ਵਿਅਕਤੀ ਦੀ ਹੱਤਿਆ ਕਰਨ ਵਾਲਾ ਦੋਸ਼ੀ ਕਾਬੂ
ਵਿਅਕਤੀ ਦੀ ਹੱਤਿਆ ਕਰਨ ਵਾਲਾ ਦੋਸ਼ੀ ਗ੍ਰਿਫ਼ਤਾਰ
Publish Date: Wed, 06 May 2026 06:32 PM (IST)
Updated Date: Thu, 07 May 2026 04:09 AM (IST)

ਪੰਜਾਬੀ ਜਾਗਰਣ ਰਿਪੋਰਟਰ, ਬਠਿੰਡਾ : ਜ਼ਿਲ੍ਹੇ ਦੇ ਪਿੰਡ ਬਹਿਮਨ ਕੌਰ ਸਿੰਘ ਦੇ ਨਿਵਾਸੀ ਜੰਟਾ ਸਿੰਘ ਦੀ ਹੱਤਿਆ ਦੇ ਮਾਮਲੇ ਵਿੱਚ ਪੁਲਿਸ ਨੇ ਮੁੱਖ ਦੋਸ਼ੀ ਨੂੰ 24 ਘੰਟਿਆਂ ਦੇ ਅੰਦਰ ਗ੍ਰਿਫ਼ਤਾਰ ਕਰ ਲਿਆ ਹੈ। ਮ੍ਰਿਤਕ ਦੀ ਲਾਸ਼ ਨੂੰ ਸਿਵਲ ਹਸਪਤਾਲ ਮਾਨਸਾ ਵਿੱਚ ਰੱਖਿਆ ਗਿਆ ਸੀ, ਜਿੱਥੇ ਉਸਦੇ ਪੁੱਤਰ ਗੁਰਜਿੰਦਰ ਸਿੰਘ ਦੇ ਬਿਆਨ ਦੇ ਆਧਾਰ ’ਤੇ ਮਾਮਲਾ ਦਰਜ ਕੀਤਾ। ਗੁਰਜਿੰਦਰ ਸਿੰਘ ਨੇ ਦੋਸ਼ ਲਾਇਆ ਕਿ ਪਿੰਡ ਸਿੰਗੋ ਦਾ ਰਹਿਣ ਵਾਲਾ ਗੁਲਾਬ ਸਿੰਘ ਉਰਫ਼ ਸੋਨੀ ਨੇ ਆਪਣੀ ਬੋਲੇਰੋ ਪਿਕਅਪ ਗੱਡੀ ਨਾਲ ਉਸਦੇ ਪਿਤਾ ਜੰਟਾ ਸਿੰਘ ਨੂੰ ਕੁਚਲ ਕੇ ਮਾਰ ਦਿੱਤਾ। ਇਸ ਦੌਰਾਨ ਦੋਸ਼ੀ ਨੇ ਡੋਗਰ ਸਿੰਘ ਤੇ ਸੁਖਦੇਵ ਸਿੰਘ ਨੂੰ ਵੀ ਜਾਨ ਤੋਂ ਮਾਰਨ ਦੀ ਨੀਅਤ ਨਾਲ ਟੱਕਰ ਮਾਰੀ, ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਪੁਲਿਸ ਨੇ ਮਾਮਲਾ ਦਰਜ ਕਰਦੇ ਹੋਏ ਦੋਸ਼ੀ ਗੁਲਾਬ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੋਸ਼ੀ ਦੇ ਕਬਜ਼ੇ ਵਿੱਚੋਂ ਵਾਰਦਾਤ ਵਿੱਚ ਵਰਤੀ ਗਈ ਸਫ਼ੈਦ ਰੰਗ ਦੀ ਬੋਲੇਰੋ ਪਿਕਅਪ ਗੱਡੀ ਵੀ ਬਰਾਮਦ ਕਰ ਲਈ ਹੈ। ਪੁਲਿਸ ਦੇ ਅਨੁਸਾਰ ਦੋਸ਼ੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਹੈ ਤਾਂ ਜੋ ਉਸ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਸਕੇ। ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਦੋਸ਼ੀ ਗੁਲਾਬ ਸਿੰਘ ਨੂੰ ਜ਼ਖ਼ਮੀ ਡੋਗਰ ਸਿੰਘ ਨੇ ਕਿਸੇ ਗੱਲ ਨੂੰ ਲੈ ਕੇ ਫਟਕਾਰ ਲਗਾਈ ਸੀ। ਇਸ ਗੱਲ ਤੋਂ ਨਾਰਾਜ਼ ਹੋ ਕੇ ਦੋਸ਼ੀ ਦੇ ਮਨ ਵਿੱਚ ਰੰਜਿਸ਼ ਪੈਦਾ ਹੋ ਗਈ ਤੇ ਉਸ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਪੁਲਿਸ ਮੁਤਾਬਕ ਦੋਸ਼ੀ ਦਾ ਪਹਿਲਾਂ ਕੋਈ ਅਪਰਾਧਿਕ ਰਿਕਾਰਡ ਨਹੀਂ ਮਿਲਿਆ।