ਸੀਐੱਮ ਦੀ ਸ਼ੁਕਰਾਨਾ ਯਾਤਰਾ ਲਈ ਕਿਸਾਨ ਵਿੰਗ ਦੀਆਂ ਤਿਆਰੀਆਂ ਮੁਕੰਮਲ
ਮੁੱਖ ਮੰਤਰੀ ਦੀ ਸ਼ੁਕਰਾਨਾ ਯਾਤਰਾ ਲਈ ਕਿਸਾਨ ਵਿੰਗ ਦੀਆਂ ਤਿਆਰੀਆਂ ਮੁਕੰਮਲ
Publish Date: Thu, 07 May 2026 04:37 PM (IST)
Updated Date: Thu, 07 May 2026 04:38 PM (IST)

- ਪਰਮਜੀਤ ਕੋਟਫੱਤਾ ਦੀ ਅਗਵਾਈ ’ਚ ਹੋਵੇਗਾ ਭਰਵਾਂ ਸਵਾਗਤ ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ ਬਠਿੰਡਾ : ਆਮ ਆਦਮੀ ਪਾਰਟੀ ਦੇ ਕਿਸਾਨ-ਵਿੰਗ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸ਼ੁਕਰਾਨਾ ਯਾਤਰਾ ਨੂੰ ਲੈ ਕੇ ਜ਼ਿਲ੍ਹਾ ਬਠਿੰਡਾ ਵਿਚ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸ ਸਬੰਧੀ ਹਲਕਾ ਬਠਿੰਡਾ-•ਸ਼ਹਿਰੀ ਅਤੇ ਹਲਕਾ ਬਠਿੰਡਾ ਦਿਹਾਤੀ ਦੇ ਕਿਸਾਨ-ਵਿੰਗ ਦੇ ਬਲਾਕ ਪ੍ਰਧਾਨਾਂ ਅਤੇ ਅਹੁਦੇਦਾਰਾਂ ਨਾਲ ਵਿਸ਼ੇਸ਼ ਮੀਟਿੰਗਾਂ ਕੀਤੀਆਂ ਗਈਆਂ। ਇਹ ਮੀਟਿੰਗਾਂ ਕਿਸਾਨ ਵਿੰਗ ਦੇ ਸੂਬਾ ਸਕੱਤਰ ਪਰਮਜੀਤ ਸਿੰਘ ਕੋਟਫੱਤਾ ਦੀ ਅਗਵਾਈ ਹੇਠ ਹੋਈਆਂ, ਜਿਨ੍ਹਾਂ ਵਿਚ ਪਾਰਟੀ ਦੀਆਂ ਆਉਣ ਵਾਲੀਆਂ ਸਰਗਰਮੀਆਂ ਅਤੇ ਸ਼ੁਕਰਾਨਾ ਯਾਤਰਾ ਦੇ ਸਵਾਗਤ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਪਰਮਜੀਤ ਸਿੰਘ ਕੋਟਫੱਤਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਸਮੇਂ ਦੌਰਾਨ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਦੇ ਹਿੱਤਾਂ ਲਈ ਕਈ ਇਤਿਹਾਸਕ ਫ਼ੈਸਲੇ ਕੀਤੇ ਗਏ ਹਨ, ਜਿਸ ਕਾਰਨ ਲੋਕਾਂ ਵਿਚ ਸਰਕਾਰ ਪ੍ਰਤੀ ਭਾਰੀ ਉਤਸ਼ਾਹ ਅਤੇ ਭਰੋਸਾ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸ਼ੁਕਰਾਨਾ ਯਾਤਰਾ ਨੂੰ ਲੋਕਾਂ ਵੱਲੋਂ ਵੱਡਾ ਸਮਰਥਨ ਮਿਲ ਰਿਹਾ ਹੈ ਅਤੇ ਜ਼ਿਲ੍ਹੇ ਵਿਚ ਵੀ ਕਿਸਾਨ-ਵਿੰਗ ਵੱਲੋਂ ਇਸ ਯਾਤਰਾ ਦਾ ਭਰਵਾਂ ਸਵਾਗਤ ਕੀਤਾ ਜਾਵੇਗਾ। ਉਨ੍ਹਾਂ ਬਲਾਕ ਪ੍ਰਧਾਨਾਂ ਅਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਪਿੰਡ ਪੱਧਰ ਤਕ ਲੋਕਾਂ ਨਾਲ ਸੰਪਰਕ ਕਰਕੇ ਸਰਕਾਰ ਦੀਆਂ ਲੋਕ-ਹਿਤੈਸ਼ੀ ਨੀਤੀਆਂ ਅਤੇ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਪਹੁੰਚਾਉਣ। ਇਸ ਦੇ ਨਾਲ ਹੀ ਸ਼ੁਕਰਾਨਾ ਯਾਤਰਾ ਦੌਰਾਨ ਵੱਡੀ ਗਿਣਤੀ ਵਿਚ ਕਿਸਾਨਾਂ ਅਤੇ ਨੌਜਵਾਨਾਂ ਦੀ ਸ਼ਮੂਲੀਅਤ ਯਕੀਨੀ ਬਣਾਈ ਜਾਵੇ। ਮੀਟਿੰਗਾਂ ਵਿਚ ਹਾਜ਼ਰ ਆਗੂਆਂ ਨੇ ਭਰੋਸਾ ਦਿੱਤਾ ਕਿ ਪਾਰਟੀ ਦੀ ਮਜ਼ਬੂਤੀ ਲਈ ਹਰ ਵਰਕਰ ਪੂਰੀ ਤਨਦੇਹੀ ਨਾਲ ਕੰਮ ਕਰੇਗਾ ਅਤੇ ਸ਼ੁਕਰਾਨਾ ਯਾਤਰਾ ਨੂੰ ਕਾਮਯਾਬ ਬਣਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਕਿਸਾਨਾਂ ਦੇ ਹੱਕਾਂ ਲਈ ਹਮੇਸ਼ਾ ਡੱਟ ਕੇ ਆਵਾਜ਼ ਉਠਾਈ ਹੈ ਅਤੇ ਆਉਣ ਵਾਲੇ ਸਮੇਂ ਵਿਚ ਵੀ ਕਿਸਾਨਾਂ ਦੀ ਭਲਾਈ ਲਈ ਵੱਡੇ ਫ਼ੈਸਲੇ ਕੀਤੇ ਜਾਣਗੇ। ਇਸ ਮੌਕੇ ਵੱਖ-ਵੱਖ ਬਲਾਕਾਂ ਦੇ ਕਿਸਾਨ-ਵਿੰਗ ਦੇ ਪ੍ਰਧਾਨ, ਅਹੁਦੇਦਾਰ ਅਤੇ ਵਰਕਰ ਵੱਡੀ ਗਿਣਤੀ ਵਿਚ ਮੌਜੂਦ ਸਨ। ਇਸ ਦੌਰਾਨ ਸੰਗਠਨ ਨੂੰ ਹੋਰ ਮਜ਼ਬੂਤ ਕਰਨ, ਪਿੰਡ ਪੱਧਰ ‘ਤੇ ਵਰਕਰਾਂ ਦੀਆਂ ਜ਼ਿੰਮੇਵਾਰੀਆਂ ਤੈਅ ਕਰਨ ਅਤੇ ਆਉਣ ਵਾਲੇ ਪ੍ਰੋਗਰਾਮਾਂ ਦੀ ਰੂਪ-ਰੇਖਾ ਬਾਰੇ ਵੀ ਚਰਚਾ ਕੀਤੀ ਗਈ।