ ਜਗਸੀਰ ਸਿੰਘ ਨਾਲ ਫੋਨ ’ਤੇ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਨਾਲ ਗੱਲ ਨਹੀਂ ਹੋ ਸਕੀ।