ਮੰਗਾਂ ਨਾ ਮੰਨਣ 'ਤੇ ਸਫ਼ਾਈ ਮੁਲਾਜ਼ਮਾਂ ਨੇ ਕੰਮ-ਕਾਜ ਕੀਤਾ ਠੱਪ
ਮੰਗਾਂ ਨਾ ਮੰਨੇ ਜਾਣ 'ਤੇ ਭੜਕੇ ਸਫ਼ਾਈ ਕਰਮਚਾਰੀ, ਬਠਿੰਡਾ 'ਚ ਕੰਮਕਾਜ ਠੱਪ ਕਰਕੇ ਸਰਕਾਰ ਵਿਰੁੱਧ ਕੱਢੀ ਭੜਾਸ
Publish Date: Wed, 06 May 2026 07:08 PM (IST)
Updated Date: Thu, 07 May 2026 04:11 AM (IST)
ਦੀਪਕ ਸ਼ਰਮਾ, ਪੰਜਾਬੀ ਜਾਗਰਣ, ਬਠਿੰਡਾ
ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਲੈ ਕੇ ਪੰਜਾਬ ਭਰ ਦੇ ਸਫ਼ਾਈ ਸੇਵਕਾਂ ਅਤੇ ਸੀਵਰੇਜ ਕਰਮਚਾਰੀਆਂ ਵੱਲੋਂ ਬੁੱਧਵਾਰ ਨੂੰ ਹੜਤਾਲ ਦਾ ਰਾਹ ਫੜਿਆ ਗਿਆ। ਇਸੇ ਲੜੀ ਤਹਿਤ ਬਠਿੰਡਾ ਵਿੱਚ ਵੀ ਨਗਰ ਨਿਗਮ ਦੇ ਮੁਲਾਜ਼ਮਾਂ ਨੇ ਕੰਮ-ਕਾਜ ਠੱਪ ਰੱਖਿਆ ਅਤੇ ਦਫ਼ਤਰ ਦੇ ਬਾਹਰ ਇਕੱਠੇ ਹੋ ਕੇ ਸੂਬਾ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਹ ਹੜਤਾਲ ‘ਮਿਊਂਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ’ ਅਤੇ ‘ਸਫ਼ਾਈ ਸੇਵਕ ਯੂਨੀਅਨ ਪੰਜਾਬ’ ਦੇ ਸੱਦੇ 'ਤੇ ਕੀਤੀ ਗਈ। ਧਰਨੇ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਸਲਾਹਕਾਰ ਰਾਮਚਰਨ ਤੇ ਹੋਰ ਮੁਲਾਜ਼ਮ ਆਗੂਆਂ ਨੇ ਦੱਸਿਆ ਕਿ ਸਰਕਾਰ ਦੀਆਂ ਮਾਰੂ ਨੀਤੀਆਂ ਕਾਰਨ ਉਨ੍ਹਾਂ ਨੂੰ ਹੜਤਾਲ ਵਰਗਾ ਸਖ਼ਤ ਕਦਮ ਚੁੱਕਣ ਲਈ ਮਜਬੂਰ ਹੋਣਾ ਪਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਸੂਬੇ ਵਿੱਚ ਲਗਭਗ 90 ਫ਼ੀਸਦੀ ਕਰਮਚਾਰੀ ਅਜੇ ਵੀ ਕੱਚੇ ਹਨ, ਜੋ ਨਿਗੂਣੀਆਂ ਤਨਖਾਹਾਂ 'ਤੇ ਗੁਜ਼ਾਰਾ ਕਰ ਰਹੇ ਹਨ। ਆਗੂਆਂ ਨੇ ਕਿਹਾ ਕਿ ਸੱਤਾ ’ਚ ਆਉਣ ਤੋਂ ਪਹਿਲਾਂ ਮੌਜੂਦਾ ਸਰਕਾਰ ਨੇ ਮੁਲਾਜ਼ਮਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਸਨ, ਪਰ ਅੱਜ ਉਨ੍ਹਾਂ ਨੂੰ ਪੂਰੀ ਤਰ੍ਹਾਂ ਵਿਸਾਰ ਦਿੱਤਾ ਹੈ। ਮੁਲਾਜ਼ਮਾਂ ਦੀ ਮੰਗ ਹੈ ਕਿ ਉਨ੍ਹਾਂ ਨੂੰ ਬਿਨਾਂ ਕਿਸੇ ਸ਼ਰਤ ਦੇ ਪੱਕਾ ਕੀਤਾ ਜਾਵੇ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ ਅਤੇ ਹਰ ਮਹੀਨੇ ਤਨਖਾਹ ਦਾ ਭੁਗਤਾਨ ਸਮੇਂ ਸਿਰ ਯਕੀਨੀ ਬਣਾਇਆ ਜਾਵੇ। ਘੱਟੋ-ਘੱਟ ਤਨਖਾਹ 40 ਹਜ਼ਾਰ ਰੁਪਏ ਕਰਨ ਅਤੇ ਡਿਊਟੀ ਦੌਰਾਨ ਮੌਤ ਹੋਣ 'ਤੇ ਪਰਿਵਾਰਕ ਮੈਂਬਰ ਨੂੰ ਤਰਸ ਦੇ ਆਧਾਰ 'ਤੇ ਨੌਕਰੀ ਦੇਣ ਦੀ ਮੰਗ ਵੀ ਪ੍ਰਮੁੱਖਤਾ ਨਾਲ ਚੁੱਕੀ ਗਈ। ਯੂਨੀਅਨ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦ ਕੋਈ ਠੋਸ ਹੱਲ ਨਾ ਕੱਢਿਆ, ਤਾਂ ਇਸ ਅੰਦੋਲਨ ਨੂੰ ਹੋਰ ਵੀ ਤਿੱਖਾ ਕੀਤਾ ਜਾਵੇਗਾ।