ਚੋਰੀ ਦੇ ਮੋਟਰਸਾਈਕਲ ਸਮੇਤ ਦੋ ਕਾਬੂ
ਚੋਰੀ ਦੇ ਮੋਟਰਸਾਈਕਲ ਸਮੇਤ ਦੋ ਕਾਬੂ
Publish Date: Thu, 07 May 2026 05:13 PM (IST)
Updated Date: Thu, 07 May 2026 05:14 PM (IST)

ਦੀਪਕ ਸ਼ਰਮਾ, ਪੰਜਾਬੀ ਜਾਗਰਣ, ਬਠਿੰਡਾ : ਪੁਲਿਸ ਵੱਲੋਂ ਚੋਰਾਂ ਅਤੇ ਮਾੜੇ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਥਾਣਾ ਕੈਂਟ ਦੀ ਪੁਲਿਸ ਨੇ ਦੋ ਵਿਅਕਤੀਆਂ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਿਕ ਫੜੇ ਗਏ ਵਿਅਕਤੀ ਮੋਟਰਸਾਈਕਲ ਚੋਰੀ ਕਰਨ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਦੇ ਆਦੀ ਹਨ। ਇਸ ਸਬੰਧੀ ਜਾਂਚ ਅਧਿਕਾਰੀ ਹੌਲਦਾਰ ਸੁਖਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਨੂੰ ਸੂਚਨਾ ਮਿਲੀ ਸੀ ਕਿ ਕੁਝ ਵਿਅਕਤੀ ਚੋਰੀ ਦੇ ਮੋਟਰਸਾਈਕਲ ਸਮੇਤ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਦੀ ਫ਼ਿਰਾਕ ਵਿਚ ਹਨ। ਇਸ ਸੂਚਨਾ ਦੇ ਆਧਾਰ ’ਤੇ ਪੁਲਿਸ ਵੱਲੋਂ ਬੀਬੀ ਵਾਲਾ ਚੌਕ ਦੇ ਨਜ਼ਦੀਕ ਵਿਸ਼ੇਸ਼ ਨਾਕਾਬੰਦੀ ਕੀਤੀ ਗਈ ਸੀ। ਨਾਕੇਬੰਦੀ ਦੌਰਾਨ ਜਦੋਂ ਸ਼ੱਕੀ ਵਿਅਕਤੀਆਂ ਨੂੰ ਰੋਕਿਆ ਗਿਆ ਤਾਂ ਉਨ੍ਹਾਂ ਦੇ ਕਬਜ਼ੇ ਵਿੱਚੋਂ ਚੋਰੀ ਦਾ ਇਕ ਮੋਟਰਸਾਈਕਲ ਬਰਾਮਦ ਹੋਇਆ। ਪੁਲਿਸ ਨੇ ਇਸ ਮਾਮਲੇ ਵਿਚ ਕਥਿਤ ਦੋਸ਼ੀ ਅੰਸ਼ੂ ਕੁਮਾਰ ਵਾਸੀ ਅਜੀਤ ਰੋਡ ਅਤੇ ਚੰਦਨ ਪਾਸਵਾਨ ਵਾਸੀ ਜੁਝਾਰ ਸਿੰਘ ਨਗਰ ਬਠਿੰਡਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਾਂਚ ਅਧਿਕਾਰੀ ਅਨੁਸਾਰ ਇਨ੍ਹਾਂ ਕਥਿਤ ਦੋਸ਼ੀਆਂ ਵਿਰੁੱਧ ਥਾਣਾ ਕੈਂਟ ਬਠਿੰਡਾ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਫਿਲਹਾਲ ਪੁਲਿਸ ਵੱਲੋਂ ਉਕਤ ਵਿਅਕਤੀਆਂ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ ਤਾਂ ਕਿ ਡੁੰਘਾਈ ਨਾਲ ਪੁੱਛਗਿਛ ਕੀਤੀ ਜਾਵੇ ਕਿ ਉਹ ਚੋਰੀ ਦੀਆਂ ਕਿੰਨੀਆਂ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਹਨ ਅਤੇ ਚੋਰੀ ਕੀਤੇ ਹੋਏ ਮੋਟਰਸਾਈਕਲ ਅੱਗੇ ਕਿਸ ਨੂੰ ਵੇਚਦੇ ਸਨ।